ਮੋਹਾਲੀ : ਡੇਂਗੂ ਦੀ ਰੋਕਥਾਮ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਵੱਖੑਵੱਖ ਜੋਖ਼ਮ ਭਰੇ ਇਲਾਕਿਆਂ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਮੁਹਿੰਮ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਚਲਾਈ ਗਈ, ਜਿਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰਾਂ, ਦੁਕਾਨਾਂ ਅਤੇ ਹੋਰ ਸੰਭਾਵੀ ਥਾਵਾਂ ਦੀ ਜਾਂਚ ਕੀਤੀ। ਚੈਕਿੰਗ ਦੌਰਾਨ ਟੀਮਾਂ ਵੱਲੋਂ ਕੂਲਰਾਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ, ਪੁਰਾਣੇ ਟਾਇਰਾਂ, ਕਬਾੜ ਅਤੇ ਹੋਰ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਜਿੱਥੇ ਵੀ ਡੇਂਗੂ ਦਾ ਲਾਰਵਾ ਮਿਲਿਆ, ਉੱਥੇ ਲਾਰਵੇ ਨੂੰ ਤੁਰੰਤ ਨਸ਼ਟ ਕੀਤਾ ਗਿਆ ਅਤੇ ਲੋਕਾਂ ਨੂੰ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਪੈਦਾ ਨਾ ਹੋਣ ਦੇਣ ਲਈ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਵੀ ਵੱਖੑਵੱਖ ਥਾਵਾਂ ’ਤੇ ਚੈਕਿੰਗ ਕੀਤੀ ਅਤੇ ਸਿਹਤ ਕਰਮਚਾਰੀਆਂ ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਡੇਂਗੂ ਬੁਖ਼ਾਰ ਦੀ ਜਾਂਚ ਅਤੇ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਹੁੰਦਾ ਹੈ।ਵਧੇਰੇ ਜਾਣਕਾਰੀ ਲਈ ਮੈਡੀਕਲ ਹੈਲਪਲਾਈਨ 104 ਉਤੇ ਸੰਪਰਕ ਕੀਤਾ ਜਾ ਸਕਦਾ ਹੈ।