ਮੋਰਿੰਡਾ : ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨਾਲ ਸੰਬੰਧਿਤ ਮੰਗਾਂ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਮੋਰਚੇ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਨਾਲ ਲੈਕੇ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਦਲਜੀਤ ਸਿੰਘ ਚਲਾਕੀ ਅਤੇ ਜੋਆਇੰਟ ਸਕੱਤਰ ਗੁਰਚਰਨ ਸਿੰਘ ਢੋਲਣ ਮਾਜਰਾ ਨੇ ਦੱਸਿਆ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਜਿਵੇਂ ਜਮੀਨ ਪੋਲਿੰਗ ਨੀਤੀ ਵਿੱਚ ਸੁਧਾਰ ਕਰਨਾ, ਭਾਰਤ ਅਮਰੀਕਾ ਦੇ ਵਪਾਰਕ ਡੀਲ, ਕਿਸਾਨਾਂ ਮਜ਼ਦੂਰਾਂ ਦੇ ਕਰਜੇ ਮੁਆਫ ਕਰਨਾ, ਦਰਿਆਈ ਪਾਣੀਆਂ ਅਤੇ ਕਿਸਾਨੀ ਨੀਤੀ ਵਿੱਚ ਸੁਧਾਰ ਕਰਨਾ, ਡਾਕਟਰ ਸਵਾਮੀ ਨਾਥਨ ਦੀ ਰਿਪੋਰਟ ਅਨੁਸਾਰ ਜਿਨਸਾਂ ਦੇ ਭਾਅ ਨਿਯੁਕਤ ਕਰਨੇ ਆਦਿ ਮੰਗਾਂ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਏਅਰਪੋਰਟ ਰੋਡ ਮੋਹਾਲੀ ਜਗਤਪੁਰਾ ਲਾਈਟਾਂ ਵਾਲੇ ਚੌਂਕ ਚੰਡੀਗੜ੍ਹ ਵਿਖੇ ਮੋਰਚਾ ਲਾਇਆ ਜਾ ਰਿਹਾ ਹੈ। ਉਸ ਸਬੰਧ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਇਹਨਾਂ ਮੰਗਾਂ ਬਾਰੇ ਜਾਗਰੂਕ ਕੀਤਾ ਗਿਆ। ਉਹਨਾਂ ਦੱਸਿਆ ਕਿ ਮੋਰਿੰਡਾ ਹਲਕੇ ਦੇ ਕਿਸਾਨ ਵੱਡੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਲੈ ਕੇ 1 ਸਤੰਬਰ ਨੂੰ ਸਵੇਰੇ 9 ਵਜੇ ਦਾਣਾ ਮੰਡੀ ਮੋਰਿੰਡਾ ਤੋਂ ਕਾਫਲੇ ਦੀ ਸ਼ਕਲ ਵਿੱਚ ਚੰਡੀਗੜ੍ਹ ਲਈ ਰਵਾਨਾ ਹੋਣਗੇ।
ਨੋਟ- ਲੋਕਾਂ ਨੂੰ ਜਾਗਰਿਤ ਕਰਦੇ ਕਿਸਾਨ ਯੂਨੀਅਨ ਦੇ ਆਗੂ