ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਬੰਧ ਹੇਠ ਚੱਲ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਲੰੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਸਮਾਗਮ ਮਿਤੀ 29 ਅਗਸਤ 2026 ਨੂੰ ਮਾਨਯੋਗ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਦਿਸ਼ਾ-ਨਿਰਦੇਸ਼ਾਂ ਤਹਿਤ ਉਲੀਕਿਆ ਗਿਆ ਹੈ। ਇਸ ਧਾਰਮਿਕ ਸਮਾਗਮ ਦੌਰਾਨ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਸਮੂਹ ਵਿਦਿਆਰਥੀਆਂ ਵੱਲੋਂ ਸੰਗਤੀ ਰੂਪ ਵਿੱਚ ਗੁਰਬਾਣੀ ਦੇ ਪ੍ਰਵਾਹ ਵਜੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾਣਗੇ। ਪਾਠ ਦੀ ਸੰਪੂਰਨਤਾ ਉਪਰੰਤ ਸਮੂਹ ਸੰਗਤ ਵੱਲੋਂ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਜਾਵੇਗੀ ਕਿ ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਜਲਦ ਤੋਂ ਜਲਦ ਰਿਹਾਈ ਯਕੀਨੀ ਹੋ ਸਕੇ। ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਿੱਖ ਪੰਥ ਦੇ ਇਸ ਅਹਿਮ ਅਤੇ ਗੰਭੀਰ ਮਸਲੇ ਪ੍ਰਤੀ ਵਿਦਿਆਰਥੀਆਂ ਅਤੇ ਨੌਜਵਾਨ ਪੀੜ੍ਹੀ ਨੂੰ ਸੁਚੇਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਕੌਮੀ ਵਿਰਾਸਤ ਅਤੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਅਜਿਹੇ ਸਮਾਗਮਾਂ ਦਾ ਮੁੱਖ ਉਦੇਸ਼ ਹੁੰਦਾ ਹੈ। ਕਾਲਜ ਪ੍ਰਬੰਧਕਾਂ ਵੱਲੋਂ ਇਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਕੌਮੀ ਭਾਵਨਾਵਾਂ ਨਾਲ ਜੁੜੇ ਇਸ ਕਾਰਜ ਵਿੱਚ ਸਾਂਝੇ ਤੌਰ ਹਾਜ਼ਰੀ ਭਰੀ ਜਾ ਸਕੇ।