ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵੱਲੋਂ ਪ੍ਰੋਤਸਾਹਨ ਭੱਤੇ, ਨਵੀਂ ਵਰਦੀ ਅਤੇ ਟੂਰ ਭੱਤੇ ਲਈ ਵਿੱਤ ਮੰਤਰੀ ਦਾ ਧੰਨਵਾਦ
ਮੰਤਰੀ ਹਰਪਾਲ ਸਿੰਘ ਚੀਮਾ ਨੇ ਬਿਜਲੀ ਵਿਭਾਗ ਸਮੇਤ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਕੈਬਨਿਟ ਸਬ-ਕਮੇਟੀ ਦੀਆਂ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਵਿਸ਼ੇਸ਼ ਪ੍ਰੋਤਸਾਹਨ ਭੱਤਾ (ਮਹੀਨੇ ਵਿੱਚ ਵੱਧ ਤੋਂ ਵੱਧ ਚਾਰ ਸੈਸ਼ਨਾਂ ਤੱਕ) ਦੇਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੀਆਂ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ, ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਜਲਦ ਹੱਲ ਕਰਨ ਦੇ ਹੁਕਮ ਦਿੱਤੇ। ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਫੈਸਲੇ ਨਾਲ ਇਨ੍ਹਾਂ ਮੁਲਾਜ਼ਮਾਂ ਦੀ ਮਹੀਨਾਵਾਰ ਆਮਦਨ ਵਿੱਚ ਸਿੱਧੇ ਤੌਰ ’ਤੇ 2,100 ਰੁਪਏ ਤੱਕ ਦਾ ਵਾਧਾ ਹੋਵੇਗਾ।” ਇਨ੍ਹਾਂ ਮੀਟਿੰਗਾਂ ਦੌਰਾਨ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵੱਲੋਂ ਸਰਬਜੀਤ ਕੌਰ, ਸਤਿੰਦਰ ਕੌਰ, ਪ੍ਰਭਦੀਪ ਕੌਰ ਅਤੇ ਅਮਰੀਕ ਸਿੰਘ ਮੋਹਾਲੀ; ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ; ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਵੱਲੋਂ ਕੁਲਜੀਤ ਸਿੰਘ; ਪਾਵਰਕੌਮ ਮੀਟਰ ਰੀਡਰ ਯੂਨੀਅਨ ਆਜ਼ਾਦ ਵੱਲੋਂ ਗੁਰਵਿੰਦਰ ਸਿੰਘ; ਜੀ.ਐਚ.ਟੀ.ਪੀ. ਕੰਟਰੈਕਟਰ ਵਰਕਰਜ਼ ਯੂਨੀਅਨ (ਏਟਕ) ਵੱਲੋਂ ਸੁਖਵਿੰਦਰ ਸਿੰਘ; ਸਾਂਝਾ ਮੋਰਚਾ ਥਰਮਲ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਬਲਵਿੰਦਰ ਸਿੰਘ ਸੈਣੀ; ਜੰਗਲਾਤ ਵਰਕਰਜ਼ ਯੂਨੀਅਨ ਵੱਲੋਂ ਅਮਰੀਕ ਸਿੰਘ, ਜਸਵਿੰਦਰ ਸਿੰਘ, ਅਮਨਦੀਪ ਸਿੰਘ ਅਤੇ ਸੁਲੱਖਣ ਸਿੰਘ, ਅਤੇ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਵੱਲੋਂ ਅਮਰਜੀਤ ਸਿੰਘ, ਧੰਨਾ ਸਿੰਘ, ਗੁਰਧਿਆਨ ਸਿੰਘ, ਰਣਧੀਰ ਸਿੰਘ ਅਤੇ ਕਰਮਜੀਤ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਰੱਖੀਆਂ।