ਪਟਿਆਲਾ : ਪਟਿਆਲਾ ਨਗਰ ਨਿਗਮ ਦੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਵੱਲੋਂ ਨਗਰ ਨਿਗਮ ਦੇ ਅਕਾਉਂਟਸ ਸ਼ਾਖਾ ਅਤੇ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੇਅਰ ਨੇ ਸਪੱਸ਼ਟ ਹਦਾਇਤਾਂ ਦਿੰਦਿਆਂ ਕਿਹਾ ਕਿ ਨਗਰ ਨਿਗਮ ਵੱਲੋਂ ਕਰਵਾਏ ਜਾਣ ਵਾਲੇ ਕਿਸੇ ਵੀ ਵਿਕਾਸ ਕਾਰਜ ਦੀ ਪੂਰੀ ਜਾਂਚ ਅਤੇ ਥਰਡ ਪਾਰਟੀ ਆਡਿਟ ਤੋਂ ਬਿਨਾਂ ਸਬੰਧਤ ਠੇਕੇਦਾਰ ਨੂੰ ਅਦਾਇਗੀ ਜਾਰੀ ਨਾ ਕੀਤੀ ਜਾਵੇ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਵਿੱਚ ਲੋਕਾਂ ਦੇ ਪੈਸੇ ਨਾਲ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੇਅਰ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਵਿਕਾਸ ਕਾਰਜਾਂ ਦੀ ਨਿਗਰਾਨੀ ਦੌਰਾਨ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਕੰਮ ਦੀ ਪ੍ਰਗਤੀ ਸਬੰਧੀ ਰਿਕਾਰਡ ਨੂੰ ਵੀ ਪਾਰਦਰਸ਼ੀ ਢੰਗ ਨਾਲ ਸੰਭਾਲਿਆ ਜਾਵੇ। ਮੀਟਿੰਗ ਦੌਰਾਨ ਸ਼ਹਿਰ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੇਅਰ ਨੇ ਕਿਹਾ ਕਿ ਨਗਰ ਨਿਗਮ ਦਾ ਮਕਸਦ ਸਿਰਫ਼ ਵਿਕਾਸ ਕਾਰਜ ਕਰਵਾਉਣਾ ਨਹੀਂ, ਸਗੋਂ ਉਨ੍ਹਾਂ ਦੀ ਗੁਣਵੱਤਾ ਅਤੇ ਲੋਕਾਂ ਲਈ ਲੰਬੇ ਸਮੇਂ ਤੱਕ ਉਪਯੋਗਤਾ ਨੂੰ ਯਕੀਨੀ ਬਣਾਉਣਾ ਵੀ ਹੈ।