ਪਟਿਆਲਾ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ “ਮਿਸ਼ਨ ਕਲੀਨ ਪੰਜਾਬ” ਮੁਹਿੰਮ ਤਹਿਤ ਅੱਜ ਤੀਜੇ ਦਿਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਨੇੜੇ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਕੂੜਾ ਡਸਟਬਿਨ ਵਿੱਚ ਪਾਉਣ ਅਤੇ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਦਾ ਮੰਤਵ ਸਿਰਫ਼ ਸਫ਼ਾਈ ਕਰਨਾ ਹੀ ਨਹੀਂ, ਸਗੋਂ ਲੋਕਾਂ ਵਿੱਚ ਸਫ਼ਾਈ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਪੰਜਾਬ ਨੂੰ ਸਾਫ਼, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਇਸ ਮੁਹਿੰਮ ਦੌਰਾਨ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਨੌਜਵਾਨ ਪੀੜ੍ਹੀ ਨੂੰ ਵਾਤਾਵਰਣ ਅਤੇ ਸਫ਼ਾਈ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਵਿਦਿਆਰਥੀਆਂ ਨੇ ਵੀ ਲੋਕਾਂ ਨੂੰ ਆਲਾ-ਦੁਆਲਾ ਸਾਫ਼ ਰੱਖਣ ਅਤੇ ਸਿੰਗਲ-ਯੂਜ਼ ਪਲਾਸਟਿਕ ਦਾ ਤਿਆਗ ਕਰਨ ਦਾ ਸੁਨੇਹਾ ਦਿੱਤਾ। ਵਿਦਿਆਰਥੀਆਂ ਦੇ ਇਸ ਜਜ਼ਬੇ ਦੀ ਸ਼ਲਾਘਾ ਕਰਦਿਆਂ ਮੰਤਰੀ ਸਾਹਿਬਾਨ ਤੇ ਅਧਿਕਾਰੀਆਂ ਨੇ ਕਿਹਾ ਕਿ ਜਦੋਂ ਬੱਚੇ ਅਤੇ ਨੌਜਵਾਨ ਕਿਸੇ ਸਮਾਜਿਕ ਬਦਲਾਅ ਦੀ ਮੁਹਿੰਮ ਨਾਲ ਜੁੜਦੇ ਹਨ, ਤਾਂ ਉਹ ਮਿਸ਼ਨ ਇੱਕ ਵੱਡੀ ਜਨ-ਲਹਿਰ ਦਾ ਰੂਪ ਧਾਰਨ ਕਰ ਲੈਂਦਾ ਹੈ।