ਪਟਿਆਲਾ : ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਹਲਕਿਆਂ ਦੇ ਵਪਾਰੀਆਂ ਦੀਆਂ ਸ਼ਿਕਾਇਤਾਂ ਸੰਬਧੀ ਰੀਵਿਊ ਮੀਟਿੰਗ ਕਰਦਿਆਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੇ ਸਟੇਟ ਪ੍ਰੈਜ਼ੀਡੈਂਟ, ਟਰੇਡ ਵਿੰਗ, ਸ੍ਰੀ ਅਨਿਲ ਠਾਕੁਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਲਗਭਗ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਰਹਿੰਦੀਆਂ ਸ਼ਿਕਾਇਤਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਵਾਈਸ ਚੇਅਰਪਰਸਨ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਲਈ 40 ਕਰੋੜ ਰੁਪਏ ਦੇ ਫੰਡ ਮੁਹੱਈਆ ਕਰਵਾਏ ਗਏ ਹਨ, ਜਦਕਿ ਹਰੇਕ ਜ਼ਿਲ੍ਹੇ ਨੂੰ 2 ਕਰੋੜ ਰੁਪਏ ਦਿੱਤੇ ਗਏ ਹਨ। ਜਿਨ੍ਹਾਂ ਹਲਕਿਆਂ ਵਿੱਚ ਪ੍ਰਗਤੀ ਰਿਪੋਰਟ ਤਸੱਲੀਬਖਸ਼ ਨਹੀਂ ਪਾਈ ਗਈ, ਉਨ੍ਹਾਂ ਨੂੰ ਇੱਕ ਮਹੀਨੇ ਦੇ ਅੰਦਰ ਬਕਾਇਆ ਸ਼ਿਕਾਇਤਾਂ ਦਾ ਨਿਪਟਾਰਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ। ਸ੍ਰੀ ਅਨਿਲ ਠਾਕੁਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ।