ਮਾਜਰੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਉਪਰਾਲੇ ਤਹਿਤ ਮਾਜਰੀ ਬਲਾਕ ਦੇ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਐਲ.ਈ.ਡੀ. ਸਕਰੀਨ ਰਾਹੀਂ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਗਈ। ਇਸ ਸਬੰਧੀ ਉੱਪ ਮੰਡਲ ਮੈਜਿਸਟ੍ਰੇਟ, ਖਰੜ ਸ੍ਰੀ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਡਾਕੂਮੈਂਟਰੀ ਪਿੰਡ-ਪਿੰਡ ਦਿਖਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਤਾਂ ਜੋ ਗੁਰੂ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ, ਵਿਚਾਰਧਾਰਾ ਅਤੇ ਸਮਾਜਿਕ ਬਰਾਬਰਤਾ ਦੇ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਨੇ ਆਪਣੀ ਬਾਣੀ ਰਾਹੀਂ ਸਮੁੱਚੀ ਮਨੁੱਖਤਾ ਨੂੰ ਆਪਸੀ ਭਾਈਚਾਰੇ, ਸਮਾਨਤਾ, ਪ੍ਰੇਮ, ਸਦਭਾਵਨਾ ਅਤੇ ਮਾਨਵਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਜਾਤ-ਪਾਤ, ਭੇਦਭਾਵ ਅਤੇ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਕੇ ਇੱਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਡਾਕੂਮੈਂਟਰੀ ਰਾਹੀਂ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫੇ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।