ਮੋਹਾਲੀ/ਡੇਰਾਬਸੀ : ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੌਨੀਟਰ ਡਾ. ਪ੍ਰਦੀਪਤਾ ਕੁਮਾਰ ਨਾਇਕ ਵੱਲੋਂ ਅੱਜ ਡੇਰਾਬਸੀ ਲਾਗੇ ਘੱਗਰ ਕੁਸ਼ਟ ਆਸ਼ਰਮ ਦਾ ਦੌਰਾ ਕੀਤਾ ਗਿਆ। ਉਨ੍ਹਾਂ ਆਸ਼ਰਮ ਵਿੱਚ ਰਹਿ ਰਹੇ ਕੁਸ਼ਟ ਰੋਗ ਤੋਂ ਪੀੜਤ ਵਿਅਕਤੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਲੋੜਾਂ ਅਤੇ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਡਾ. ਨਾਇਕ ਨੇ ਕੁਸ਼ਟ ਰੋਗੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕਰਦਿਆਂ ਉਨ੍ਹਾਂ ਤੋਂ ਸਿਹਤ ਸਹੂਲਤਾਂ, ਦਵਾਈਆਂ, ਰਹਿਣ-ਸਹਿਣ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਕੁਸ਼ਟ ਰੋਗ ਤੋਂ ਪੀੜਤ ਵਿਅਕਤੀਆਂ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਬਰਾਬਰੀ ਦਾ ਮੌਕਾ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ। ਡਾ. ਨਾਇਕ ਨੇ ਮੌਕੇ 'ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੁਸ਼ਟ ਰੋਗ ਤੋਂ ਪੀੜਤ ਵਿਅਕਤੀਆਂ ਨੂੰ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦਿਵਾਉਣ ਲਈ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਹੂਲਤਾਂ ਅਤੇ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਲਈ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਬਣਾਇਆ ਜਾਵੇ।
ਡਾ. ਨਾਇਕ ਨੇ ਆਸ਼ਰਮ ਵਿੱਚ ਉਪਲਬਧ ਸਹੂਲਤਾਂ ਦਾ ਜਾਇਜ਼ਾ ਵੀ ਲਿਆ ਅਤੇ ਸਬੰਧਤ ਅਧਿਕਾਰੀਆਂ ਤੋਂ ਕੁਸ਼ਟ ਰੋਗੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਵਿੱਚ ਕੁਸ਼ਟ ਰੋਗ ਦੀ ਜਲਦ ਪਛਾਣ, ਜਾਂਚ, ਇਲਾਜ ਅਤੇ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਜਾਣੂ ਕਰਵਾਇਆ ਗਿਆ।
ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕੁਸ਼ਟ ਰੋਗੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰਨ ਲਈ ਕਿਹਾ।