ਅੰਮ੍ਰਿਤਸਰ : ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵੱਲੋਂ ਸੰਤ ਬਾਬਾ ਨੰਦ ਸਿੰਘ ਜੀ ਦੀ ਬਰਸੀ ਅਤੇ ਹਫਤਾਵਾਰੀ ਅੰਮ੍ਰਿਤ ਵੇਲਾ ਕੀਰਤਨ ਸਮਾਗਮ ਗੰਡਾ ਸਿੰਘ ਕਲੋਨੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਹ ਸਮਾਗਮ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਅਤੇ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਵੱਲੋਂ ਕਥਾ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਉਨ੍ਹਾਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਸੱਚ, ਸੇਵਾ, ਸਿਮਰਨ ਅਤੇ ਨਾਮ ਨਾਲ ਜੁੜ ਕੇ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਸੰਗਤਾਂ ਵੱਲੋਂ ਪੂਰੀ ਸ਼ਰਧਾ ਨਾਲ ਗੁਰਬਾਣੀ ਸਰਵਣ ਕੀਤੀ ਗਈ। ਅੰਤ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਸੰਗਤਾਂ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।