ਸੂਬਾ ਭਰ ਵਿੱਚ ਜਾਗਰੂਕਤਾ ਮੁਹਿੰਮ, ਸੇਵਾ ਕੇਂਦਰਾਂ ਅਤੇ ਡੀ.ਸੀ. ਦਫ਼ਤਰਾਂ ਵਿੱਚ ਲਗਾਈਆਂ ਜਾਣਗੀਆਂ ਸਰਲ ਹਦਾਇਤਾਂ
ਮਾਨ ਸਰਕਾਰ ਵੱਲੋਂ ਪਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪਾਂ, ਹੋਸਟਲਾਂ ਅਤੇ ਭਲਾਈ ਸਕੀਮਾਂ ਦਾ ਹੋਰ ਵਿਸਥਾਰ
ਚੰਡੀਗੜ੍ਹ : ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਬੈਕਵਰਡ ਕਲਾਸ (ਬੀ.ਸੀ.) ਸਰਟੀਫਿਕੇਟਾਂ ਸਬੰਧੀ ਫੈਲੇ ਭਰਮ ਨੂੰ ਦੂਰ ਕਰਨ ਅਤੇ ਹਰ ਯੋਗ ਵਿਅਕਤੀ ਨੂੰ ਉਸ ਦਾ ਬਣਦਾ ਹੱਕ ਯਕੀਨੀ ਬਣਾਉਣ ਲਈ ਸੂਬਾ ਪੱਧਰ 'ਤੇ ਵਿਸ਼ੇਸ਼ ਜਾਗਰੂਕਤਾ ਅਤੇ ਸੁਵਿਧਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਧਿਆਨ ਵਿੱਚ ਇਹ ਗੱਲ ਆਈ ਹੈ ਕਿ ਕਈ ਥਾਵਾਂ 'ਤੇ ਨਿਯਮਾਂ ਦੀ ਗਲਤ ਵਿਆਖਿਆ ਕਾਰਨ ਯੋਗ ਬਿਨੈਕਾਰਾਂ ਨੂੰ ਬੀ.ਸੀ. ਸਰਟੀਫਿਕੇਟ ਜਾਰੀ ਕਰਨ ਵਿੱਚ ਦਿੱਕਤਾਂ ਆ ਰਹੀਆਂ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਨਿਯਮਾਂ ਦੀ ਇੱਕਸਾਰ ਪਾਲਣਾ ਯਕੀਨੀ ਬਣਾਉਣ ਲਈ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸੇਵਾ ਕੇਂਦਰਾਂ, ਡੀ.ਸੀ. ਦਫ਼ਤਰਾਂ ਅਤੇ ਹੋਰ ਸਰਟੀਫਿਕੇਟ ਜਾਰੀ ਕਰਨ ਵਾਲੇ ਕੇਂਦਰਾਂ ਵਿੱਚ ਸਰਲ ਹਦਾਇਤਾਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ। ਸਾਲ 2022 ਤੋਂ ਹੁਣ ਤੱਕ ਆਸ਼ੀਰਵਾਦ ਸਕੀਮ ਤਹਿਤ ਕਰੀਬ 76 ਹਜ਼ਾਰ ਬੀ.ਸੀ. ਲਾਭਪਾਤਰੀਆਂ ਨੂੰ ਲਗਭਗ 391 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਉੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਲੜਕਿਆਂ ਅਤੇ ਲੜਕੀਆਂ ਲਈ 100-100 ਸੀਟਾਂ ਵਾਲੇ ਦੋ ਹੋਸਟਲ ਸਥਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਟਾਪ ਕਲਾਸ ਐਜੂਕੇਸ਼ਨ ਸਕੀਮ ਤਹਿਤ 12 ਨਾਮਵਰ ਸੰਸਥਾਵਾਂ ਵਿੱਚ 210 ਸੀਟਾਂ ਰਾਖਵੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਲਈ ਇਸ ਸਾਲ ਕਰੀਬ 179 ਵਿਦਿਆਰਥੀਆਂ ਨੇ ਅਰਜ਼ੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਟਾਪ ਕਲਾਸ ਸਕੂਲ ਐਜੂਕੇਸ਼ਨ ਸਕੀਮ ਤਹਿਤ ਸੂਚੀਬੱਧ ਸਕੂਲਾਂ ਵਿੱਚ ਪੜ੍ਹ ਰਹੇ ਯੋਗ ਬੀ.ਸੀ. ਵਿਦਿਆਰਥੀਆਂ ਨੂੰ ਨੌਵੀਂ ਅਤੇ ਦਸਵੀਂ ਜਮਾਤ ਲਈ ਲਗਭਗ 75 ਹਜ਼ਾਰ ਰੁਪਏ ਅਤੇ ਗਿਆਰਵੀਂ ਤੇ ਬਾਰ੍ਹਵੀਂ ਜਮਾਤ ਲਈ ਕਰੀਬ 1.25 ਲੱਖ ਰੁਪਏ ਪ੍ਰਤੀ ਸਾਲ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਲਗਭਗ 6,000 ਸਕੂਲਾਂ ਦੀ ਸੂਚੀ ਡਾ. ਭੀਮ ਰਾਓ ਅੰਬੇਡਕਰ ਪੋਰਟਲ 'ਤੇ ਅਪਲੋਡ ਕੀਤੀ ਜਾਵੇਗੀ, ਤਾਂ ਜੋ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਪੂਰੀ ਜਾਣਕਾਰੀ ਇੱਕ ਹੀ ਥਾਂ ਉਪਲਬਧ ਹੋ ਸਕੇ। ਇਸ ਮੌਕੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਸਪੈਸ਼ਲ ਸਕੱਤਰ ਸ੍ਰੀ ਰਵਿੰਦਰ ਸਿੰਘ ਆਈ.ਏ.ਐਸ, ਡਾਇਰੈਕਟਰ ਸ੍ਰੀਮਤੀ ਵਿੰਮੀ ਭੂਲਰ ਆਈ.ਏ.ਐਸ., ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਦੇ ਚੇਅਰਮੈਨ ਸ੍ਰੀ ਮਲਕੀਤ ਸਿੰਘ ਥਿੰਦ, ਸਮਾਜਿਕ ਨਿਆਂ ਵਿਭਾਗ ਦੇ ਨੋਡਲ ਅਫਸਰ ਸ੍ਰੀ ਸੁਖਸਾਗਰ ਸਿੰਘ ਤੋਂ ਇਲਾਵਾ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।