ਕੋਟਕਪੂਰਾ : ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਅੱਜ ‘ਸਵੱਛ ਸਫਾਈ ਅਭਿਆਨ’ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਨਗਰ ਕੌਂਸਲ ਦੇ ਨੁਮਾਇੰਦਿਆਂ, ਕੌਂਸਲਰਾਂ ਅਤੇ ਸਫਾਈ ਸੇਵਕਾਂ ਨਾਲ ਖੁਦ ਸਫਾਈ ਕਰਦਿਆਂ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਹੋਣ ਅਤੇ ਇਸ ਨੂੰ ਆਪਣੀ ਸਾਂਝੀ ਜ਼ਿੰਮੇਵਾਰੀ ਸਮਝਣ ਦਾ ਸੱਦਾ ਦਿੱਤਾ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ “ਜਿੱਥੇ ਸਫਾਈ, ਓਥੇ ਖੁਦਾਈ”ਦਾ ਸੰਦੇਸ਼ ਹਰ ਵਿਅਕਤੀ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਰੱਬ ਦੀ ਹਰ ਥਾਂ ਮੌਜੂਦਗੀ ਨੂੰ ਮਹਿਸੂਸ ਕਰ ਸਕਦੇ ਹਾਂ ਤਾਂ ਉਸ ਦੀ ਬਣਾਈ ਇਸ ਧਰਤੀ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣਾ ਵੀ ਸਾਡੀ ਪਹਿਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। ਸਪੀਕਰ ਸ ਸੰਧਵਾਂ ਨੇ ਕਿਹਾ ਕਿ ਸਫਾਈ ਦਾ ਸਿੱਧਾ ਸਬੰਧ ਸਾਡੇ ਸਿਹਤਮੰਦ ਜੀਵਨ ਅਤੇ ਵਾਤਾਵਰਣ ਨਾਲ ਹੈ। ਸਾਫ਼-ਸੁਥਰਾ ਵਾਤਾਵਰਣ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਕਰਦਾ ਹੈ, ਸਗੋਂ ਲੋਕਾਂ ਦੀ ਸਿਹਤ ਅਤੇ ਜੀਵਨ ਦੀ ਗੁਣਵੱਤਾ ਨੂੰ ਵੀ ਬਿਹਤਰ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼-ਸੁਥਰਾ ਅਤੇ ਸਿਹਤਮੰਦ ਪੰਜਾਬ ਛੱਡ ਕੇ ਜਾਈਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ‘ਸਵੱਛ ਸਫਾਈ ਅਭਿਆਨ’ ਨੂੰ ਸਿਰਫ਼ ਇੱਕ ਦਿਨ ਦੀ ਗਤੀਵਿਧੀ ਨਾ ਸਮਝਿਆ ਜਾਵੇ, ਸਗੋਂ ਇਸ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਇਆ ਜਾਵੇ। ਇਸ ‘ਸਵੱਛ ਸਫਾਈ ਅਭਿਆਨ’ ਨੂੰ ਪੰਜਾਬ ਭਰ ਵਿੱਚ ਲੋਕ ਲਹਿਰ ਬਣਾਈਏ ਅਤੇ “ਜਿੱਥੇ ਸਫਾਈ, ਓਥੇ ਖੁਦਾਈ”ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਂਦਿਆਂ ਸਾਫ਼-ਸੁਥਰੇ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਈਏ।