ਚੰਡੀਗੜ੍ਹ : ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਜ਼ਿਲ੍ਹੇ ਦੀਆਂ ਹਥੀਨ, ਹੋਡਲ, ਹਸਨਪੁਰ ਅਤੇ ਪਲਵਲ ਅਨਾਜ ਮੰਡੀਆਂ ਦਾ ਦੌਰਾ ਕਰ ਕੇ ਚਾਲੂ ਫ਼ਸਲ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਲਈ ਕੀਤੇ ਗਏ ਪ੍ਰਬੰਧਾਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਫ਼ਸਲ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਦੀ ਮਿਹਨਤ ਅਤੇ ਉਨ੍ਹਾਂ ਦੀ ਉਪਜ ਦਾ ਪੂਰਾ ਸਤਿਕਾਰ ਕਰਦੀ ਹੈ। ਸਰਕਾਰ ਦਾ ਮਨੋਰਥ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਖ਼ਰੀਦਣਾ ਯਕੀਨੀ ਬਣਾਉਣਾ ਹੈ। ਕਿਸਾਨਾਂ ਨੂੰ ਸਹੂਲਤਾਂ, ਸਨਮਾਨ ਅਤੇ ਉਨ੍ਹਾਂ ਦੇ ਆਰਥਿਕ ਹਿੱਤਾਂ ਦੀ ਸੁਰੱਖਿਆ ਕਰਨਾ ਸਰਕਾਰ ਦੀ ਸਰਵਉੱਚ ਪਹਿਲ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਫ਼ਸਲ ਲੈ ਕੇ ਪਹੁੰਚਣ ਵਾਲੇ ਕਿਸਾਨਾਂ ਦੇ ਗੇਟ ਪਾਸ ਬਣਵਾਉਣ ਤੋਂ ਲੈ ਕੇ ਫ਼ਸਲ ਵੇਚਣ, ਮਾਪ-ਤੋਲ, ਚੁਕਾਈ ਅਤੇ ਭੁਗਤਾਨ ਕਰਨ ਤੱਕ ਕਿਸੇ ਵੀ ਪੱਧਰ 'ਤੇ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਇਸ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ।
ਮੰਡੀਆਂ ਵਿੱਚ ਵਿਕਾਸ ਕਾਰਜਾਂ ਅਤੇ ਕਿਸਾਨਾਂ ਦੀਆਂ ਮੰਗਾਂ 'ਤੇ ਕੀਤੀ ਚਰਚਾ
ਖੇਤੀਬਾੜੀ ਮੰਤਰੀ ਨੇ ਸਾਰੀਆਂ ਮੰਡੀਆਂ ਵਿੱਚ ਖ਼ਰੀਦ ਦੀ ਆਮਦ, ਚੁਕਾਈ ਪ੍ਰਕਿਰਿਆ, ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਨਾਲ ਸਬੰਧਤ ਮੰਗਾਂ ਦੀ ਜਾਣਕਾਰੀ ਲੈਂਦੇ ਹੋਏ ਅਧਿਕਾਰੀਆਂ ਨੂੰ ਜ਼ਰੂਰੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੁਹਰਾਇਆ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਯੋਗ ਮੁੱਲ ਦਿਵਾਉਣ ਅਤੇ ਮੰਡੀਆਂ ਵਿੱਚ ਬਿਹਤਰ ਸਹੂਲਤਾਂ ਉਪਲਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਹਥੀਨ ਅਤੇ ਪਲਵਲ ਅਨਾਜ ਮੰਡੀ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਖੇਤੀਬਾੜੀ ਮੰਤਰੀ ਨੇ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਅਤੇ ਕਿਸਾਨਾਂ ਦੀਆਂ ਮੰਗਾਂ 'ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨਾਲ ਸਬੰਧਤ ਸਮੱਸਿਆਵਾਂ ਲਿਖਤੀ ਰੂਪ ਵਿੱਚ ਦੇਣ, ਤਾਂ ਜੋ ਉਨ੍ਹਾਂ ਦਾ ਨਿਪਟਾਰਾ ਤੁਰੰਤ ਕੀਤਾ ਜਾ ਸਕੇ।
ਕਿਸਾਨਾਂ ਨੂੰ ਬਾਜਰਾ ਖ਼ਰੀਦ 'ਤੇ ਐੱਮ.ਐੱਸ.ਪੀ. ਅਤੇ ਭਾਵਾਂਤਰ ਯੋਜਨਾ ਦਾ ਮਿਲੇਗਾ ਲਾਭ
ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਬਾਜਰਾ ਖ਼ਰੀਦ ਅਤੇ ਭਾਵਾਂਤਰ ਯੋਜਨਾ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਵੱਲੋਂ ਬਾਜਰੇ ਦਾ ਘੱਟੋ-ਘੱਟ ਸਮਰਥਨ ਮੁੱਲ ਨਿਰਧਾਰਿਤ ਕੀਤਾ ਗਿਆ ਹੈ। ਜੇਕਰ ਬਾਜ਼ਾਰ ਵਿੱਚ ਬਾਜਰੇ ਦੀ ਵਿਕਰੀ ਇਸ ਤੋਂ ਵੱਧ ਭਾਅ 'ਤੇ ਹੁੰਦੀ ਹੈ ਤਾਂ ਕਿਸਾਨਾਂ ਨੂੰ ਬਾਜ਼ਾਰ ਭਾਅ ਦਾ ਲਾਭ ਮਿਲੇਗਾ। ਉੱਥੇ ਹੀ ਨਿਰਧਾਰਿਤ ਐੱਮ.ਐੱਸ.ਪੀ. ਤੋਂ ਘੱਟ ਭਾਅ ਮਿਲਣ ਦੀ ਸਥਿਤੀ ਵਿੱਚ ਭਾਵਾਂਤਰ ਯੋਜਨਾ ਤਹਿਤ ਕਿਸਾਨਾਂ ਨੂੰ ਫ਼ਰਕ ਦੀ ਭਰਪਾਈ ਕੀਤੀ ਜਾਵੇਗੀ। ਇਸ ਦੌਰਾਨ ਹਥੀਨ ਦੇ ਵਿਧਾਇਕ ਮੁਹੰਮਦ ਇਸਰਾਈਲ, ਐੱਸ.ਡੀ.ਐੱਮ. ਹਰੀਰਾਮ, ਐੱਸ.ਡੀ.ਐੱਮ. ਪਲਵਲ ਭੂਪੇਂਦਰ ਸਿੰਘ, ਮਾਰਕੀਟ ਕਮੇਟੀ ਪਲਵਲ ਦੇ ਚੇਅਰਮੈਨ ਪੰਕਜ ਵਿਰਮਾਨੀ, ਖੇਤੀਬਾੜੀ ਡਿਪਟੀ ਡਾਇਰੈਕਟਰ ਡਾ. ਜਗੀਰ, ਚੇਅਰਮੈਨ ਜਗਵਿੰਦਰ ਸਿੰਘ ਸਮੇਤ ਐਸੋਸੀਏਸ਼ਨ ਦੇ ਅਹੁਦੇਦਾਰ ਮੌਜੂਦ ਰਹੇ।