ਸਨੌਰ : ਲੋੜਵੰਦ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਨੌਰ ਵਿਖੇ 13 ਸਤੰਬਰ ਨੂੰ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਖੂਨਦਾਨ ਕੈਂਪ ਸ਼ਹੀਦ ਊਧਮ ਸਿੰਘ ਪਾਰਕ, ਸਨੌਰ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਸ਼ ਢਿੱਲੋ ਨੇ ਦੱਸਿਆ ਕਿ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਇਲਾਕਾ ਵਾਸੀਆਂ ਵੱਲੋਂ ਖੂਨਦਾਨ ਕਰਨ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਇੱਕ ਮਹਾਨ ਸੇਵਾ ਹੈ, ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। ਇਸ ਲਈ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਮਾਜ ਸੇਵੀ ਉਪਰਾਲੇ ਵਿੱਚ ਸ਼ਾਮਲ ਹੋ ਕੇ ਖੂਨਦਾਨ ਕਰਨਾ ਚਾਹੀਦਾ ਹੈ। ਹਰਸ਼ ਢਿੱਲੋ ਨੇ ਦੱਸਿਆ ਕਿ ਕੈਂਪ ਵਿੱਚ ਅਮਨਦੀਪ ਸਿੰਘ ਅਮਨ ਢੋਟ, ਸੀਨੀਅਰ ਆਗੂ, ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਖੂਨਦਾਨੀਆਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸਮਾਜ ਸੇਵਾ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ ਜਾਵੇਗੀ। ਅਮਨਦੀਪ ਸਿੰਘ ਅਮਨ ਢੋਟ ਨੇ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਅਤੇ ਸਾਡੇ ਵੱਲੋਂ ਦਾਨ ਕੀਤਾ ਗਿਆ ਖੂਨ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਣ ਵਿੱਚ ਸਹਾਈ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਅਜਿਹੇ ਸਮਾਜ ਸੇਵੀ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ 13 ਸਤੰਬਰ ਨੂੰ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਲਗਾਏ ਜਾ ਰਹੇ ਖੂਨਦਾਨ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਖੂਨਦਾਨ ਕਰਨ ਅਤੇ ਇਸ ਨੇਕ ਕਾਰਜ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।