ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ ਜੀ ਸੀ ਯੂਨੀਵਰਸਿਟੀ, ਝੰਜੇੜੀ, ਮੋਹਾਲੀ ਵਿਖੇ 8ਵਾਂ ਰਾਜ ਪੱਧਰੀ ਸੈਮੀਨਾਰ ਕਰਵਾਇਆ ਗਿਆ
ਚੰਡੀਗੜ੍ਹ : ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਬਿਜਲੀ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਅੱਜ ਤੋਂ ਕਰੀਬ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ। ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੀ ਜੀ ਸੀ ਯੂਨੀਵਰਸਿਟੀ, ਝੰਜੇੜੀ, ਮੋਹਾਲੀ ਵਿਖੇ ਕਰਵਾਏ ਗਏ 8ਵੇਂ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਦੇ ਅਧਿਆਤਮਿਕ ਅਤੇ ਸਮਾਜਿਕ ਉੱਥਾਨ ਵਿੱਚ ਵੱਡਾ ਯੋਗਦਾਨ ਪਾਇਆ ਅਤੇ ਕਿਰਤ ਦੀ ਮਹੱਤਤਾ ਤੇ ਸਖ਼ਤ ਮਿਹਨਤ ਦੇ ਸਿਧਾਂਤ ਨੂੰ ਪ੍ਰਮੁੱਖਤਾ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਉਸ ਸਮੇਂ ਦੱਬੇ-ਕੁਚਲੇ ਅਤੇ ਕਮਜ਼ੋਰ ਵਰਗਾਂ ਦੇ ਹੱਕ ਵਿੱਚ ਦਲੇਰੀ ਨਾਲ ਆਵਾਜ਼ ਉਠਾਈ, ਜਦੋਂ ਲੋਕਾਂ ਨਾਲ ਜਾਤ ਅਤੇ ਹੋਰ ਸਮਾਜਿਕ ਵਖਰੇਵਿਆਂ ਦੇ ਆਧਾਰ 'ਤੇ ਵਿਤਕਰਾ ਅਤੇ ਬੇਇਨਸਾਫ਼ੀ ਕੀਤੀ ਜਾਂਦੀ ਸੀ। ਸੰਤ ਸਤਵਿੰਦਰ ਹੀਰਾ ਜੀ ਨੇ ਸ੍ਰੀ ਗੁਰੂ ਰਵਿਦਾਸ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮ ਉਲੀਕਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵੀ ਸ਼ਲਾਘਾ ਕੀਤੀ। ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਕਿ ਪੰਜਾਬ ਅਤੇ ਭਾਰਤ ਦੀ ਧਰਤੀ ਮਹਾਨ ਗੁਰੂ ਸਾਹਿਬਾਨ ਅਤੇ ਸੰਤਾਂ ਦੀ ਅਮੀਰ ਵਿਰਾਸਤ ਅਤੇ ਸਿੱਖਿਆਵਾਂ ਦੀ ਧਰੋਹਰ ਪ੍ਰਾਪਤ ਹੋਣ ਕਰਕੇ ਧੰਨ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਡੀਨ ਸਟੂਡੈਂਟ ਵੈਲਫੇਅਰ ਡਾ. ਸਚਿਨ, ਪ੍ਰੋਫੈਸਰ ਅਤੇ ਮੋਡਰੇਟਰ ਡਾ. ਕ੍ਰਿਸ਼ਨਾ, ਉੱਚ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਮਨੀਸ਼ ਕੁਮਾਰ ਅਤੇ ਹੋਰ ਪਤਵੰਤੇ, ਫੈਕਲਟੀ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।