ਕੋਟਕਪੂਰਾ : ਅੱਜ ਸਥਾਨਕ ਲਾਲਾ ਲਾਜਪਤ ਰਾਏ ਮਿਊਸਪਲ ਪਾਰਕ ਵਿੱਚ ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਸਾਂਝਾ ਮੁਲਾਜ਼ਮ ਮੰਚ ਦੇ ਸੱਦੇ 'ਤੇ ਕੋਟਕਪੂਰਾ ਤਹਿਸੀਲ ਦੇ ਸੈਂਕੜੇ ਅਧਿਆਪਕਾਂ, ਆਸ਼ਾ ਵਰਕਰਾਂ, ਮਿਡ ਡੇ ਮੀਲ ਵਰਕਰਾਂ ਅਤੇ ਪੈਨਸ਼ਨਰਾਂ ਨੇ ਰੋਸ ਰੈਲੀ ਕਰਕੇ ਪੰਜਾਬ ਸਰਕਾਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਖਿਲਾਫ ਤਿੱਖੀ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਸ਼ਹਿਰ ਦੇ ਬਜ਼ਾਰਾਂ ਫੌਜੀ ਰੋਡ, ਢੋਡਾ ਚੌਂਕ, ਰੇਲਵੇ ਰੋਡ, ਮਹਿਤਾ ਚੌਂਕ ਤੋਂ ਬੱਤੀਆਂ ਵਾਲੇ ਚੌਂਕ ਤੱਕ ਰੋਸ ਮਾਰਚ ਕਰਨ ਤੋਂ ਬਾਅਦ ਬੱਤੀਆਂ ਵਾਲੇ ਚੈੱਕ ਵਿੱਚ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿਤੀ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਣਦਾ 18 ਫੀਸਦੀ ਡੀ.ਏ. ਨਾ ਦਿੱਤਾ ਗਿਆ, ਪੁਰਾਣੀ ਪੈਨਸ਼ਨ ਸਕੀਮ ਬਹਾਰ ਨਾ ਕੀਤੀ ਗਈ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਗਿਆ ਅਤੇ ਸਕੀਮ ਵਰਕਰਾਂ ਦੀਆਂ ਉਜ਼ਰਤਾਂ ਵਿੱਚ ਢੁੱਕਵਾਂ ਵਾਧਾ ਨਾ ਕੀਤਾ ਗਿਆ, ਮਿਤੀ 15-1-2015 ਦਾ ਮੁੱਢਲੀ ਤਨਖਾਹਾਂ ਤੇ ਭਰਤੀ ਕਰਨ ਸਬੰਧੀ ਪੱਤਰ ਰੱਦ ਨਾ ਕੀਤਾ ਗਿਆ, ਮਿਤੀ 17-7-2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਕੇਂਦਰੀ ਪੈਟਰਨ ਅਨੁਸਾਰ ਤਨਖਾਹਾਂ ਦੇਣ ਦਾ ਪੱਤਰ ਰੱਦ ਨਾ ਕੀਤਾ ਗਿਆ ਅਤੇ ਮਾਨਯੋਗ ਅਦਾਲਤ ਦਾ ਫੈਸਲਾ ਸਹੀ ਦਿਸ਼ਾ ਵਿੱਚ ਲਾਗੂ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਦੌਰਾਨ ਸੰਘਰਸ਼ਾਂ ਦੀ ਰੂਪ ਰੇਖਾ ਹੋਰ ਤਿੱਖੀ ਕੀਤੀ ਜਾਵੇਗੀ। ਇਸ ਦੀ ਸਮੁੱਚੀ ਜ਼ਿੰਮੇਵਾਰੀ ਭਗਵੰਤ ਮਾਨ ਸਰਕਾਰ ਦੀ ਹੋਵੇਗੀ।