ਸਨੌਰ : ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਹਲਕਾ ਸਨੌਰ ਦੇ ਲੋਕਾਂ ਨੂੰ ਪੀਣ ਲਈ ਸਾਫ਼ ਪਾਣੀ ਅਤੇ ਪਿੰਡਾਂ ਨੂੰ ਜਾਣ ਵਾਲੀਆਂ ਪੱਕੀਆਂ ਸੜਕਾਂ ਮੁਹੱਈਆ ਨਹੀਂ ਕਰਵਾ ਸਕੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ। ਇਹ ਦੋਸ਼ ਉੱਘੇ ਸਮਾਜ ਸੇਵੀ ਅਤੇ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਰਾਕੇਸ਼ ਬੱਗਾ ਨੇ ਲਗਾਇਆ ਹੈ। ਗੱਲਬਾਤ ਦੌਰਾਨ ਰਾਕੇਸ਼ ਬੱਗਾ ਨੇ ਤੰਦ ਕਸਦਿਆਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ। ਪਰ ਹੁਣ ਸਾਢੇ ਚਾਰ ਸਾਲ ਬਾਅਦ ਵੀ ਹਲਕੇ ਦੇ ਕਈ ਪਿੰਡਾਂ 'ਚ ਪੀਣ ਵਾਲੇ ਪਾਣੀ ਦੀ ਸਮੱਸਿਆ ਜਿਉਂ ਦੀ ਤਿਉਂ ਹੈ। ਪਿੰਡਾਂ ਨਾਲ ਜੋੜਨ ਵਾਲੀਆਂ ਸੜਕਾਂ ਦੀ ਹਾਲਤ ਵੀ ਤਰਸਯੋਗ ਹੈ। ਬਾਰਿਸ਼ ਦੇ ਦਿਨਾਂ 'ਚ ਲੋਕਾਂ ਨੂੰ ਆਉਣ-ਜਾਣ 'ਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਰਫ ਕਾਗਜ਼ਾਂ 'ਤੇ ਵਿਕਾਸ ਦਿਖਾਇਆ ਹੈ, ਜ਼ਮੀਨੀ ਪੱਧਰ 'ਤੇ ਕੁਝ ਨਹੀਂ ਹੋਇਆ। ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਇਸੇ ਲਈ ਉਹ ਅਜ਼ਾਦ ਉਮੀਦਵਾਰ ਵਜੋਂ ਲੋਕਾਂ ਦੇ ਸਾਥ ਨਾਲ ਚੋਣ ਮੈਦਾਨ 'ਚ ਉਤਰਨ ਦੀ ਤਿਆਰੀ ਕਰ ਰਹੇ ਹਨ। ਰਾਕੇਸ਼ ਬੱਗਾ ਨੇ ਕਿਹਾ ਕਿ ਜੇਕਰ ਲੋਕਾਂ ਨੇ ਮੌਕਾ ਦਿੱਤਾ ਤਾਂ ਉਹ ਪਹਿਲ ਦੇ ਆਧਾਰ 'ਤੇ ਹਲਕੇ 'ਚ ਪੀਣ ਵਾਲੇ ਪਾਣੀ, ਸੀਵਰੇਜ, ਸੜਕਾਂ ਅਤੇ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਫਿਲਹਾਲ ਸਨੌਰ ਹਲਕੇ 'ਚ ਰਾਕੇਸ਼ ਬੱਗਾ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਗਰਮੀ ਵਧ ਗਈ ਹੈ। ਆਉਣ ਵਾਲੇ ਸਮੇਂ 'ਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਸਰਕਾਰ ਇਨ੍ਹਾਂ ਦੋਸ਼ਾਂ ਦਾ ਕੀ ਜਵਾਬ ਦਿੰਦੀ ਹੈ।