ਅਸੀਂ ਪੰਜਾਬ ਵਿੱਚ ਉਦਯੋਗਿਕ ਵਿਕਾਸ, ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਬਾਰੇ ਵਿਆਪਕ ਚਰਚਾ ਕੀਤੀ: ਭਗਵੰਤ ਸਿੰਘ ਮਾਨ
ਪੰਜਾਬ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਥਿਰਤਾ, ਸਰੋਤ ਦੀ ਸੁਚੱਜੀ ਵਰਤੋਂ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਸਾਫ਼-ਸੁਥਰੀ ਤਕਨਾਲੋਜੀ 'ਤੇ ਧਿਆਨ ਕੇਂਦਰਿਤ ਕੀਤਾ: ਭਗਵੰਤ ਸਿੰਘ ਮਾਨ
ਮਾਲਵਾ, ਖਾਸ ਕਰਕੇ ਸੰਗਰੂਰ ਅਤੇ ਬਰਨਾਲਾ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਦੇ ਯਤਨਾਂ ਵਿੱਚ ਤੇਜ਼ੀ ਲਿਆਓ: ਭਗਵੰਤ ਸਿੰਘ ਮਾਨ
ਪੰਜਾਬ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਰੱਖਿਆ ਨਿਰਮਾਣ ਉਦਯੋਗਾਂ ਵਾਸਤੇ ਵਿਸ਼ੇਸ਼ ਹੁਨਰ ਨਿਰਮਾਣ ਕੇਂਦਰਾਂ ਦੀ ਲੋੜ: ਭਗਵੰਤ ਸਿੰਘ ਮਾਨ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ, ਗਿਆਨ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਰਾਹੀਂ ਬਾਗਬਾਨੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਜਾਣ ਲਈ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਾਸਤੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਮੀਟਿੰਗ ਦੌਰਾਨ ਅਸੀਂ ਪੰਜਾਬ ਵਿੱਚ ਉਦਯੋਗਿਕ ਵਿਕਾਸ, ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਬਾਰੇ ਵਿਆਪਕ ਚਰਚਾ ਕੀਤੀ। ਸਾਡੀ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਕੇਂਦਰ ਬਣਾਉਣ ਅਤੇ ਕਾਰੋਬਾਰਾਂ ਲਈ ਅਨੁਕੂਲ ਮਾਹੌਲ ਸਿਰਜਣ ਵਾਸਤੇ ਲਗਾਤਾਰ ਕੰਮ ਕਰ ਰਹੀ ਹੈ। ਅਸੀਂ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।" ਸੀ.ਆਈ.ਆਈ. ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਸੀ.ਆਈ.ਆਈ. ਦਾ ਮਿਲ ਕੇ ਕੰਮ ਕਰਨਾ ਬੇਹੱਦ ਜ਼ਰੂਰੀ ਹੈ। ਸਾਡਾ ਧਿਆਨ ਸਥਿਰਤਾ, ਸਰੋਤ ਦੀ ਸੁਚੱਜੀ ਵਰਤੋਂ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਸਾਫ਼-ਸੁਥਰੀ ਤਕਨਾਲੋਜੀ 'ਤੇ ਹੋਣਾ ਚਾਹੀਦਾ ਹੈ, ਜਿਸ ਨਾਲ ਇੱਕ ਪਾਸੇ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਦੂਜੇ ਪਾਸੇ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਇਆ ਜਾਵੇਗਾ।" ਮੁੱਖ ਮੰਤਰੀ ਨੇ ਸੀ.ਆਈ.ਆਈ. ਨੂੰ ਮਾਲਵਾ ਖੇਤਰ, ਵਿਸ਼ੇਸ਼ ਤੌਰ ‘ਤੇ ਸੰਗਰੂਰ ਅਤੇ ਬਰਨਾਲਾ, ਜਿੱਥੇ ਝੋਨੇ ਦੀ ਪਰਮਲ ਕਿਸਮ ਦੀ ਖੇਤੀ ਹੁੰਦੀ ਹੈ, ਤੋਂ ਇਲਾਵਾ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਵੀ ਫ਼ਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਦੇ ਯਤਨਾਂ ਨੂੰ ਵਧਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ, “ਪੰਜਾਬ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਟਿਕਾਊ ਅਤੇ ਤਕਨਾਲੋਜੀ-ਆਧਾਰਤ ਹੱਲ ਅਪਣਾਉਣ ਲਈ ਵਚਨਬੱਧ ਹੈ। ਸਰਕਾਰ, ਉਦਯੋਗ ਅਤੇ ਹੋਰ ਭਾਈਵਾਲਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਵਿਹਾਰਕ, ਸਸਤੇ ਅਤੇ ਪ੍ਰਭਾਵਸ਼ਾਲੀ ਹੱਲ ਮਿਲ ਸਕਣ ਅਤੇ ਸੂਬਾ ਸਾਫ਼ ਅਤੇ ਸਵੱਛ ਭਵਿੱਖ ਵੱਲ ਮਜ਼ਬੂਤੀ ਨਾਲ ਅੱਗੇ ਵਧ ਸਕੇ।” ਮੁੱਖ ਮੰਤਰੀ ਨੇ ਸੀ.ਆਈ.ਆਈ. ਐਗਰੋ ਟੈਕ ਇੰਡੀਆ 2026 ਦੌਰਾਨ 'ਵਰਲਡ ਹੌਰਟੀਕਲਚਰ ਸੈਂਟਰ' ਦੇ ਭਾਰਤ ਦੌਰੇ ਨੂੰ ਸੁਚਾਰੂ ਬਣਾਉਣ ਲਈ ਸੀ.ਆਈ.ਆਈ. ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕਾਰੋਬਾਰ ਕਰਨ ਦੀ ਸੌਖ ਵਿੱਚ ਸੁਧਾਰ ਕਰਨ, ਲਾਗਤਾਂ ਘਟਾਉਣ ਅਤੇ ਸੂਬੇ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਆਧੁਨਿਕ ਅਤੇ ਯੋਜਨਾਬੱਧ ਬੁਨਿਆਦੀ ਢਾਂਚਾ ਬਹੁਤ ਜ਼ਰੂਰੀ ਹੈ। ਜਿਸ ਦਾ ਸਾਂਝਾ ਉਦੇਸ਼ ਟਿਕਾਊ ਵਿਕਾਸ ਨੂੰ ਹੁਲਾਰਾ ਦੇਣਾ ਅਤੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ ਸੀ।