ਸਿੱਖਿਆ ਵਿਭਾਗ ਨੂੰ ਬਕਾਇਆ ਭਰਤੀਆਂ, ਬਦਲੀਆਂ ਅਤੇ ਤਨਖਾਹ ਨਾਲ ਸਬੰਧਤ ਮੁੱਦਿਆਂ ਨੂੰ ਤੇਜ਼ੀ ਨਾਲ ਨਿਪਟਾਉਣ ਦੇ ਹੁਕਮ: ਚੀਮਾ
ਚੰਡੀਗੜ੍ਹ : ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿੱਖਿਆ ਖੇਤਰ ਦੀਆਂ 10 ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਬਿਜਲੀ ਵਿਭਾਗ ਦੇ ਥਰਮਲ ਪਲਾਂਟ ਕਰਮਚਾਰੀ ਸੰਘ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਵੱਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ਅਤੇ ਮੰਗਾਂ 'ਤੇ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਅਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਪ੍ਰਮੁੱਖ ਮੰਗਾਂ ਨਵੀਂਆਂ ਭਰਤੀਆਂ, ਬਦਲੀਆਂ ਅਤੇ ਤਨਖਾਹ ਢਾਂਚੇ ਦੀ ਸੋਧ ਨਾਲ ਸਬੰਧਤ ਸਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਆਗੂਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ, “ਭਗਵੰਤ ਮਾਨ ਸਰਕਾਰ ਨੇ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ ਅਤੇ ਅਰਜ਼ੀਆਂ ਦੀ ਮੰਗ ਕਰਨ ਸੰਬੰਧੀ ਇਸ਼ਤਿਹਾਰ ਜਲਦ ਹੀ ਜਾਰੀ ਕਰ ਦਿੱਤੇ ਜਾਣਗੇ।” ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੀਆਂ ਲੋੜੀਂਦੀਆਂ ਪ੍ਰਕਿਰਿਆਵਾਂ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਅਤੇ ਹਦਾਇਤ ਕੀਤੀ ਕਿ ਜਿਨ੍ਹਾਂ ਮਾਮਲਿਆਂ ਵਿੱਚ ਕੈਬਨਿਟ ਦੀ ਪ੍ਰਵਾਨਗੀ ਦੀ ਲੋੜ ਹੈ, ਉਨ੍ਹਾਂ ਨੂੰ ਤੁਰੰਤ ਅੱਗੇ ਭੇਜਿਆ ਜਾਵੇ। ਭਰਤੀਆਂ ਦੇ ਬੈਕਲਾਗ ਦੇ ਮੁੱਦੇ 'ਤੇ ਗੱਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਸਮਾਜਿਕ ਸੁਰੱਖਿਆ, ਖੇਡਾਂ, ਰੱਖਿਆ ਸੇਵਾਵਾਂ ਭਲਾਈ ਅਤੇ ਪ੍ਰਸੋਨਲ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਕੇ ਲੰਬਿਤ ਪਏ ਮਾਮਲਿਆਂ ਦਾ ਛੇਤੀ ਹੱਲ ਕੱਢਣ ਦੇ ਨਿਰਦੇਸ਼ ਦਿੱਤੇ। ਥਰਮਲ ਪਲਾਂਟ ਕਰਮਚਾਰੀ ਸੰਘ ਦੇ ਵਫ਼ਦ ਨਾਲ ਇੱਕ ਵੱਖਰੀ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਲਈ ਕਿਹਾ। ਇਨ੍ਹਾਂ ਮੀਟਿੰਗਾਂ ਵਿੱਚ ਵੱਖ-ਵੱਖ ਯੂਨੀਅਨ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਆਪਣੀਆਂ ਮੰਗਾਂ ਪੇਸ਼ ਕੀਤੀਆਂ।