ਖਨੌਰੀ : ਖਨੌਰੀ ਇਲਾਕੇ ਵਿੱਚ ਖੇਤਾਂ ਦੀਆਂ ਮੋਟਰਾਂ ਤੋਂ ਬਿਜਲੀ ਦੀਆਂ ਤਾਂਬੇ ਦੀਆਂ ਤਾਰਾਂ ਚੋਰੀ ਕਰਨ ਦੇ ਕਥਿਤ ਮਾਮਲੇ ਵਿੱਚ ਥਾਣਾ ਖਨੌਰੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਦਕਿ ਇੱਕ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਖ਼ਿਲਾਫ਼ ਧਾਰਾ 303(2) ਬੀਐੱਨਐੱਸ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਚ ਓ ਖਨੌਰੀ ਇੰਸਪੈਕਟਰ ਗੁਰਮੀਤ ਸਿੰਘ ਥਿੰਦ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਖਨੌਰੀ ਦੀ ਪੁਰਾਣੀ ਪਸ਼ੂ ਹੱਡਾ ਰੋੜੀ, ਪੁੱਲ ਭਾਖੜਾ ਨਹਿਰ ਨੇੜੇ ਝਾੜੀਆਂ ਵਿੱਚ ਖੇਤਾਂ ਦੀਆਂ ਮੋਟਰਾਂ ਦੀਆਂ ਤਾਰਾਂ ਨੂੰ ਅੱਗ ਲਗਾ ਕੇ ਉਨ੍ਹਾਂ ਵਿੱਚੋਂ ਤਾਂਬਾ ਕੱਢ ਰਹੇ ਹਨ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਕੀਤੀ। ਪੁਲਿਸ ਨੂੰ ਦਿੱਤੇ ਬਿਆਨ ਅਨੁਸਾਰ ਵਾਰਡ ਨੰਬਰ 13 ਖਨੌਰੀ ਵਾਸੀ ਬਲਕਾਰ ਸਿੰਘ ਅਤੇ ਉਸ ਦੇ ਗੁਆਂਢੀ ਜਗਸੀਰ ਸਿੰਘ ਨੇ ਮੌਕੇ ’ਤੇ ਦੋ ਵਿਅਕਤੀਆਂ ਨੂੰ ਤਾਰਾਂ ਸਾੜਦੇ ਦੇਖਿਆ। ਉਨ੍ਹਾਂ ਨੇ ਦੋਵਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਮੌਕੇ ’ਤੇ ਲੋਕਾਂ ਦਾ ਇਕੱਠ ਹੋ ਗਿਆ। ਇਸ ਦੌਰਾਨ ਮਾਨ ਸਿੰਘ ਵਾਸੀ ਪਿੰਡ ਗੁਲਾਹੜ ਝੋਨੇ ਵਿੱਚੋਂ ਦੀ ਹੁੰਦਾ ਹੋਇਆ ਫਰਾਰ ਹੋ ਗਿਆ, ਜਦਕਿ ਕੁਲਵੰਤ ਰਾਮ ਨੂੰ ਲੋਕਾਂ ਦੀ ਮਦਦ ਨਾਲ ਕਾਬੂ ਕਰ ਲਿਆ ਗਿਆ।ਮੁਲਜ਼ਮ ਨੇ ਪੁੱਛਗਿੱਛ ਦੌਰਾਨ ਕਥਿਤ ਤੌਰ ’ਤੇ ਦੱਸਿਆ ਕਿ ਉਹ ਚੋਰੀ ਕੀਤੀਆਂ ਤਾਰਾਂ ਨੂੰ ਸਾੜ ਕੇ ਉਨ੍ਹਾਂ ਵਿੱਚੋਂ ਤਾਂਬਾ ਕੱਢਦੇ ਸਨ ਅਤੇ ਇਹ ਤਾਂਬਾ ਕਬਾੜੀ ਬੰਟੀ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਵਾਰਡ ਨੰਬਰ
3 ਖਨੌਰੀ ਨੂੰ ਵੇਚਦੇ ਸਨ। ਪੁਲਿਸ ਨੇ ਮਾਮਲੇ ਵਿੱਚ ਬੰਟੀ ਕੁਮਾਰ ਨੂੰ ਵੀ ਨਾਮਜ਼ਦ ਕੀਤਾ ਹੈ। ਕਿਸਾਨਾਂ ਨੇ ਖੇਤਾਂ ਵਿੱਚੋਂ ਮੋਟਰਾਂ ਦੀਆਂ ਤਾਰਾਂ ਚੋਰੀ ਹੋਣ ਦੀਆਂ ਘਟਨਾਵਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਅਤੇ ਅਜਿਹੀਆਂ ਚੋਰੀਆਂ ਨੂੰ ਰੋਕਣ ਲਈ ਢੁੱਕਵੇਂ ਪ੍ਰਬੰਧ ਕਰਨ ਦੀ ਮੰਗ ਕੀਤੀ।ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਫਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਸਬ ਇੰਸਪੈਕਟਰ ਰਘਵੀਰ ਸਿੰਘ ਏਐਸਆਈ ਅਮਨਦੀਪ ਕੌਰ, ਮਨਜਿੰਦਰ ਸਿੰਘ ਅਤੇ ਰਮੇਸ਼ ਕੁਮਾਰ ਹਾਜਰ ਸਨ