ਭਵਾਨੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਾਤਾਵਰਨ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਭਵਾਨੀਗੜ੍ਹ ਸ਼ਹਿਰ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਚਲਾਈ ਗਈ। ਇਸ ਮੌਕੇ ਵਿਧਾਇਕ ਨੇ ਖੁਦ ਸਫ਼ਾਈ ਅਭਿਆਨ ਵਿੱਚ ਸ਼ਮੂਲੀਅਤ ਕਰਦਿਆਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸਫ਼ਾਈ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਸਹਿਯੋਗ ਦਾ ਭਰੋਸਾ ਵੀ ਦਿੱਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਭਵਾਨੀਗੜ੍ਹ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਕੂੜੇ ਦੇ ਆਰਜ਼ੀ ਡੰਪ ਬਣ ਗਏ ਸਨ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਨਾਗਰਿਕ ਦੇ ਧਿਆਨ ਵਿੱਚ ਕੂੜੇ ਦਾ ਢੇਰ ਜਾਂ ਗੰਦਗੀ ਵਾਲੀ ਕੋਈ ਥਾਂ ਆਉਂਦੀ ਹੈ ਤਾਂ ਉਹ ਤੁਰੰਤ ਨਗਰ ਕੌਂਸਲ ਦੇ ਪ੍ਰਧਾਨ, ਈ.ਓ. ਜਾਂ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ, ਤਾਂ ਜੋ ਸਬੰਧਤ ਥਾਂ ’ਤੇ ਤੁਰੰਤ ਸਫ਼ਾਈ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦਾ ਉਦੇਸ਼ ਸਿਰਫ਼ ਕੂੜਾ ਚੁੱਕਣਾ ਨਹੀਂ, ਬਲਕਿ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਸ਼ਹਿਰ ਵਿੱਚ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ, ਨਗਰ ਕੌਂਸਲ, ਸਫ਼ਾਈ ਕਰਮਚਾਰੀ ਅਤੇ ਸ਼ਹਿਰ ਵਾਸੀ ਮਿਲ ਕੇ ਕੰਮ ਕਰਨ ਤਾਂ ਭਵਾਨੀਗੜ੍ਹ ਨੂੰ ਸਾਫ਼, ਸੁੰਦਰ ਅਤੇ ਸੁਚੱਜਾ ਸ਼ਹਿਰ ਬਣਾਉਣ ਦਾ ਟੀਚਾ ਜ਼ਰੂਰ ਹਾਸਲ ਕੀਤਾ ਜਾ ਸਕਦਾ ਹੈ। ਵਿਧਾਇਕਾ ਭਰਾਜ ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ, ਨਗਰ ਕੌਂਸਲ ਅਤੇ ਸਬੰਧਤ ਟੀਮਾਂ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀਆਂ ਹਨ ਅਤੇ ਅਗਲੇ 10 ਦਿਨਾਂ ਦੌਰਾਨ ਮੁਹਿੰਮ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ।