ਚੰਡੀਗੜ੍ਹ : ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਕਾਸ ਕਾਰਜਾਂ ਵਿੱਚ ਗੰਭੀਰ ਬੇਨਿਯਮੀਆਂ ਅਤੇ ਲਾਪਰਵਾਹੀ ਵਰਤਣ ’ਤੇ ਸਖ਼ਤ ਰੁਖ ਅਪਣਾਉਂਦਿਆਂ ਸ਼ਹਿਰੀ ਸਥਾਨਕ ਸਰਕਾਰ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਸਬੰਧਤ ਠੇਕੇਦਾਰ ਵਿਰੁੱਧ ਐਫ.ਆਈ.ਆਰ. ਦਰਜ ਕਰਵਾਉਣ, ਜੁਰਮਾਨਾ ਵਸੂਲਣ ਅਤੇ ਉਸ ਨੂੰ ਬਲੈਕਲਿਸਟ ਕਰਨ ਦੇ ਹੁਕਮ ਦਿੱਤੇ। ਮੁੱਖ ਮੰਤਰੀ ਨੇ ਡੀ.ਐਮ.ਸੀ. ਦੀ ਇੱਕ ਮਹੀਨੇ ਦੀ ਤਨਖਾਹ ਕੱਟਣ ਦੇ ਨਿਰਦੇਸ਼ ਵੀ ਦਿੱਤੇ।
ਮੁੱਖ ਮੰਤਰੀ ਐਤਵਾਰ ਨੂੰ ਪੰਚਾਇਤ ਭਵਨ, ਸਿਰਸਾ ਵਿਖੇ ਜ਼ਿਲ੍ਹਾ ਲੋਕ ਸੰਪਰਕ ਅਤੇ ਜਨ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਰਹੇ ਸਨ। ਮੀਟਿੰਗ ਵਿੱਚ ਕੁੱਲ 15 ਸ਼ਿਕਾਇਤਾਂ ਰੱਖੀਆਂ ਗਈਆਂ, ਜਿਨ੍ਹਾਂ ਵਿੱਚੋਂ 13 ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ, ਜਦਕਿ ਦੋ ਮਾਮਲਿਆਂ ਵਿੱਚ ਜਾਂਚ ਕਰਵਾ ਕੇ ਅਗਲੀ ਮੀਟਿੰਗ ਵਿੱਚ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਅਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਧਿਕਾਰੀਆਂ ਦੇ ਨਾਲ-ਨਾਲ ਸਬੰਧਤ ਠੇਕੇਦਾਰਾਂ ਦੀ ਜਵਾਬਦੇਹੀ ਵੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਠੇਕੇਦਾਰਾਂ ਨੂੰ ਬਿਨਾਂ ਕਿਸੇ ਦਬਾਅ ਦੇ ਕੰਮ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ, ਇਸ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਗੁਣਵੱਤਾ ਭਰਪੂਰ ਕੰਮ ਪੂਰਾ ਕਰਨ। ਕੰਮ ਅਧੂਰਾ ਛੱਡਣ ਜਾਂ ਗੁਣਵੱਤਾ ਨਾਲ ਸਮਝੌਤਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਅਧੂਰੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਵਾਉਣ ਦੇ ਨਿਰਦੇਸ਼
ਗ੍ਰਾਮ ਪੰਚਾਇਤ ਡਿੰਗ ਦੀ ਸ਼ਿਕਾਇਤ ’ਤੇ ਸੁਣਵਾਈ ਕਰਦਿਆਂ ਮੁੱਖ ਮੰਤਰੀ ਨੇ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਾਈਪ ਲਾਈਨ ਵਿਛਾਉਣ ਲਈ ਪੁੱਟੀਆਂ ਗਈਆਂ ਗਲੀਆਂ ਦੀ ਜਲਦੀ ਮੁਰੰਮਤ ਕਰਵਾਈ ਜਾਵੇ। ਉਨ੍ਹਾਂ ਕੰਮ ਅਧੂਰਾ ਛੱਡਣ ਵਾਲੇ ਠੇਕੇਦਾਰ ਤੋਂ ਜੁਰਮਾਨਾ ਵਸੂਲਣ ਅਤੇ ਨਵੇਂ ਠੇਕੇਦਾਰ ਰਾਹੀਂ ਨਿਯਮਾਂ ਅਨੁਸਾਰ 31 ਮਾਰਚ ਤੱਕ ਕੰਮ ਪੂਰਾ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕੰਮ ਵਿਚਕਾਰ ਛੱਡਣ ਵਾਲੇ ਠੇਕੇਦਾਰ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ।
ਪਿੰਡ ਅਰਨਿਆਵਾਲੀ ਦੇ ਵਸਨੀਕ ਲਾਲਾਰਾਮ ਦੇ ਖੇਤ ਦੇ ਖਾਲ ਦਾ ਨਿਰਮਾਣ ਅਧੂਰਾ ਛੱਡਣ ਸਬੰਧੀ ਸ਼ਿਕਾਇਤ ’ਤੇ ਮੁੱਖ ਮੰਤਰੀ ਨੇ ਸਿੰਚਾਈ ਅਤੇ ਕਾਡਾ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਦਿਆਂ ਨਿਰਮਾਣ ਕਾਰਜ ਜਲਦੀ ਪੂਰਾ ਕਰਵਾਉਣ ਦੇ ਨਿਰਦੇਸ਼ ਦਿੱਤੇ।
ਬੇਸਹਾਰਾ ਧੀ ਅਤੇ ਯੋਜਨਾ ਦੇ ਲਾਭਪਾਤਰੀਆਂ ਨੂੰ ਰਾਹਤ ਦਿਵਾਉਣ ਦੇ ਨਿਰਦੇਸ਼
ਗਿਗੋਰਾਨੀ ਦੀ ਵਸਨੀਕ ਏਕਤਾ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਪਿਤਾ ਦੀ ਮੌਤ ਤੋਂ ਬਾਅਦ ਉਸ ਦੀ ਮਾਤਾ ਨੇ ਦੂਜਾ ਵਿਆਹ ਕਰਵਾ ਲਿਆ ਸੀ ਅਤੇ ਉਹ ਆਪਣੀ ਦਾਦੀ ਨਾਲ ਰਹਿ ਰਹੀ ਸੀ। ਦਾਦੀ ਦੀ ਮੌਤ ਤੋਂ ਬਾਅਦ ਪੈਨਸ਼ਨ ਆਉਣੀ ਬੰਦ ਹੋ ਗਈ, ਜਿਸ ਕਾਰਨ ਉਸ ਦੇ ਸਾਹਮਣੇ ਗੁਜ਼ਾਰਾ ਕਰਨ ਦਾ ਸੰਕਟ ਖੜ੍ਹਾ ਹੋ ਗਿਆ ਹੈ। ਇਸ ’ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੇਸਹਾਰਾ ਸਹਾਇਤਾ ਲਈ ਨਿਰਧਾਰਤ ਨਿਯਮਾਂ ਵਿੱਚ ਸੋਧ ਕਰਨ ਦੀ ਲੋੜ ਹੈ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਇਸ ਮਾਮਲੇ ਨੂੰ ਵਿਸ਼ੇਸ਼ ਕੇਸ ਵਜੋਂ ਸਰਕਾਰ ਕੋਲ ਭੇਜਿਆ ਜਾਵੇ, ਤਾਂ ਜੋ ਨਿਯਮਾਂ ਅਨੁਸਾਰ ਹੱਲ ਕੱਢ ਕੇ ਬਿਨੈਕਾਰ ਨੂੰ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।
ਚੰਡੀਗੜ੍ਹੀਆ ਮੁਹੱਲਾ ਦੇ ਵਸਨੀਕ ਕੁਮਾਰ ਕਾਰਤੀਕੇਯ ਨੇ ਸ਼ਿਕਾਇਤ ਦਿੱਤੀ ਕਿ ਉਸ ਦੇ ਛੋਟੇ ਭਰਾ ਅਤੇ ਉਸ ਦੀ ਪਤਨੀ ਦੀ ਮੌਤ ਤੋਂ ਬਾਅਦ ਦੀਨਦਿਆਲ ਉਪਾਧਿਆਏ ਅੰਤਯੋਦਯ ਪਰਿਵਾਰ ਸੁਰੱਖਿਆ ਯੋਜਨਾ ਤਹਿਤ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਬੱਚਿਆਂ ਦੀ ਫੈਮਿਲੀ ਆਈ.ਡੀ. ਵਿੱਚ ਪਰਿਵਾਰ ਦੀ ਮੁਖੀ ਵਜੋਂ ਦਰਜ ਨਾਨੀ ਦੇ ਖਾਤੇ ਵਿੱਚ ਜਮ?ਹਾਂ ਕਰਵਾਈ ਗਈ, ਪਰ ਹੁਣ ਨਾਨੀ ਬੱਚਿਆਂ ਨੂੰ ਇਹ ਰਾਸ਼ੀ ਦੇਣ ਤੋਂ ਇਨਕਾਰ ਕਰ ਰਹੀ ਹੈ। ਇਸੇ ਤਰ੍ਹਾਂ ਸਵਿਤਾ ਰਾਣੀ ਨੇ ਵੀ ਸ਼ਿਕਾਇਤ ਦਿੱਤੀ ਕਿ ਯੋਜਨਾ ਤਹਿਤ ਮਿਲਣ ਵਾਲੀ ਸਹਾਇਤਾ ਰਾਸ਼ੀ ਉਸ ਨੂੰ ਅਤੇ ਉਸ ਦੇ ਬੱਚਿਆਂ ਨੂੰ ਦੇਣ ਦੀ ਬਜਾਏ ਉਸ ਦੀ ਸੱਸ ਨੂੰ ਜਾਰੀ ਕਰ ਦਿੱਤੀ ਗਈ। ਮੁੱਖ ਮੰਤਰੀ ਨੇ ਦੋਵਾਂ ਮਾਮਲਿਆਂ ਵਿੱਚ ਕੇਸ ਤਿਆਰ ਕਰਕੇ ਸਰਕਾਰ ਨੂੰ ਭੇਜਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨੀਤੀ ਵਿੱਚ ਲੋੜੀਂਦੇ ਬਦਲਾਅ ਕਰਕੇ ਅਸਲ ਆਸ਼ਰਿਤਾਂ ਨੂੰ ਸਹਾਇਤਾ ਰਾਸ਼ੀ ਮੁਹੱਈਆ ਕਰਵਾਉਣ ਦੀ ਵਿਵਸਥਾ ਕੀਤੀ ਜਾਵੇਗੀ।
ਟਰੈਕਟਰ-ਥਰੈਸ਼ਰ ਵਾਪਸ ਦਿਵਾਉਣ ਅਤੇ ਕਤਲ ਦੇ ਦੋਸ਼ ਸਬੰਧੀ ਸ਼ਿਕਾਇਤਾਂ ’ਤੇ ਕਾਰਵਾਈ ਦੇ ਨਿਰਦੇਸ਼
ਖਿਓਵਾਲੀ ਦੇ ਵਸਨੀਕ ਕਮਲ ਕੁਮਾਰ ਨੇ ਆਪਣੇ ਮਾਮੇ ਸੁਭਾਸ਼ ਦੀ ਨਹਿਰ ਵਿੱਚ ਡੁੱਬਣ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਦੋ ਵਿਅਕਤੀਆਂ ’ਤੇ ਕਤਲ ਦਾ ਦੋਸ਼ ਲਗਾਉਂਦਿਆਂ ਕਾਰਵਾਈ ਦੀ ਮੰਗ ਕੀਤੀ। ਪੁਲਿਸ ਦੀ ਰਿਪੋਰਟ ਵਿੱਚ ਦੱਸਿਆ ਗਿਆ ਕਿ ਪੋਸਟਮਾਰਟਮ ਅਤੇ ਜਾਂਚ ਅਨੁਸਾਰ ਮੌਤ ਦਾ ਕਾਰਨ ਡੁੱਬਣਾ ਅਤੇ ਬਹੁਤ ਜ਼ਿਆਦਾ ਸ਼ਰਾਬ ਦੇ ਨਸ਼ੇ ਦੇ ਪ੍ਰਭਾਵ ਹੇਠ ਹੋਣਾ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਮਾਮਲੇ ਵਿੱਚ ਨਿਯਮਾਂ ਅਨੁਸਾਰ ਪੌਲੀਗ੍ਰਾਫ ਟੈਸਟ ਕਰਵਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਜਾਂਚ ਵਿੱਚ ਸਥਿਤੀ ਸਪੱਸ਼ਟ ਹੋ ਸਕੇ।
ਅਲੀਪੁਰ ਟੀਡੂਖੇੜਾ ਦੇ ਵਸਨੀਕ ਤਾਰਾਰਾਮ ਨੇ ਆਪਣੇ ਪੁੱਤਰ ਬੂਟਾਰਾਮ ਦੀ ਮੌਤ ਦੇ ਮਾਮਲੇ ਵਿੱਚ ਗੁਆਂਢੀਆਂ ’ਤੇ ਕਤਲ ਦਾ ਦੋਸ਼ ਲਗਾਉਂਦਿਆਂ ਪੁਲਿਸ ਕਾਰਵਾਈ ਦੀ ਮੰਗ ਕੀਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਮਾਨਸਿਕ ਪਰੇਸ਼ਾਨੀ ਨਾਲ ਜੂਝ ਰਿਹਾ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ। ਮੁੱਢਲੀ ਜਾਂਚ ਵਿੱਚ ਖੁਦਕੁਸ਼ੀ ਦੀ ਗੱਲ ਸਾਹਮਣੇ ਆਈ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਏ.ਐੱਸ.ਪੀ., ਤਹਿਸੀਲਦਾਰ ਅਤੇ ਕਸ਼ਟ ਨਿਵਾਰਣ ਕਮੇਟੀ ਦੇ ਮੈਂਬਰ ਅਸ਼ੋਕ ਕੁਮਾਰ ਦੀ ਤਿੰਨ ਮੈਂਬਰੀ ਕਮੇਟੀ ਗਠਿਤ ਕਰਕੇ ਨਿਰਪੱਖ ਜਾਂਚ ਕਰਨ ਅਤੇ ਸਾਰੇ ਤੱਥ ਸਾਹਮਣੇ ਲਿਆਉਣ ਦੇ ਨਿਰਦੇਸ਼ ਦਿੱਤੇ।
ਮੰਗਾਲੀਆ ਦੇ ਵਸਨੀਕ ਕਿਰਨ ਨੇ ਸ਼ਿਕਾਇਤ ਦਿੱਤੀ ਕਿ ਬਾਲਾਸਰ ਦੇ ਵਸਨੀਕ ਕੁਲਵਿੰਦਰ ਨੇ ਕੰਮ ਲਈ ਉਸ ਦਾ ਟਰੈਕਟਰ ਅਤੇ ਥਰੈਸ਼ਰ ਕਿਰਾਏ ’ਤੇ ਲਿਆ ਸੀ, ਪਰ ਨਾ ਤਾਂ ਕਿਰਾਇਆ ਦਿੱਤਾ ਅਤੇ ਨਾ ਹੀ ਮਸ਼ੀਨਰੀ ਵਾਪਸ ਕੀਤੀ। ਪੁਲਿਸ ਵੱਲੋਂ ਦੱਸਿਆ ਗਿਆ ਕਿ ਮੁਲਜ਼ਮ ਇੱਕ ਹੋਰ ਮਾਮਲੇ ਵਿੱਚ ਜੇਲ੍ਹ ਵਿੱਚ ਹੈ ਅਤੇ ਉਸ ਦਾ ਪ੍ਰੋਡਕਸ਼ਨ ਵਾਰੰਟ ਜਾਰੀ ਕਰਵਾਉਣ ਲਈ ਅਰਜ਼ੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਮਾਮਲੇ ਵਿੱਚ ਜਲਦੀ ਕਾਰਵਾਈ ਕਰਕੇ ਸ਼ਿਕਾਇਤਕਰਤਾ ਨੂੰ ਇਨਸਾਫ਼ ਦਿਵਾਉਣ ਦੇ ਨਿਰਦੇਸ਼ ਦਿੱਤੇ।
ਕਿਸਾਨ ਨੂੰ 20 ਦਸੰਬਰ ਤੱਕ ਬੀਮਾ ਕਲੇਮ ਦੇਣ ਦੇ ਨਿਰਦੇਸ਼
ਪਿੰਡ ਕੰਵਰਪੁਰਾ ਦੇ ਵਸਨੀਕ ਰਾਮਗੋਪਾਲ ਦੀ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ ਕਲੇਮ ਨਾ ਮਿਲਣ ਦੀ ਸ਼ਿਕਾਇਤ ’ਤੇ ਮੁੱਖ ਮੰਤਰੀ ਨੇ ਐੱਚ.ਡੀ.ਐੱਫ.ਸੀ. ਬੈਂਕ ਅਤੇ ਬੀਮਾ ਕੰਪਨੀ ਦੇ ਅਧਿਕਾਰੀਆਂ ਨੂੰ 20 ਦਸੰਬਰ ਤੱਕ ਕਿਸਾਨ ਦੇ ਖਾਤੇ ਵਿੱਚ ਕਲੇਮ ਦੀ ਰਾਸ਼ੀ ਜਮ?ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ। ਸ਼ਿਕਾਇਤਕਰਤਾ ਨੇ ਦੱਸਿਆ ਕਿ ਐੱਚ.ਡੀ.ਐੱਫ.ਸੀ. ਬੈਂਕ ਵਿੱਚ ਉਸ ਦਾ ਕਿਸਾਨ ਕ੍ਰੈਡਿਟ ਕਾਰਡ ਖਾਤਾ ਹੈ ਅਤੇ ਖਾਤੇ ਵਿੱਚੋਂ ਬੀਮਾ ਪ੍ਰੀਮੀਅਮ ਵੀ ਕੱਟਿਆ ਗਿਆ ਸੀ, ਪਰ ਉਸ ਨੂੰ ਬੀਮਾ ਕਲੇਮ ਨਹੀਂ ਮਿਲਿਆ।
ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਗਈ ਜਾਂਚ ਵਿੱਚ ਬੈਂਕ ਦੀ ਲਾਪਰਵਾਹੀ ਸਾਹਮਣੇ ਆਈ ਅਤੇ ਕਿਸਾਨ ਨੂੰ ਨਿਯਮਾਂ ਅਨੁਸਾਰ ਕਲੇਮ ਦਾ ਹੱਕਦਾਰ ਪਾਇਆ ਗਿਆ। ਬੈਂਕ ਅਧਿਕਾਰੀਆਂ ਨੇ ਦੱਸਿਆ ਕਿ ਆਨਲਾਈਨ ਐਂਟਰੀ ਵਿੱਚ ਤਕਨੀਕੀ ਸਮੱਸਿਆ ਕਾਰਨ ਕਈ ਕਿਸਾਨਾਂ ਦੇ ਪ੍ਰੀਮੀਅਮ ਦੀ ਜਾਣਕਾਰੀ ਅਪਡੇਟ ਨਹੀਂ ਹੋ ਸਕੀ ਸੀ, ਜਿਸ ਨੂੰ ਹੁਣ ਠੀਕ ਕਰ ਦਿੱਤਾ ਗਿਆ ਹੈ। ਇਸ ’ਤੇ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਅਜਿਹੇ ਸਾਰੇ ਯੋਗ ਕਿਸਾਨਾਂ ਨੂੰ 20 ਦਸੰਬਰ ਤੱਕ ਬੀਮਾ ਕਲੇਮ ਦੀ ਰਾਸ਼ੀ ਜਾਰੀ ਕੀਤੀ ਜਾਵੇ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਾਰਤਿਕ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਉਸ ਦੇ ਸੇਵਾਮੁਕਤ ਅਧਿਆਪਕ ਪਿਤਾ ਦੀ ਮੌਤ ਤੋਂ ਬਾਅਦ ਮਿਲਣ ਵਾਲੇ ਸਾਰੇ ਲਾਭ 10 ਦਿਨਾਂ ਦੇ ਅੰਦਰ ਦੇਣ ਦੇ ਨਿਰਦੇਸ਼ ਦਿੱਤੇ। ਸੈਕਟਰ 19 ਦੇ ਵਸਨੀਕ ਚੜ੍ਹਤ ਸਿੰਘ ਦੇ ਘਰ ਤੱਕ ਰਸਤਾ ਦੇਣ ਦੇ ਨਿਰਦੇਸ਼ ਦਿੱਤੇ। ਈਰਾ ਰੈਜ਼ੀਡੈਂਸ਼ੀਅਲ ਵੈਲਫੇਅਰ ਐਸੋਸੀਏਸ਼ਨ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਮੁੱਖ ਮੰਤਰੀ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਦੀ ਲਾਈਨ ਵਿਛਾਉਣ ਕਾਰਨ ਖਰਾਬ ਹੋਏ ਪਾਰਕ ਅਤੇ ਸੜਕ ਦੀ ਮੁਰੰਮਤ ਕਰਵਾ ਕੇ ਉਨ੍ਹਾਂ ਨੂੰ ਠੀਕ ਕਰਵਾਇਆ ਜਾਵੇ।
ਮੀਟਿੰਗ ਵਿੱਚ ਸਾਬਕਾ ਰਾਜਪਾਲ ਗਣੇਸ਼ੀ ਲਾਲ, ਵਿਧਾਇਕ ਆਦਿੱਤਿਆ ਚੌਟਾਲਾ, ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ, ਪੁਲਿਸ ਸੁਪਰਡੈਂਟ ਦੀਪਕ ਸਹਾਰਨ, ਮੁੱਖ ਮੰਤਰੀ ਦੇ ਮੀਡੀਆ ਕੋਆਰਡੀਨੇਟਰ ਅਸ਼ੋਕ ਛਾਬੜਾ ਸਮੇਤ ਜਨ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ।
ਸਲਸਵਿਹ/2026