ਸੁਨਾਮ : ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਰਾਮ ਸਰੂਪ ਢੈਪਈ ਦੀ ਪ੍ਰਧਾਨਗੀ ਹੇਠ ਸੁਨਾਮ ਵਿਖੇ ਹੋਈ। ਮੀਟਿੰਗ ਵਿੱਚ 27 ਅਗਸਤ ਨੂੰ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈਕੇ ਸਾਰੇ ਸਰਕਾਰੀ ਅਦਾਰਿਆਂ ਨੂੰ ਬੰਦ ਕਰਕੇ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਦੀ ਖਾਤਰ ਕੀਤੇ ਜਾ ਰਹੇ ਸੂਬਾ ਪੱਧਰੀ ਸੰਘਰਸ਼ ਦੀ ਕੜੀ ਵਜੋਂ ਐਸ ਡੀ ਐਮ ਦਫਤਰ ਸੁਨਾਮ ਵਿਖੇ ਕੀਤੀ ਜਾ ਰਹੀ ਰੈਲੀ ਦੀ ਤਿਆਰੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਰੈਲੀ ਨੂੰ ਕਾਮਯਾਬ ਕਰਨ ਲਈ ਮੈਂਬਰਾਂ ਦੀਆਂ ਬਕਾਇਦਾ ਡਿਊਟੀਆਂ ਲਾਈਆਂ ਗਈਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜੀਤ ਸਿੰਘ ਬੰਗਾ, ਜਗਦੇਵ ਸਿੰਘ ਬਾਹੀਆ, ਸੁਰਿੰਦਰ ਸਿੰਘ, ਕ੍ਰਿਸ਼ਨ ਲਾਲ ਬੱਤਰਾ,ਚੇਤ ਰਾਮ ਢਿਲੋਂ,ਸੋਮ ਸਿੰਘ, ਸੁਰੇਸ਼ ਕੁਮਾਰ ਬਾਂਸਲ, ਰਵਿੰਦਰ ਸਿੰਘ, ਦਰਸ਼ਨ ਸਿੰਘ ਥਾਣੇਦਾਰ, ਬਲਵਿੰਦਰ ਸਿੰਘ ਜਿਲੇਦਾਰ,ਪਵਨ ਕੁਮਾਰ ਸ਼ਰਮਾ,ਉਜਾਗਰ ਸਿੰਘ ਜੱਗਾ, ਤਰਸੇਮ ਸਿੰਘ ਮਹਿਰੋਕ, ਬਿਰਜ ਲਾਲ ਧੀਮਾਨ ਨੇ ਸਾਰੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਪੁੱਜਣ ਦੀ ਅਪੀਲ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਮਹਿੰਗਾਈ ਭੱਤੇ ਦਾ ਸਾਰਾ ਬਣਦਾ ਬਕਾਇਆ ਯਕਮੁਸ਼ਤ ਜਾਰੀ ਕੀਤਾ ਜਾਵੇ, ਪੰਜਾਬ ਦੇ ਮੁਲਾਜ਼ਮਾਂ ਤੇ ਲਾਗੂ ਕੀਤੇ ਕੇਂਦਰੀ ਤਨਖਾਹ ਸਕੇਲ ਰੱਦ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ,ਕੱਚੇ ਮੁਲਾਜ਼ਮਾਂ ਅਤੇ ਮਾਣ ਭੱਤੇ ਤੇ ਭਰਤੀ ਕੀਤੇ ਕਾਮੇ ਪੱਕੇ ਕੀਤੇ ਜਾਣ, ਮੈਡੀਕਲ ਭੱਤਾ ਦੁੱਗਣਾ ਕੀਤਾ ਜਾਵੇ। ਮੀਟਿੰਗ ਵਿੱਚ ਪੁੱਜੇ ਸਾਥੀਆਂ ਦਾ ਪ੍ਰਧਾਨ ਰਾਮਸਰੂਪ ਢੈਪਈ ਨੇ ਧੰਨਵਾਦ ਕਰਦਿਆਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਪੁੱਜਣ ਦੀ ਅਪੀਲ ਕੀਤੀ।