ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਮੀਟਿੰਗ ਅੱਜ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਣਜੀਤ ਪਾਲ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਕੀਤੀ ਜਾ ਰਹੀ ਕਾਰਵਾਈ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 54 ਲੰਬਿਤ ਮਾਮਲਿਆਂ ਦੀ ਸਮੀਖਿਆ ਕੀਤੀ ਗਈ, ਜਿਨ੍ਹਾਂ ਵਿੱਚੋਂ 29 ਮਾਮਲੇ ਸਥਾਨਕ ਸਰਕਾਰ ਵਿਭਾਗ ਨਾਲ ਸਬੰਧਤ ਸਨ। ਪਾਣੀ ਦੀ ਨਿਕਾਸੀ/ਵਾਟਰ ਲੌਗਿੰਗ, ਗਰੀਨ ਬੈਲਟਾਂ, ਮਾਰਕੀਟਾਂ ਵਿਚ ਆਵਾਜਾਈ ਚ ਅੜਿੱਕਾ ਬਣਦੇ ਬਿਜਲੀ ਦੇ ਖੰਭੇ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮੁੱਦੇ ਵੀ ਮੀਟਿੰਗ ਵਿੱਚ ਵਿਚਾਰੇ ਗਏ। ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਨਾਲ ਸਬੰਧਤ ਲੰਬਿਤ ਮਾਮਲਿਆਂ ਦਾ ਤਰਜੀਹੀ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿੱਚ ਉਪ ਚੇਅਰਮੈਨ ਸ੍ਰੀ ਤਰਲੋਚਨ ਸਿੰਘ ਬੈਦਵਾਨ, ਮੋਹਾਲੀ ਦੇ ਚੇਅਰਮੈਨ ਸ੍ਰੀ ਅਕਵਿੰਦਰ ਗੋਸਲ, ਖਰੜ ਦੇ ਸ੍ਰੀ ਯਸ਼ਪਾਲ ਬਾਂਸਲ, ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਸ੍ਰੀ ਮਨਪ੍ਰੀਤ ਸਿੰਘ, ਸਥਾਨਕ ਸਰਕਾਰ ਵਿਭਾਗ ਦੇ ਜੁਆਇੰਟ ਡਿਪਟੀ ਡਾਇਰੈਕਟਰ ਸ੍ਰੀ ਵਰਿੰਦਰ ਜੈਨ, ਪੀ ਐਸ ਪੀ ਸੀ ਐਲ ਦੇ ਕਾਰਜਕਾਰੀ ਇੰਜੀਨੀਅਰ ਅਮਨਦੀਪ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਅਧਿਕਾਰੀਆਂ ਨੂੰ 30 ਅਗਸਤ ਤੱਕ ਸਾਰੇ ਲੰਬਿਤ ਮਾਮਲਿਆਂ ’ਤੇ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਅਗਲੇ ਮਹੀਨੇ ਤੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਮੀਟਿੰਗਾਂ ਦਾ ਅਗਲਾ ਦੌਰ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਤੋਂ ਪਹਿਲਾਂ ਸਾਰੇ ਬਕਾਇਆ ਮਾਮਲਿਆਂ ਦੇ ਨਿਪਟਾਰੇ ਲਈ ਵਿਭਾਗਾਂ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਗਿਆ।