ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਬੂਥਾਂ ’ਤੇ ਹਾਜ਼ਰ ਰਹਿਣਗੇ ਬੀ.ਐੱਲ.ਓਜ਼: ਡੀ.ਸੀ. ਅਦਿੱਤਿਆ ਡਚਲਵਾਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐੱਸ.ਐੱਸ.ਆਰ.)-2027 ਤਹਿਤ ਯੋਗ ਨਾਗਰਿਕਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਅਤੇ ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਦੀ ਸੋਧ ਸਬੰਧੀ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ 22 ਨਵੰਬਰ, 2026 (ਐਤਵਾਰ) ਨੂੰ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ (52-ਖਰੜ, 53-ਐੱਸ.ਏ.ਐੱਸ. ਨਗਰ ਅਤੇ 112-ਡੇਰਾਬੱਸੀ) ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਦਿੱਤਿਆ ਡਚਲਵਾਲ ਨੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਲਗਾਏ ਜਾਣਗੇ, ਜਿਸ ਦੌਰਾਨ ਸਮੂਹ ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼) ਅਤੇ ਸੁਪਰਵਾਈਜ਼ਰ ਆਪੋ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿ ਕੇ ਆਮ ਨਾਗਰਿਕਾਂ ਨੂੰ ਚੋਣਾਂ ਨਾਲ ਸਬੰਧਤ ਸੇਵਾਵਾਂ ਪ੍ਰਦਾਨ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੇ ਸੁਚਾਰੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਇਲੈਕਟੋਰਲ ਰੋਲ ਅਬਜ਼ਰਵਰ-ਕਮ-ਕਮਿਸ਼ਨਰ, ਰੂਪਨਗਰ ਮੰਡਲ, ਰੂਪਨਗਰ ਵੱਲੋਂ 22 ਨਵੰਬਰ (ਐਤਵਾਰ) ਨੂੰ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਵੀ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ 1 ਜਨਵਰੀ, 2027 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਜ਼ਿਲ੍ਹੇ ਦੇ ਸਾਰੇ ਯੋਗ ਨੌਜਵਾਨਾਂ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਹੇਠ ਲਿਖੇ ਫਾਰਮ ਭਰੇ ਜਾ ਸਕਦੇ ਹਨ:
* ਫਾਰਮ ਨੰਬਰ 6: ਨਵੀਂ ਵੋਟ ਬਣਵਾਉਣ ਲਈ।
* ਫਾਰਮ ਨੰਬਰ 6ਏ: ਪ੍ਰਵਾਸੀ ਭਾਰਤੀ (ਐੱਨ.ਆਰ.ਆਈ.) ਵੋਟਰ ਵਜੋਂ ਰਜਿਸਟ੍ਰੇਸ਼ਨ ਲਈ।
* ਫਾਰਮ ਨੰਬਰ 7: ਵੋਟਰ ਸੂਚੀ ਵਿੱਚੋਂ ਨਾਮ ਕਟਵਾਉਣ ਜਾਂ ਇਤਰਾਜ਼ ਦਰਜ ਕਰਵਾਉਣ ਲਈ।
* ਫਾਰਮ ਨੰਬਰ 8: ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਵਿੱਚ ਸੋਧ ਕਰਨ, ਰਿਹਾਇਸ਼ ਦਾ ਪਤਾ ਬਦਲਣ, ਵੋਟਰ ਸ਼ਨਾਖਤੀ ਕਾਰਡ (EPIC) ਦੁਬਾਰਾ ਬਣਵਾਉਣ ਜਾਂ ਦਿਵਿਆਂਗ (PwD) ਵੋਟਰ ਵਜੋਂ ਪਛਾਣ ਦਰਜ ਕਰਵਾਉਣ ਲਈ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਬੂਥ ਲੈਵਲ ਏਜੰਟਾਂ (ਬੀ.ਐੱਲ.ਏਜ਼) ਨੂੰ ਵੀ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਕੈਂਪ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਜਾਂ ਸਹਾਇਤਾ ਲਈ ਨਾਗਰਿਕ ਟੋਲ-ਫ੍ਰੀ ਵੋਟਰ ਹੈਲਪਲਾਈਨ ਨੰਬਰ 1950 ’ਤੇ ਵੀ ਸੰਪਰਕ ਕਰ ਸਕਦੇ ਹਨ।