ਮੁੱਖ ਮੰਤਰੀ ਸਿਹਤ ਯੋਜਨਾ ਵਿੱਚ 1.25 ਕਰੋੜ ਤੋਂ ਵੱਧ ਲਾਭਪਾਤਰੀ ਸ਼ਾਮਲ; 5.90 ਲੱਖ ਲਾਭਪਾਤਰੀਆਂ ਨੇ ਮੁਫ਼ਤ ਇਲਾਜ ਕਰਵਾਇਆ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਕਾਰ ਦੀਆਂ ਦੋ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀਆਂ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਅਤੇ ਆਮ ਆਦਮੀ ਕਲੀਨਿਕ (ਏਏਸੀ) ਦਾ ਲਾਭ ਸੂਬੇ ਭਰ ਵਿੱਚ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਨੂੰ ਆਪਣੀ ਪਹੁੰਚ ਵਿੱਚ ਤੇਜ਼ੀ ਲਿਆਉਣ ਅਤੇ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਹਰੇਕ ਯੋਗ ਲਾਭਪਾਤਰੀ ਤੱਕ ਇਨ੍ਹਾਂ ਸਿਹਤ ਸੰਭਾਲ ਪਹਿਲਕਦਮੀਆਂ ਦੇ ਲਾਭ ਪਹੁੰਚਣਾ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਸੂਬਾ ਸਰਕਾਰ ਦੀਆਂ ਦੋਵੇਂ ਯੋਜਨਾਵਾਂ ਦੇ ਲਾਗੂਕਰਨ ਅਤੇ ਪ੍ਰਗਤੀ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ 1,090 ਆਮ ਆਦਮੀ ਕਲੀਨਿਕ ਸੂਬੇ ਭਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਜਿਨ੍ਹਾਂ ਵਿੱਚੋਂ 603 ਕਲੀਨਿਕ ਪੇਂਡੂ ਖੇਤਰਾਂ ਵਿੱਚ ਅਤੇ 487 ਸ਼ਹਿਰੀ ਖੇਤਰਾਂ ਵਿੱਚ ਕਾਰਜਸ਼ੀਲ ਹਨ। ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ 6.11 ਕਰੋੜ ਮਰੀਜ਼ ਓਪੀਡੀਜ਼ ਰਾਹੀਂ ਇਲਾਜ ਪ੍ਰਾਪਤ ਕਰ ਚੁੱਕੇ ਹਨ, ਜਿਨ੍ਹਾਂ ਵਿੱਚੋਂ 1.91 ਕਰੋੜ ਮਰੀਜ਼ ਪਹਿਲੀ ਵਾਰ ਮੁਫ਼ਤ ਇਲਾਜ ਪ੍ਰਾਪਤ ਕਰਨ ਲਈ ਕਲੀਨਿਕਾਂ ਵਿੱਚ ਆਏ। ਉਨ੍ਹਾਂ ਅੱਗੇ ਕਿਹਾ ਕਿ ਪ੍ਰਤੀ ਕਲੀਨਿਕ ਰੋਜ਼ਾਨਾ 86 ਓਪੀਡੀਜ਼ ਦੀ ਔਸਤ ਦੇ ਨਾਲ ਰੋਜ਼ਾਨਾ ਲਗਭਗ 93,000 ਮਰੀਜ਼ ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਲਈ ਆਉਂਦੇ ਹਨ।" ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਮਿਲਣ ਵਾਲਾ ਡੇਟਾ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰਚਲਿਤ ਬਿਮਾਰੀਆਂ ਦੇ ਸੰਦਰਭ ਵਿੱਚ ਸਮਝਣ ਵਿੱਚ ਵੀ ਸਹਾਈ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 68 ਫ਼ੀਸਦ ਲਾਭਪਾਤਰੀ ਪੇਂਡੂ ਖੇਤਰਾਂ ਨਾਲ ਸਬੰਧਤ ਹਨ, ਜਦੋਂ ਕਿ ਬਾਕੀ 32 ਫ਼ੀਸਦ ਸ਼ਹਿਰੀ ਖੇਤਰਾਂ ਨਾਲ ਸਬੰਧਤ ਹਨ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।