ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ 5 ਸਤੰਬਰ ਤੋਂ 29 ਨਵੰਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਐਡੀਸ਼ਨ ਕਰਵਾਏਗੀ, ਜਿਸ ਵਿੱਚ ਸਾਰੇ ਉਮਰ ਵਰਗਾਂ ਦੇ 10 ਲੱਖ ਤੋਂ ਵੱਧ ਭਾਗੀਦਾਰਾਂ ਨੂੰ ਸ਼ਾਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਪੰਜਾਬ ਦੇ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਸੇਧਿਤ ਕਰਨ ਦੇ ਉਦੇਸ਼ ਨਾਲ ਇਹ ਸ਼ਾਨਦਾਰ ਖੇਡ ਮੇਲਾ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਉਦਘਾਟਨੀ ਸਮਾਰੋਹ ਨਾਲ ਸ਼ੁਰੂ ਹੋਵੇਗਾ ਅਤੇ ਪਟਿਆਲਾ ਵਿਖੇ ਸਮਾਪਤੀ ਸਮਾਰੋਹ ਨਾਲ ਸਮਾਪਤ ਹੋਵੇਗਾ। ਸਾਲ 2026 ਦੇ ਇਸ ਐਡੀਸ਼ਨ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਖੇਡ ਮਹਾਂਕੁੰਭ ਬਣਾਉਣ ਦੀ ਯੋਜਨਾ ਬਣਾਈ ਗਈ ਹੈ। ਸੋਸ਼ਲ ਮੀਡੀਆ ਐਕਸ ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਲਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਲੜਨ ਲਈ ਖੇਡਾਂ ਨੂੰ ਸਭ ਤੋਂ ਵੱਡਾ ਹਥਿਆਰ ਬਣਾਇਆ ਜਾਵੇਗਾ। ਪੰਜਾਬ ਸਰਕਾਰ ਵੱਲੋਂ 5 ਸਤੰਬਰ ਤੋਂ ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਾਲ 10 ਲੱਖ ਤੋਂ ਵੱਧ ਖਿਡਾਰੀਆਂ ਦੇ ਮੈਦਾਨਾਂ ਵਿੱਚ ਉਤਰਨ ਦੀ ਉਮੀਦ ਹੈ, ਜਦੋਂ ਕਿ ਇਸ ਦਾ ਫਾਈਨਲ 29 ਨਵੰਬਰ ਨੂੰ ਪਟਿਆਲਾ ਵਿਖੇ ਖੇਡਿਆ ਜਾਵੇਗਾ।" ਪੋਸਟ ਦੇ ਅਖ਼ੀਰ ਵਿੱਚ ਉਨ੍ਹਾਂ ਲਿਖਿਆ, “ਪਹਿਲੀ ਵਾਰ ਖੇਡਾਂ ਲਈ 1,794 ਕਰੋੜ ਰੁਪਏ ਦਾ ਵੱਡਾ ਬਜਟ ਰੱਖਿਆ ਗਿਆ ਹੈ। ਪਿੰਡਾਂ ਵਿੱਚ 3,148 ਖੇਡ ਮੈਦਾਨਾਂ ਅਤੇ 6,000 ਜਿੰਮਾਂ ਦੇ ਵਿਕਾਸ ਦੇ ਨਾਲ-ਨਾਲ ਸਪੋਰਟਸ ਮੈਡੀਸਨ ਦੇ ਖੇਤਰ ਵਿੱਚ ਵੀ ਵਿਸ਼ੇਸ਼ ਕੰਮ ਕੀਤਾ ਜਾ ਰਿਹਾ ਹੈ। ਆਓ ਅਸੀਂ ਪੰਜਾਬ ਦੀਆਂ ਤਿੰਨ ਪੀੜ੍ਹੀਆਂ ਨੂੰ ਇੱਕੋ ਮੈਦਾਨ `ਤੇ ਇਕੱਠੇ ਖੇਡਦਿਆਂ ਵੇਖੀਏ ਅਤੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਈਏ।" ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਭਾਗ 5 ਸਤੰਬਰ ਨੂੰ ਸ਼ੁਰੂ ਹੋਵੇਗਾ ਅਤੇ ਇਨ੍ਹਾਂ ਖੇਡਾਂ ਦਾ ਉਦਘਾਟਨ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕੀਤਾ ਜਾਵੇਗਾ। ਇਸ ਨਾਲ ਖੇਡਾਂ ਲਈ ਬਜਟ ਅਲਾਟਮੈਂਟ ਵਿੱਚ ਵਾਧਾ ਕੀਤਾ ਗਿਆ ਅਤੇ ਖਿਡਾਰੀਆਂ ਨੂੰ ਨਕਦ ਇਨਾਮਾਂ ਦੇ ਨਾਲ-ਨਾਲ ਸਿਖਲਾਈ ਅਤੇ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਗਈ।" ਉਨ੍ਹਾਂ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ 1,744 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਸਾਲ 2022 ਤੋਂ ਬਾਅਦ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਭਰ ਦੇ 40,415 ਖਿਡਾਰੀਆਂ ਨੂੰ ਕੁੱਲ 135 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖਿਡਾਰੀਆਂ ਨੂੰ ਤਿਆਰੀ ਲਈ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਓਲੰਪਿਕ ਖੇਡਾਂ ਦੀ ਤਿਆਰੀ ਲਈ 15 ਲੱਖ ਰੁਪਏ ਅਤੇ ਏਸ਼ਿਆਈ ਖੇਡਾਂ ਤੇ ਰਾਸ਼ਟਰਮੰਡਲ ਖੇਡਾਂ ਦੀ ਤਿਆਰੀ ਲਈ 8 ਲੱਖ ਰੁਪਏ ਦਿੱਤੇ ਜਾ ਰਹੇ ਹਨ। ਪੰਜਾਬ ਦੇ ਮੌਜੂਦਾ ਖੇਡ ਸੱਭਿਆਚਾਰ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ, ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਅਤੇ ਭਾਰਤੀ ਬਾਸਕਟਬਾਲ ਟੀਮ ਦੇ ਕਪਤਾਨ ਪਾਲਪ੍ਰੀਤ ਸਿੰਘ ਬਰਾੜ ਸਾਰੇ ਪੰਜਾਬ ਨਾਲ ਸਬੰਧਤ ਹਨ।" ਮੁੱਖ ਮੰਤਰੀ ਨੇ ਕਿਹਾ, “ਆਜ਼ਾਦੀ ਤੋਂ ਬਾਅਦ ਦੇ ਸਮੇਂ ਵਿੱਚ ਪਹਿਲੀ ਵਾਰ ਭਾਰਤ ਨੇ ਏਸ਼ਿਆਈ ਖੇਡਾਂ ਵਿੱਚ 28 ਸੋਨੇ, 38 ਚਾਂਦੀ ਅਤੇ 41 ਕਾਂਸੀ ਦੇ ਤਗ਼ਮੇ ਜਿੱਤ ਕੇ 100 ਤਗ਼ਮਿਆਂ ਦੇ ਜਾਦੂਈ ਅੰਕੜੇ ਨੂੰ ਪਾਰ ਕੀਤਾ। ਏਸ਼ਿਆਈ ਖੇਡਾਂ 2023 ਦੌਰਾਨ 20 ਤਗ਼ਮੇ ਜਿੱਤ ਕੇ ਪੰਜਾਬੀਆਂ ਨੇ ਇਸ ਵਿੱਚ ਵੱਡਾ ਯੋਗਦਾਨ ਪਾਇਆ।" ਬਲਾਕ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਨਵੇਂ ਬਣੇ ਪੇਂਡੂ ਖੇਡ ਮੈਦਾਨਾਂ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਈ ਜਾਵੇਗੀ, ਜਿਸ ਵਿੱਚ ਹਰ ਮੁਕਾਬਲਾ ਲੋਕਾਂ ਨੂੰ ਇਕਜੁੱਟ ਕਰਨ ਲਈ ਕੰਮ ਕਰੇਗਾ, ਜੋ ਸਥਾਨਕ ਲੀਡਰਸ਼ਿਪ, ਓਲੰਪੀਅਨਾਂ, ਜਨਤਕ ਸ਼ਖ਼ਸੀਅਤਾਂ ਅਤੇ ਨੌਜਵਾਨਾਂ ਨੂੰ ਇਕ ਮੰਚ ਉੱਤੇ ਲਿਆਏਗਾ।