ਅੰਮ੍ਰਿਤਸਰ : ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ’ਚ ਅਰਦਾਸ ਸਮਾਗਮ ਕਰਵਾਏ ਗਏ। ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਮੂਹ ਵਿਦਿਅਕ ਅਦਾਰਿਆਂ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸੇ ਤਹਿਤ ਹੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ (ਪਟਿਆਲਾ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਵਿਚ ਸ਼ਾਮਲ ਹੋਏ, ਜਦਕਿ ਜਥੇਦਾਰ ਗਿਆਨੀ ਟੇਕ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਰਦਾਸ ਵਿਚ ਸ਼ਮੂਲੀਅਤ ਕੀਤੀ। ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਤੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਤੇ ਭਾਈ ਲਖਵਿੰਦਰ ਸਿੰਘ ਲੱਖਾ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਫੈਡਰੇਸ਼ਨ ਆਗੂ ਸ. ਅਮਰਬੀਰ ਸਿੰਘ ਢੋਟ, ਸ. ਕੁਲਵੰਤ ਸਿੰਘ ਪੰਡੋਰੀ, ਬੰਦੀ ਸਿੰਘਾਂ ਦੇ ਪਰਿਵਾਰਾਂ ਮੈਂਬਰਾਂ ’ਚੋਂ ਬੀਬੀ ਗੁਰਜੀਤ ਕੌਰ ਤੇ ਬੀਬੀ ਸੁਮਨ ਕੌਰ ਸਮੇਤ ਸੰਗਤਾਂ ਹਾਜ਼ਰ ਸਨ।