ਪਟਿਆਲਾ : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਅੱਜ ਰਾਸ਼ਟਰੀ ਖੇਡ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਵਾਈਸ-ਚਾਂਸਲਰ ਪ੍ਰੋ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ, ਡਾਇਰੈਕਟਰ ਸਪੋਰਟਸ ਡਾ. ਅਮਰਪ੍ਰੀਤ ਸਿੰਘ ਅਤੇ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਦੀ ਪ੍ਰਿੰਸੀਪਲ ਡਾ. ਹਰਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ਵਿਧਾਇਕ ਗੁਰਲਾਲ ਘਨੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਉਲੰਪੀਅਨ ਰੂਪਾ ਸੈਣੀ ਵੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ। ਕੌਮੀ ਖੇਡ ਦਿਵਸ ਦੇ ਮੌਕੇ ਮਹਾਨ ਹਾਕੀ ਜਾਦੂਗਰ ਮੇਜਰ ਧਿਆਨ ਚੰਦ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਉਨ੍ਹਾਂ ਦਾ ਜੀਵਨ ਅਤੇ ਖੇਡ ਪ੍ਰਾਪਤੀਆਂ ਅੱਜ ਵੀ ਦੇਸ਼ ਦੇ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਹਨ। ਖੇਡਾਂ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਸਮਰਪਣ, ਟੀਮ ਭਾਵਨਾ ਅਤੇ ਜੀਵਨ ਵਿੱਚ ਸਫਲਤਾ ਲਈ ਸੰਘਰਸ਼ ਕਰਨ ਦਾ ਜਜ਼ਬਾ ਪੈਦਾ ਕਰਦੀਆਂ ਹਨ। ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਤੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਕੈਂਪਸ ਲਈ ਸ਼ੁਰੂ ਹੋਈ ਮੈਰਾਥਨ/ਕੰਟਰੀ ਦੌੜ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਐਨਸੀਸੀ ਕੈਡਿਟਾਂ ਨੇ ਦੌੜਾਕਾਂ ਦਾ ਸਵਾਗਤ ਕੀਤਾ।