ਡੇਰਾਬੱਸੀ, : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਡੇਰਾਬੱਸੀ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੇ ਸੰਘਰਸ਼ ਅਤੇ ਮਹਾਨ ਉਪਦੇਸ਼ਾਂ ਨਾਲ ਸਬੰਧਤ ਕਰੀਬ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਡੇਰਾਬੱਸੀ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਂਦਿਆਂ ਉਨ੍ਹਾਂ ਦੇ ਮਹਾਨ ਜੀਵਨ ਦਰਸ਼ਨ ਅਤੇ ਸਰਬ ਸਾਂਝੇ ਉਪਦੇਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡਾਂ ਵਿੱਚ ਦਸਤਾਵੇਜ਼ੀ ਫਿਲਮ ਦੇ ਪ੍ਰਦਰਸ਼ਨ ਰਾਹੀਂ ਲੋਕਾਂ ਨੂੰ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਡੇਰਾਬੱਸੀ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਵੱਲੋਂ ਇਸ ਦਸਤਾਵੇਜ਼ੀ ਫਿਲਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਪਿੰਡ ਵਾਸੀ ਵੱਡੀ ਗਿਣਤੀ ਫਿਲਮ ਦੇਖਣ ਲਈ ਪੁੱਜ ਰਹੇ ਹਨ। ਸ੍ਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਾਨ ਗੁਰੂਆਂ, ਸੰਤਾਂ ਅਤੇ ਭਗਤਾਂ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ।