ਸੁਨਾਮ : ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਹੱਕੀ ਮੰਗਾਂ ਦੀ ਪੂਰਤੀ ਲਈ ਬਲਾਕ ਪ੍ਰਧਾਨ ਗੁਰਵਿੰਦਰ ਕੌਰ ਦੀ ਅਗਵਾਈ ਹੇਠ ਵਰਕਰਾਂ ਨੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਮੰਗ ਪੱਤਰ ਸੌਂਪਿਆ। ਇਸ ਮੌਕੇ ਬੋਲਦਿਆਂ ਜਿਲਾ ਪ੍ਰਧਾਨ ਜਸਵਿੰਦਰ ਕੌਰ, ਬਲਾਕ ਪ੍ਰਧਾਨ ਗੁਰਵਿੰਦਰ ਕੌਰ, ਖਜ਼ਾਨਚੀ ਗੁਰਰਾਜ ਕੌਰ, ਲਛਮੀ ਦੇਵੀ, ਜਸਦੀਪ ਕੌਰ, ਸੁਸ਼ਮਾ ਰਾਣੀ, ਪਰਮੀਤ ਕੌਰ ਨੇ ਆਖਿਆ ਕਿ ਸੂਬੇ ਦੀ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਪਿਛਲੇ ਕਈ ਦਹਾਕਿਆਂ ਤੋਂ ਬੱਚਿਆਂ ਦੇ ਪੋਸ਼ਣ, ਸਿਹਤ, ਮੁੱਢਲੀ ਸਿੱਖਿਆ, ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਦੇਖਭਾਲ ਸਮੇਤ ਸਰਕਾਰ ਦੀਆਂ ਵੱਖ-ਵੱਖ ਲੋਕ-ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਅਹਿਮ ਜ਼ਿੰਮੇਵਾਰੀ ਨਿਭਾ ਰਹੀਆਂ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਨਿਗੂਣਾ ਮਾਣ-ਭੱਤਾ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਕੰਮ ਦਾ ਬੋਝ ਲਗਾਤਾਰ ਵਧਾਇਆ ਜਾ ਰਿਹਾ ਹੈ। ਸਰਕਾਰਾਂ ਦੀਆਂ ਬਦਲਦੀਆਂ ਨੀਤੀਆਂ ਅਤੇ ਵਾਰ-ਵਾਰ ਮਿਲਣ ਵਾਲੇ ਭਰੋਸਿਆਂ ਦੇ ਬਾਵਜੂਦ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਸਾਲ 2022 ਵਿੱਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ। ਆਮ ਆਦਮੀ ਪਾਰਟੀ ਵੱਲੋਂ ਆਪਣੇ ਚੋਣ ਮੈਨੀਫੈਸਟੋ ਦੇ ਪੰਨਾ ਨੰਬਰ 21 ਉੱਤੇ ਆਂਗਣਵਾੜੀ ਵਰਕਰਾਂ ਦੇ ਮਾਣ-ਭੱਤੇ ਨੂੰ ਦੁੱਗਣਾ ਕਰਨ ਦੀ ਗਰੰਟੀ ਦਿੱਤੀ ਗਈ ਸੀ। ਇਸ ਤੋਂ ਇਲਾਵਾ ਵੀ ਕਈ ਅਜਿਹੀਆਂ ਮੰਗਾਂ ਹਨ, ਜਿਨ੍ਹਾਂ ਦਾ ਹੱਲ ਪੰਜਾਬ ਸਰਕਾਰ ਆਪਣੇ ਪੱਧਰ 'ਤੇ ਕਰ ਸਕਦੀ ਹੈ। ਪਰ ਅਫ਼ਸੋਸ ਦੀ ਗੱਲ ਹੈ ਕਿ ਸਰਕਾਰ ਬਣਨ ਤੋਂ ਬਾਅਦ ਅੱਜ ਤੱਕ ਇਹ ਵਾਅਦਾ ਅਮਲੀ ਰੂਪ ਵਿੱਚ ਪੂਰਾ ਨਹੀਂ ਕੀਤਾ ਗਿਆ।