ਪਟਿਆਲਾ : ਪੰਜਾਬ ਦੇ ਡਾਇਰੈਕਟਰ ਸੈਂਸਜ ਓਪਰੇਸ਼ਨਜ਼-ਕਮ-ਚੀਫ਼ ਪ੍ਰਿੰਸੀਪਲ ਸੈਂਸਜ ਅਫ਼ਸਰ ਡਾ. ਨਵਜੋਤ ਖੋਸਾ, ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪਟਿਆਲਾ ਵਿੱਚ ਜਨਗਣਨਾ-2027 ਦੇ ਫੇਜ਼-2 (ਜਨਸੰਖਿਆ ਗਣਨਾ) ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਹੋਈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਸਮੇਤ ਸਮੂਹ ਐਸ.ਡੀ.ਐਮਜ਼, ਸਬੰਧਤ ਅਧਿਕਾਰੀ, ਚਾਰਜ ਅਫ਼ਸਰ ਅਤੇ ਜਨਗਣਨਾ ਨਾਲ ਸਬੰਧਤ ਅਮਲਾ ਹਾਜ਼ਰ ਸੀ। ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਧਾਰਤ ਸਮਾਂ-ਸੀਮਾ ਅੰਦਰ ਜਨਗਣਨਾ ਨਾਲ ਸਬੰਧਤ ਸਾਰੇ ਕਾਰਜ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਪਟਿਆਲਾ ਨਾਲ ਨੇੜਲੇ ਤਾਲਮੇਲ ਨਾਲ ਜਨਗਣਨਾ-2027 ਦੇ ਫੇਜ਼-2 ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਜਨਗਣਨਾ-2027 ਦੇ ਫੇਜ਼-2 ਤਹਿਤ ਜਨਸੰਖਿਆ ਗਣਨਾ ਨੂੰ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਸਥਾਰਪੂਰਵਕ ਰੋਡਮੈਪ ’ਤੇ ਵੀ ਚਰਚਾ ਕੀਤੀ ਗਈ। ਇਸ ਮੌਕੇ ਸਮੂਹ ਸਬੰਧਤ ਅਧਿਕਾਰੀਆਂ ਨੂੰ ਆਪਣੇ-ਆਪਣੇ ਪੱਧਰ ’ਤੇ ਲੋੜੀਂਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਗਿਆ।ਇਸ ਮੌਕੇ ਪਹਿਲੇ ਪੜਾਅ ਵਿੱਚ ਬਿਹਤਰੀਨ ਕਾਰਗੁਜ਼ਾਰੀ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।