ਲੌਂਗੋਵਾਲ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਜਾਗਰੂਕਤਾ ਕੈਂਪਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਪੀ.ਏ.ਯੂ.-ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਪਿੰਡ ਲੌਂਗੋਵਾਲ ਵਿਖੇ ਝੋਨੇ ਅਤੇ ਬਾਸਮਤੀ ਦੀਆਂ ਫ਼ਸਲਾਂ ਵਿੱਚ ਕੀੜੇ-ਮਕੌੜੇ, ਬਿਮਾਰੀਆਂ ਅਤੇ ਖੁਰਾਕ ਸਬੰਧੀ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਡਾ. ਗਰਗ ਨੇ ਝੋਨੇ ਵਿੱਚ ਫੋਕ ਦੀ ਸਮੱਸਿਆ ਨੂੰ ਘਟਾਉਣ ਲਈ ਪੋਟਾਸ਼ੀਅਮ ਨਾਈਟ੍ਰੇਟ ਦੀ ਵਰਤੋਂ ਬਾਰੇ ਵੀ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਗੋਭ ’ਤੇ 1.5 ਫ਼ੀਸਦੀ ਪੋਟਾਸ਼ੀਅਮ ਨਾਈਟ੍ਰੇਟ ਦਾ ਛਿੜਕਾਅ ਕੀਤਾ ਜਾ ਸਕਦਾ ਹੈ। ਝੰਡਾ ਰੋਗ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਉੱਲੀ ਨਾਲ ਹੋਣ ਵਾਲੀ ਬਿਮਾਰੀ ਹੈ, ਜਿਸ ਨਾਲ ਪ੍ਰਭਾਵਿਤ ਬੂਟੇ ਪੀਲੇ ਪੈ ਜਾਂਦੇ ਹਨ ਅਤੇ ਥੱਲੇ ਤੋਂ ਉੱਪਰ ਵੱਲ ਮੁਰਝਾ ਕੇ ਸੁੱਕਣ ਲੱਗ ਪੈਂਦੇ ਹਨ। ਇਸ ਮੌਕੇ ਕਿਸਾਨਾਂ ਨੂੰ ਸਤੰਬਰ ਮਹੀਨੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਇਨ੍ਹਾਂ ਮੇਲਿਆਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਪੇਂਡੂ ਬੱਚਿਆਂ ਲਈ ਯੂਨੀਵਰਸਿਟੀ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਸਰਦੀ ਰੁੱਤ ਦੀਆਂ ਸਬਜ਼ੀਆਂ ਦੀਆਂ ਕਿੱਟਾਂ ਦੀ ਉਪਲੱਬਧਤਾ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ।