ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟ੍ਰੀਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.) ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ,ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਲੋੜੀਂਦੇ ਕਾਰਕੁਨਾਂ ਦੀ ਸੁਰੱਖਿਅਤ ਹਵਾਲਗੀ ਹਾਸਿਲ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਡਿਪੋਰਟ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜਸ ਬਹਿਬਲ, ਵਾਸੀ ਫਰੀਦਕੋਟ ਅਤੇ ਅਜੈ ਸਿੰਘ ਅਤੇ ਪਵਨਦੀਪ ਸਿੰਘ ਵਾਸੀ ਸ੍ਰੀ ਗੰਗਾਨਗਰ, ਰਾਜਸਥਾਨ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮਲੇਸ਼ੀਆ ਤੋਂ ਭਾਰਤ ਲਿਆਂਦੇ ਤਿੰਨਾਂ ਮੁਲਜ਼ਮਾਂ ਨੂੰ ਪੰਜਾਬ ਪੁਲਿਸ ਨੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਅਤੇ ਬਾਅਦ ਵਿੱਚ ਅਗਲੇਰੀ ਜਾਂਚ ਲਈ ਉਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ। ਡੀਜੀਪੀ ਨੇ ਕਿਹਾ ਕਿ ਇਹ ਤਿੰਨੋਂ ਦੋਸ਼ੀ ਮਲੇਸ਼ੀਆ ਸਥਿਤ ਦਵਿੰਦਰ ਬੰਬੀਹਾ ਗੈਂਗ ਦੇ ਮੁੱਖ ਕਾਰਕੁਨ ਹਨ ਅਤੇ ਇਹਨਾਂ ਦੇ ਪਾਕਿਸਤਾਨ ਦੀ ਆਈਐਸਆਈ ਨਾਲ ਵੀ ਸਬੰਧ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਭਗੌੜਿਆਂ ਦੀ ਹਵਾਲਗੀ ਅਤੇ ਗ੍ਰਿਫ਼ਤਾਰੀ ਇੱਕ ਨਿਰੰਤਰ ਖੁਫੀਆ-ਅਗਵਾਈ ਵਾਲੀ ਕਾਰਵਾਈ ਦਾ ਸਿੱਟਾ ਹੈ, ਜੋ ਕਈ ਮਹੀਨਿਆਂ ਤੱਕ ਜਾਰੀ ਰਹੀ, ਜਿਸ ਦੌਰਾਨ ਭਗੌੜਿਆਂ ਦੀਆਂ ਗਤੀਵਿਧੀਆਂ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਸੀ। ਆਈਜੀਪੀ ਨੇ ਦੱਸਿਆ ਕਿ ਦੋਸ਼ੀ ਅਜੈ ਸਿੰਘ ਅਤੇ ਪਵਨਦੀਪ ਸਿੰਘ ਵੀ ਦਵਿੰਦਰ ਬੰਬੀਹਾ ਗੈਂਗ ਦੇ ਮੁੱਖ ਕਾਰਕੁਨ ਹਨ, ਜਿਨ੍ਹਾਂ ਨੇ 2025 ਵਿੱਚ ਆਪਣੇ ਹੋਰ ਕਾਰਕੁਨਾਂ ਨੂੰ ਲੁਧਿਆਣਾ ਸ਼ਹਿਰ ਵਿੱਚ ਹੈਂਡ-ਗ੍ਰੇਨੇਡ ਧਮਾਕਾ ਕਰਨ ਦਾ ਕੰਮ ਸੌਂਪਿਆ ਸੀ। ਹਾਲਾਂਕਿ, ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ 27 ਅਕਤੂਬਰ, 2025 ਨੂੰ ਉਨ੍ਹਾਂ ਦੇ ਦੋ ਸਾਥੀਆਂ ਦੀ ਗ੍ਰਿਫਤਾਰੀ ਨਾਲ ਹਮਲਾ ਟਾਲ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚੀਨ ਦਾ ਬਣਿਆ ਇੱਕ ਪੀ86 ਹੈਂਡ ਗ੍ਰਨੇਡ ਵੀ ਬਰਾਮਦ ਕੀਤਾ ਸੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ, ਪੰਜਾਬ ਪੁਲਿਸ ਨੇ ਵਿਦੇਸ਼ਾਂ ਵਿੱਚ ਬੈਠੇ ਅਪਰਾਧੀਆਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਦੀ ਹਵਾਲਗੀ ਪ੍ਰਕਿਰਿਆ ਵਿੱਚ ਤੇਜੀ ਲਿਆਉਣ ਲਈ ਓ.ਐਫ.ਟੀ.ਈ.ਸੀ. ਦੀ ਸਥਾਪਨਾ ਕੀਤੀ ਹੈ ਤਾਂ ਜੋ ਅਜਿਹੇ ਮੁਲਜ਼ਮਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਪੰਜਾਬ ਵਾਪਸ ਲਿਆਂਦਾ ਜਾ ਸਕੇ।