ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਆਪਣੇ ਹਲਕੇ ਦੇ ਸਕੂਲਾਂ ਵਿੱਚ ਆਧਿਆਪਕਾਂ ਦੀਆਂ ਅਸਾਮੀਆਂ ਅਤੇ ਹੋਰ ਮੁੱਦਿਆਂ ’ਤੇ ਟਿੱਪਣੀਆਂ ਤੋਂ ਬਾਅਦ ਝੂਠੀਆਂ ਅਫ਼ਵਾਹਾਂ ਫ਼ੈਲਾਉਣ ਅਤੇ ਪਾਰਟੀ ਦੇ ਅਕਸ ਨੂੰ ਖ਼ਰਾਬ ਕਰਨ ਸਮੇਤ ਕਥਿਤ ਤੌਰ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਆਪ ਦੇ ਅਧਿਕਾਰਤ ਹੁਕਮਾਂ ਅਨੁਸਾਰ ਇਸ ਵਿੱਚ ਕਿਹਾ ਗਿਆ ਹੈ ਕਿ ਮਾਈਸਰਖਾਨਾ ਦੀ ਪਾਰਟੀ ਤੋਂ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤੀ ਗਈ ਹੈ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਦੇ ਧਿਆਨ ਵਿੱਚ ਆਇਆ ਹੈ ਕਿ ਤੁਹਾਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਅਨੁਸ਼ਾਸਨਹੀਣਤਾ ਵਿੱਚ ਸ਼ਾਮਲ ਪਾਇਆ ਗਿਆ ਹੈ। ਉਪਰੋਕਤ ਨੂੰ ਦੇਖਦੇ ਹੋਏ ਪਾਰਟੀ ਤੋਂ ਤੁਹਾਡੀ ਮੁੱਢਲੀ ਮੈਂਬਰਸ਼ਿਪ ਤੁਰਤ ਪ੍ਰਭਾਵ ਨਾਲ ਮੁਅੱਤਲ ਕੀਤੀ ਜਾਂਦੀ ਹੈ। ਇਹ ਕਾਰਵਾਈ ਮਾਈਸਰਖਾਨਾ ਵੱਲੋਂ ਇਕ ਲਾਈਵ ਵੀਡੀਓ ਵਿੱਚ ਆਪਣੇ ਹਲਕੇ ਦੇ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਅਤੇ ਹੋਰ ਬੁਨਿਆਦੀ ਮੁੱਦਿਆਂ ’ਤੇ ਚਿੰਤਾਵਾਂ ਜ਼ਾਹਰ ਕਰਨ ਤੋਂ ਬਾਅਦ ਕੀਤੀ ਗਈ ਹੈ।