ਸਨੌਰ : ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਪੰਜਾਬ ਅੰਦਰ ਲਗਾਤਾਰ ਜ਼ੋਰ ਫੜ ਰਿਹਾ ਹੈ। ਇਸੇ ਦੌਰਾਨ ਪੰਥਕ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਮਿਲੇ ਭਰਵੇਂ ਹੁੰਗਾਰੇ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਪ੍ਰਮੁੱਖ ਆਗੂ ਅਤੇ ਕੰਵੇਅਰ ਦੇ ਉਪ-ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਹਮਾਇਤ ਕੀਤੀ ਹੈ।ਬੁਇੰਦਰਜੀਤ ਸਿੰਘ ਸੰਧੂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਜਲਦ ਤੋਂ ਜਲਦ ਪੈਰੋਲ ਦਿੱਤੀ ਜਾਵੇ, ਤਾਂ ਜੋ ਉਹ ਆਪਣੀ ਬਿਮਾਰ ਮਾਤਾ ਨਾਲ ਮੁਲਾਕਾਤ ਕਰ ਸਕਣ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਸਿਹਤ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਘੱਟੋ-ਘੱਟ 10 ਦਿਨ ਦੀ ਪੈਰੋਲ ਦੇਣ ਦੀ ਮੰਗ ਕੀਤੀ ਸੀ, ਤਾਂ ਜੋ ਮਾਂ-ਪੁੱਤ ਦਾ ਮਿਲਾਪ ਸੰਭਵ ਹੋ ਸਕੇ। ਆਪ ਆਗੂ ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਵਿੱਚੋਂ ਜਿਨ੍ਹਾਂ ਨੇ ਕਾਨੂੰਨ ਅਨੁਸਾਰ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨਾਲ ਮਨੁੱਖੀ ਆਧਾਰ ’ਤੇ ਕਾਨੂੰਨ ਅਨੁਸਾਰ ਹੀ ਵਿਵਹਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਹਮਦਰਦੀ ਦੇ ਆਧਾਰ ’ਤੇ ਅਜਿਹੇ ਮਾਮਲਿਆਂ ਵਿੱਚ ਸਰਕਾਰ ਨੂੰ ਹਾਂ-ਪੱਖੀ ਰਵੱਈਆ ਅਪਣਾਉਣਾ ਚਾਹੀਦਾ ਹੈ। ਸੰਧੂ ਨੇ ਕਿਹਾ ਕਿ ਪੰਥਕ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਸਮਰਥਨ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਆਧਾਰ ’ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਪੰਜਾਬ ਦੇ ਵੱਖ-ਵੱਖ ਵਰਗਾਂ ਵੱਲੋਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਮਾਮਲੇ ਵਿੱਚ ਮਨੁੱਖੀ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਜਲਦ ਪੈਰੋਲ ਦੇਣ ਬਾਰੇ ਫ਼ੈਸਲਾ ਲਿਆ ਜਾਵੇ।