3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚਾਰੋਂ ਸ਼ੋਭਾ ਯਾਤਰਾਵਾਂ ਦੇ ਪਹੁੰਚਣ ਉਪਰੰਤ ਹੋਣਗੇ ਵਿਸ਼ਾਲ ਸਮਾਗਮ: ਚੀਮਾ
4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਹੋਣਗੇ ਆਰੰਭ; 6 ਦਸੰਬਰ ਨੂੰ ਪੈਣਗੇ ਭੋਗ
ਚੰਡੀਗੜ੍ਹ : ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਗਾਮੀ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੀ ਲੜੀ ਵਜੋਂ ਦੇਸ਼ ਭਰ ਦੇ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਅਸਥਾਨਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨ ਵਾਲੀਆਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢਣ ਦਾ ਫ਼ੈਸਲਾ ਕੀਤਾ ਹੈ। ਇਸ ਦਾ ਐਲਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੀਤਾ। ਪੰਜਾਬ ਭਵਨ ਵਿਖੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਵਿਸ਼ਾਲ ਧਾਰਮਿਕ ਜਲੂਸਾਂ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਰਬਸਾਂਝੇ ਸੰਦੇਸ਼ ਅਤੇ ਪਵਿੱਤਰ ਬਾਣੀ ਦਾ ਪ੍ਰਸਾਰ ਕਰਨਾ ਹੈ, ਤਾਂ ਜੋ ਅਗਲੇ ਸਾਲ ਫਰਵਰੀ ਵਿੱਚ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਨੂੰ ਸ਼ਰਧਾ ਅਤੇ ਆਪਸੀ ਸਦਭਾਵਨਾ ਦੇ ਸੂਤਰ ਵਿੱਚ ਪਰੋਇਆ ਜਾ ਸਕੇ। ਸੂਬੇ ਭਰ ਵਿੱਚ ਪਹਿਲਾਂ ਤੋਂ ਚੱਲ ਰਹੇ ਪ੍ਰੋਗਰਾਮਾਂ ਬਾਰੇ ਵਿਸਥਾਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਾਲ ਸ਼ੁਰੂ ਕੀਤੇ ਗਏ ਰੋਡਮੈਪ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਫਲਸਫੇ ਅਤੇ ਸਿੱਖਿਆਵਾਂ ਦੇ ਪ੍ਰਚਾਰ ਲਈ ਸ਼ਹਿਰਾਂ ਅਤੇ ਪੇਂਡੂ ਖੇਤਰਾਂ ਵਿੱਚ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਅੱਜ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਤੈਅ ਕੀਤੇ ਗਏ ਰੂਟਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ, "ਪਹਿਲੀ ਸ਼ੋਭਾ ਯਾਤਰਾ 30 ਨਵੰਬਰ ਨੂੰ ਪਵਿੱਤਰ ਸ਼ਹਿਰ ਵਾਰਾਣਸੀ (ਕਾਸ਼ੀ) ਤੋਂ ਸ਼ੁਰੂ ਹੋਵੇਗੀ ਅਤੇ ਕਾਨਪੁਰ, ਦਿੱਲੀ, ਅੰਬਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਅਤੇ ਰੂਪਨਗਰ ਤੋਂ ਹੁੰਦੀ ਹੋਈ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗੀ।" ਵਿੱਤ ਮੰਤਰੀ ਨੇ ਅੱਗੇ ਕਿਹਾ, "ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚਾਰੋਂ ਸ਼ੋਭਾ ਯਾਤਰਾਵਾਂ ਦੇ ਪਹੁੰਚਣ ਤੋਂ ਬਾਅਦ, ਮੁੱਖ ਧਾਰਮਿਕ ਸਮਾਗਮਾਂ ਦੀ ਰਸਮੀ ਸ਼ੁਰੂਆਤ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ।" ਉਨ੍ਹਾਂ ਦੱਸਿਆ, "ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਪਵਿੱਤਰ ਸਿੱਖਿਆਵਾਂ ਅਤੇ ਵਿਰਾਸਤ ਨੂੰ ਸਮਰਪਿਤ ਇਨ੍ਹਾਂ ਸ਼ਰਧਾਮਈ ਸਮਾਗਮਾਂ ਦੇ ਪਹਿਲੇ ਪੜਾਅ ਦੀ ਸਮਾਪਤੀ 6 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਵੇਗੀ।"