ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨਾਂ ਨੂੰ ਭਰੋਸਾ-ਹਰ ਜਾਇਜ਼ ਮੰਗ ਦਾ ਕਾਨੂੰਨ ਅਤੇ ਨੀਤੀ ਅਨੁਸਾਰ ਕੀਤਾ ਜਾਵੇਗਾ ਨਿਪਟਾਰਾ
ਚੰਡੀਗੜ੍ਹ : ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਵਿੱਚ ਕੀਤੀ ਜਾ ਰਹੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਨਿਆਂ ਨੂੰ ਮਜ਼ਬੂਤ ਕਰਨ, ਸੰਵਿਧਾਨਕ ਹੱਕਾਂ ਦੀ ਰਾਖੀ ਕਰਨ ਅਤੇ ਹਰ ਵਰਗ ਨੂੰ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਲਈ ਦ੍ਰਿੜ੍ਹ ਸੰਕਲਪ ਨਾਲ ਕੰਮ ਕਰ ਰਹੀ ਹੈ, ਤਾਂ ਜੋ ਸਮਾਵੇਸ਼ੀ ਅਤੇ ਖੁਸ਼ਹਾਲ 'ਰੰਗਲਾ ਪੰਜਾਬ' ਦੀ ਸਿਰਜਣਾ ਕੀਤੀ ਜਾ ਸਕੇ। ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਜੀਤ ਕੌਰ ਨੇ ਲੈਕਚਰਾਰ ਭਰਤੀ ਵਿੱਚ ਰਾਖਵੇਂ ਹਿੱਸੇ ਅਤੇ ਹੋਰ ਮੰਗਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਦੁਹਰਾਇਆ ਕਿ ਲੋਕਾਂ ਦੇ ਭਰੋਸੇ 'ਤੇ ਖਰਾ ਉਤਰਨਾ ਅਤੇ ਹਰ ਹੱਕਦਾਰ ਨੂੰ ਇਨਸਾਫ਼ ਦਿਵਾਉਣਾ ਪੰਜਾਬ ਸਰਕਾਰ ਦੀ ਸਰਵੋਚ ਤਰਜੀਹ ਹੈ। ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਆਈ.ਏ.ਐਸ, ਸਪੈਸਲ ਸਕੱਤਰ ਸ੍ਰੀ ਰਵਿੰਦਰ ਸਿੰਘ ਆਈ.ਏ.ਐਸ., ਡਾਇਰੈਕਟਰ ਸ੍ਰੀਮਤੀ ਵਿੰਮੀ ਭੂੱਲਰ ਆਈ.ਏ.ਐਸ., ਸਿਖਿਆ ਵਿਭਾਗ ਦੇ ਡਾਇਰੈਕਟਰ ਸ੍ਰੀ ਸਕਤਰ ਸਿੰਘ ਬਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
__