ਚੰਡੀਗੜ੍ਹ : ਹਰਿਆਣਾ ਰਾਜ ਕਾਨੂੰਨੀ ਸੇਵਾਵਾਂ ਦਿਵਸ ਦੇ ਮੌਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਹਰਿਆਣਾ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਸ਼੍ਰੀ ਹਰਸਿਮਰਨ ਸਿੰਘ ਸੇਠੀ ਨੇ ਮੁਫ਼ਤ ਕਾਨੂੰਨੀ ਸਹਾਇਤਾ, ਕਾਨੂੰਨੀ ਹੱਕਾਂ ਅਤੇ ਕਾਨੂੰਨੀ ਸੇਵਾਵਾਂ ਅਥਾਰਟੀਆਂ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਤੇ ਸੇਵਾਵਾਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਵਿਸ਼ੇਸ਼ ਜਾਗਰੂਕਤਾ ਪ੍ਰਚਾਰ ਵਾਹਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਪ੍ਰਚਾਰ ਵਾਹਨ ਹਰਿਆਣਾ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ, ਕਾਨੂੰਨੀ ਹੱਕਾਂ ਅਤੇ ਕਾਨੂੰਨੀ ਸੇਵਾਵਾਂ ਅਥਾਰਟੀਆਂ ਦੀਆਂ ਵੱਖ-ਵੱਖ ਅਹਿਮ ਪਹਿਲਕਦਮੀਆਂ ਨਾਲ ਸਬੰਧਤ ਜਾਣਕਾਰੀ ਭਰਪੂਰ ਫ਼ਲੈਕਸਾਂ ਅਤੇ ਬੈਨਰਾਂ ਨਾਲ ਸਜਾਇਆ ਗਿਆ ਹੈ। ਇਸ ਪਹਿਲਕਦਮੀ ਦਾ ਮਨੋਰਥ ਕਾਨੂੰਨੀ ਜਾਗਰੂਕਤਾ ਨੂੰ ਆਮ ਲੋਕਾਂ ਦੇ ਬੂਹੇ ਤੱਕ ਪਹੁੰਚਾਉਣਾ ਅਤੇ ਵਿਸ਼ੇਸ਼ ਤੌਰ 'ਤੇ ਸਮਾਜ ਦੇ ਕਮਜ਼ੋਰ ਤੇ ਵਾਂਝੇ ਵਰਗਾਂ ਨੂੰ ਉਨ੍ਹਾਂ ਦੇ ਮੁਫ਼ਤ ਅਤੇ ਸਮਰੱਥ ਕਾਨੂੰਨੀ ਸੇਵਾਵਾਂ ਪ੍ਰਾਪਤ ਕਰਨ ਦੇ ਹੱਕ ਪ੍ਰਤੀ ਜਾਗਰੂਕ ਕਰਨਾ ਹੈ। ਇਸ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੇ ਅੰਤਰਗਤ ਇਹ ਪ੍ਰਚਾਰ ਵਾਹਨ 9 ਤੋਂ 15 ਨਵੰਬਰ ਤੱਕ ਪੰਚਕੂਲਾ ਦੇ ਵੱਖ-ਵੱਖ ਸਥਾਨਾਂ ਅਤੇ ਪਿੰਡਾਂ ਦਾ ਦੌਰਾ ਕਰੇਗਾ। ਇਸ ਦੌਰਾਨ ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ, ਕਾਨੂੰਨੀ ਜਾਗਰੂਕਤਾ ਪ੍ਰੋਗਰਾਮਾਂ ਅਤੇ ਕਾਨੂੰਨੀ ਸੇਵਾਵਾਂ ਅਥਾਰਟੀਆਂ ਵੱਲੋਂ ਸੰਚਾਲਿਤ ਵੱਖ-ਵੱਖ ਜਨ-ਕਲਿਆਣਕਾਰੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਇਸ ਮੁਹਿੰਮ ਨੂੰ ਹੋਰ ਵੀ ਪ੍ਰਭਾਵਸ਼ਾਲੀ ਅਤੇ ਲੋਕ-ਹਿੱਤੂ ਬਣਾਉਣ ਲਈ ਵਾਹਨ ਵਿੱਚ ਲਗਾਏ ਗਏ ਪਬਲਿਕ ਐਲਾਨ ਪ੍ਰਣਾਲੀ ਰਾਹੀਂ ਨਾਲਸਾ ਦਾ ਗੀਤ ਅਤੇ ਕਾਨੂੰਨੀ ਜਾਗਰੂਕਤਾ ਨਾਲ ਸਬੰਧਤ ਡਾਕੂਮੈਂਟਰੀਆਂ ਵੀ ਪ੍ਰਸਾਰਿਤ ਕੀਤੀਆਂ ਜਾਣਗੀਆਂ। ਇਸ ਨਾਲ ਜਨ-ਸੰਪਰਕ ਅਤੇ ਲੋਕ ਜਾਗਰੂਕਤਾ ਨੂੰ ਹੋਰ ਵਧਾਵਾ ਮਿਲੇਗਾ ਅਤੇ ਲੋਕਾਂ ਨੂੰ ਆਪਣੇ ਕਾਨੂੰਨੀ ਹੱਕਾਂ ਤੇ ਨਿਆਂ ਤੱਕ ਪਹੁੰਚ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ ਜਾ ਸਕੇਗਾ। ਅਥਾਰਟੀ ਦੀ ਇਹ ਪਹਿਲਕਦਮੀ ਆਮ ਜਨਤਾ ਤੱਕ ਆਪਣੀ ਪਹੁੰਚ ਨੂੰ ਲਗਾਤਾਰ ਮਜ਼ਬੂਤ ਕਰਨ ਅਤੇ ਸੁਚਾਰੂ ਬਣਾਉਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਨੂੰ ਦਰਸਾਉਂਦੀ ਹੈ।