ਕੋਟਕਪੂਰਾ : ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਤੇ ਅੱਜ ਕੋਟਕਪੂਰਾ ਤਹਿਸੀਲ ਦੇ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਥਾਨਕ ਲਾਲਾ ਲਾਜਪਤ ਰਾਏ ਮਿਉਂਸਪਲ ਪਾਰਕ ਵਿੱਚ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਉਪ ਮੰਡਲ ਮੈਜਿਸਟਰੇਟ ਦੇ ਦਫਤਰ ਸਾਹਮਣੇ ਮਿਤੀ 27 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਟਵੀਟ ਅਤੇ ਇਸੇ ਹੀ ਦਿਨ ਪ੍ਰਸੋਨਲ ਵਿਭਾਗ ਪੰਜਾਬ ਵੱਲੋਂ ਮੁਲਾਜ਼ਮਾਂ ਨੂੰ ਧਮਕੀ ਦੇਣ ਸਬੰਧੀ ਜਾਰੀ ਕੀਤੇ ਗਏ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਨੂੰ ਸੱਦਾ ਦਿੱਤਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਉਣ ਲਈ ਅੱਜ ਤੋਂ ਹੀ ਕਮਰਕਸੇ ਕੱਸ ਲੈਣ। ਆਗੂਆਂ ਨੇ ਅੱਗੇ ਕਿਹਾ ਕਿ ਕੱਲ੍ਹ ਮਿਤੀ 30 ਅਗਸਤ ਨੂੰ ਸਾਂਝੀ ਤਾਲਮੇਲ ਕਮੇਟੀ ਦੀ ਲੁਧਿਆਣਾ ਵਿਖੇ ਹੋ ਰਹੀ ਸੂਬਾ ਪੱਧਰੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਖਿਲਾਫ ਆਉਣ ਵਾਲੇ ਸਮੇਂ ਦੌਰਾਨ ਤਿੱਖੇ ਸੰਘਰਸ਼ਾਂ ਦੀ ਰੂਪ ਰੇਖਾ ਉਲੀਕੀ ਜਾਵੇਗੀ। ਇਸ ਸਮੇਂ ਭਰਾਤਰੀ ਤੌਰ 'ਤੇ ਪੰਜਾਬ ਸਟੂਡੈਂਟ ਯੂਨੀਅਨ ਦੇ ਆਗੂ ਸੁਖਵੀਰ ਸਿੰਘ ਨੇ ਸੰਬੋਧਨ ਕਰਦਿਆਂ ਮੁਲਾਜ਼ਮ ਅਤੇ ਪੈਨਸ਼ਨਰ ਮੰਗਾਂ ਦੀ ਪੁਰਜੋਰ ਹਮਾਇਤ ਕੀਤੀ।