ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਭੰਡਿਆ
ਸੁਨਾਮ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਮੋਹਨਜੀਤ ਸਿੰਘ ਸ਼ੇਰੋਂ ਅਤੇ ਗੁਲਜ਼ਾਰ ਸਿੰਘ ਤੂਰ ਬਨਜਾਰਾ ਦੀ ਖੁਦਕੁਸ਼ੀ ਦੇ ਮਾਮਲਿਆਂ ਨੂੰ ਲੈਕੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਗਾਏ ਹਨ। ਪੀੜਤ ਪਰਿਵਾਰਾਂ ਲਈ ਤੁਰੰਤ ਇਨਸਾਫ਼ ਦੀ ਮੰਗ ਕਰਦਿਆਂ ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ, ਉਨ੍ਹਾਂ ਦੀ ਪਾਰਟੀ ਚੁੱਪ ਨਹੀਂ ਬੈਠੇਗੀ। ਸੋਮਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੋਹਨਜੀਤ ਅਤੇ ਗੁਲਜ਼ਾਰ ਸਿੰਘ ਦੇ ਮਾਮਲਿਆਂ ਵਿੱਚ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ। ਸਿਮਰਨਜੀਤ ਸਿੰਘ ਮਾਨ ਨੇ ਪ੍ਰਸ਼ਾਸਨ ਦੇ ਕੰਮਕਾਜ 'ਤੇ ਸਖ਼ਤ ਇਤਰਾਜ਼ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਢਿੱਲ-ਮੱਠ ਵਰਤ ਰਿਹਾ ਹੈ, ਜਿਸ ਕਾਰਨ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਮਾਨ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਏ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ 'ਤੇ ਸੰਘਰਸ਼ ਜਾਰੀ ਰੱਖੇਗੀ।
ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦਾ ਹਵਾਲਾ ਦਿੰਦੇ ਹੋਏ, ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਪੂਰੀ ਤਰ੍ਹਾਂ ਖੋਲ੍ਹਿਆ ਜਾਣਾ ਚਾਹੀਦਾ ਹੈ। ਉਨ੍ਹਾਂ ਸ਼ਰਧਾਲੂਆਂ ਲਈ ਗੁੰਝਲਦਾਰ ਕਾਗਜ਼ੀ ਕਾਰਵਾਈ ਅਤੇ ਪਾਬੰਦੀਆਂ ਨੂੰ ਹਟਾਉਣ ਦੀ ਮੰਗ ਕੀਤੀ, ਤਾਂ ਜੋ ਹਰ ਸ਼ਰਧਾਲੂ ਬਿਨਾਂ ਕਿਸੇ ਮੁਸ਼ਕਲ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕੇ ਅਤੇ ਮੱਥਾ ਟੇਕ ਸਕੇ।
ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਮਾਨ ਨੇ ਦੋਸ਼ ਲਾਇਆ ਕਿ ਸਰਕਾਰ ਜਾਣਬੁੱਝ ਕੇ ਸਿੱਖ ਆਗੂਆਂ ਅਤੇ ਸਮਰਥਕਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀ ਰਾਏ ਰੱਖਣ ਅਤੇ ਵਿਚਾਰ ਪ੍ਰਗਟਾਉਣ ਦਾ ਸੰਵਿਧਾਨਕ ਅਧਿਕਾਰ ਹੈ, ਉੱਥੇ ਕੇਂਦਰ ਸਰਕਾਰ ਦਮਨਕਾਰੀ ਨੀਤੀਆਂ ਰਾਹੀਂ ਸਿੱਖ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਅਜਿਹੇ ਵਰਤਾਰੇ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਆਖਿਆ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ। ਲੋਕ ਝਾੜੂ ਦੀ ਸਰਕਾਰ ਲਿਆਉਣ ਲਈ ਖੁਦ ਜ਼ਿੰਮੇਵਾਰ ਹਨ। ਇਸ ਮੌਕੇ ਸੀਨੀਅਰ ਆਗੂ ਗੁਰਨੈਬ ਸਿੰਘ ਰਾਮਪੁਰਾ, ਸਤਨਾਮ ਸਿੰਘ ਰੱਤੋਕੇ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ।