ਪਟਿਆਲਾ : ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ ਵੱਲੋਂ ਏਅਰ ਰੇਡ ਅਤੇ ਬਲੈਕਆਊਟ ਸਬੰਧੀ ਮੌਕ ਡਰਿੱਲ ਕਰਵਾਈ ਗਈ। ਪਟਿਆਲਾ ਜ਼ਿਲ੍ਹੇ ਵਿੱਚ ਇਹ ਅਭਿਆਸ ਸਿਵਲ ਡਿਫੈਂਸ ਦੀ ਤਿਆਰੀ, ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਅਤੇ ਐਮਰਜੈਂਸੀ ਹਾਲਾਤ ਦੌਰਾਨ ਕੀਤੀ ਜਾਣ ਵਾਲੀ ਕਾਰਵਾਈ ਦੀ ਜਾਂਚ ਕਰਨ ਦੇ ਉਦੇਸ਼ ਨਾਲ ਕਰਵਾਇਆ ਗਿਆ। ਇਹ ਮੌਕ ਡਰਿੱਲ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਸਿਵਲ ਡਿਫੈਂਸ ਦੇ ਐਡੀਸ਼ਨਲ ਕੰਟਰੋਲਰ ਸ੍ਰੀ ਗਗਨਪ੍ਰੀਤ ਸਿੰਘ ਢਿੱਲੋਂ, ਨੋਡਲ ਅਫ਼ਸਰ ਸ੍ਰੀ ਮੋਹਨਦੀਪ ਸਿੰਘ ਅਤੇ ਚੀਫ਼ ਵਾਰਡਨ ਸਿਵਲ ਡਿਫੈਂਸ ਸ੍ਰੀ ਕੇ.ਐਸ. ਸੇਖੋਂ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਡੀ.ਸੀ.ਡਬਲਯੂ. ਪੁਲ ਦੇ ਹੇਠਾਂ ਕਰਵਾਈ ਗਈ। ਮੌਕ ਡਰਿੱਲ ਦੀ ਸ਼ੁਰੂਆਤ ਸਾਇਰਨ ਵਜਾਉਣ ਨਾਲ ਹੋਈ, ਜਿਸ ਤੋਂ ਬਾਅਦ ਬਿਜਲੀ ਵਿਭਾਗ ਵੱਲੋਂ ਤੁਰੰਤ ਨਿਰਧਾਰਤ ਇਲਾਕੇ ਦੀ ਬਿਜਲੀ ਸਪਲਾਈ ਬੰਦ ਕਰਕੇ ਬਲੈਕਆਊਟ ਕੀਤਾ ਗਿਆ। ਕਰੀਬ 10 ਮਿੰਟ ਦੇ ਬਲੈਕਆਊਟ ਤੋਂ ਬਾਅਦ ਮੌਕ ਡਰਿੱਲ ਵਾਲੀ ਥਾਂ 'ਤੇ ਸੰਭਾਵੀ ਆਫ਼ਤ ਦੌਰਾਨ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਕਾਰਵਾਈਆਂ ਦਾ ਅਭਿਆਸ ਕੀਤਾ ਗਿਆ। ਇਸ ਦੌਰਾਨ ਅੱਗ ਬੁਝਾਉਣ, ਖੋਜ ਅਤੇ ਬਚਾਅ ਕਾਰਜ, ਮੁੱਢਲੀ ਸਹਾਇਤਾ, ਮੈਡੀਕਲ ਸਹਾਇਤਾ, ਜ਼ਖ਼ਮੀਆਂ ਨੂੰ ਸੁਰੱਖਿਅਤ ਬਾਹਰ ਕੱਢਣ, ਟ੍ਰੈਫਿਕ ਅਤੇ ਭੀੜ ਨੂੰ ਨਿਯੰਤਰਿਤ ਕਰਨ ਸਮੇਤ ਹੋਰ ਐਮਰਜੈਂਸੀ ਪ੍ਰਬੰਧਾਂ ਦਾ ਅਭਿਆਸ ਕੀਤਾ ਗਿਆ। ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਆਪਸੀ ਤਾਲਮੇਲ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦਿਆਂ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਦੀ ਕਾਰਜਪ੍ਰਣਾਲੀ ਦਾ ਪ੍ਰਦਰਸ਼ਨ ਕੀਤਾ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਸਿਵਲ ਸਰਜਨ ਪਟਿਆਲਾ ਵੱਲੋਂ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ, ਪਟਿਆਲਾ ਵਿਖੇ ਆਰਜ਼ੀ ਵਾਰਡ ਵੀ ਤਿਆਰ ਕੀਤਾ ਗਿਆ। ਇਸ ਅਭਿਆਸ ਵਿੱਚ ਸਿਵਲ ਡਿਫੈਂਸ, ਫਾਇਰ ਬ੍ਰਿਗੇਡ, ਸਿਹਤ ਵਿਭਾਗ, ਰੈੱਡ ਕਰਾਸ, ਡੀ.ਸੀ.ਡਬਲਯੂ., ਐਨ.ਸੀ.ਸੀ., ਐਨ.ਐਸ.ਐਸ., ਪੀ.ਐਸ.ਪੀ.ਸੀ.ਐਲ. ਅਤੇ ਪੰਜਾਬ ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ।