ਭਾਰਤ ਦੇ ਹਾਈ ਕਮਿਸ਼ਨਰ ਅਤੇ ਪ੍ਰਵਾਸੀ ਭਾਰਤੀਆਂ ਨੇ ਮੁੱਖ ਮੰਤਰੀ ਦਾ ਕੀਤਾ ਭਰਵਾਂ ਸਵਾਗਤ
ਚੰਡੀਗੜ੍ਹ : ਹਰਿਆਣਾ ਵਿੱਚ ਵਿਸ਼ਵ ਨਿਵੇਸ਼ ਆਕਰਸ਼ਿਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਯੂਨਾਈਟਿਡ ਕਿੰਗਡਮ (ਯੂਕੇ) ਦੇ ਦੌਰੇ 'ਤੇ ਗਏ ਉੱਚ ਪੱਧਰੀ ਵਫ਼ਦ ਨੇ ਦੌਰੇ ਦੇ ਪਹਿਲੇ ਹੀ ਦਿਨ ਵੱਖ-ਵੱਖ ਉਦਯੋਗਪਤੀਆਂ, ਵਿਸ਼ਵ ਨਿਵੇਸ਼ਕਾਂ ਅਤੇ ਪ੍ਰਵਾਸੀ ਭਾਰਤੀਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਵਫ਼ਦ ਨੇ ਹਰਿਆਣਾ ਦੇ ਮਜ਼ਬੂਤ ਉਦਯੋਗਿਕ ਬੁਨਿਆਦੀ ਢਾਂਚੇ, ਨਿਵੇਸ਼ ਲਈ ਉਪਲਬਧ ਵਿਆਪਕ ਮੌਕਿਆਂ, ਉਦਯੋਗ-ਪੱਖੀ ਨੀਤੀਆਂ, ਬਿਹਤਰ ਸੰਪਰਕ ਅਤੇ ਹੁਨਰਮੰਦ ਮਨੁੱਖੀ ਸਰੋਤਾਂ ਦੀਆਂ ਵਿਸ਼ੇਸ਼ਤਾਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਵਫ਼ਦ ਵਿੱਚ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਵੀ ਮੌਜੂਦ ਰਹੇ।
ਯੂਕੇ ਪਹੁੰਚਣ 'ਤੇ ਭਾਰਤ ਦੇ ਹਾਈ ਕਮਿਸ਼ਨਰ ਸ੍ਰੀ ਕੁਮਾਰਨ ਪੇਰੀਆਸਾਮੀ ਅਤੇ ਡਿਪਟੀ ਹਾਈ ਕਮਿਸ਼ਨਰ ਸ੍ਰੀ ਕਾਰਤਿਕ ਪਾਂਡੇ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਉਨ੍ਹਾਂ ਦੀ ਅਗਵਾਈ ਹੇਠ ਗਏ ਉੱਚ ਪੱਧਰੀ ਵਫ਼ਦ ਦਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਹਾਈ ਕਮਿਸ਼ਨਰ ਸ੍ਰੀ ਕੁਮਾਰਨ ਪੇਰੀਆਸਾਮੀ ਅਤੇ ਵਫ਼ਦ ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਹਰਿਆਣਾ ਵਿੱਚ ਨਿਵੇਸ਼ ਦੀਆਂ ਵਿਆਪਕ ਸੰਭਾਵਨਾਵਾਂ 'ਤੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ, ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਯੂਕੇ ਦੇ ਉਦਯੋਗਾਂ ਅਤੇ ਕਾਰੋਬਾਰਾਂ ਨੂੰ ਹਰਿਆਣਾ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨ ਅਤੇ ਭਾਰਤ-ਯੂਕੇ ਉਦਯੋਗਿਕ ਸਹਿਯੋਗ ਨੂੰ ਹੁਲਾਰਾ ਦੇਣ ਦੇ ਵੱਖ-ਵੱਖ ਪਹਿਲੂਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਉਪਰੰਤ, ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਵਾਸੀ ਭਾਰਤੀਆਂ ਦੇ ਵਫ਼ਦ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪ੍ਰਵਾਸੀ ਭਾਰਤੀਆਂ ਨੇ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਮੀਟਿੰਗ ਵਿੱਚ ਹਰਿਆਣਾ ਅਤੇ ਯੂਕੇ ਵਿਚਾਲੇ ਉਦਯੋਗਿਕ ਨਿਵੇਸ਼ ਨੂੰ ਉਤਸ਼ਾਹਿਤ ਕਰਨ, ਵਪਾਰਕ ਅਤੇ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ, ਆਪਸੀ ਸਹਿਯੋਗ ਦੇ ਨਵੇਂ ਮੌਕੇ ਤਲਾਸ਼ਣ ਅਤੇ ਸੱਭਿਆਚਾਰਕ ਅਦਾਨ-ਪ੍ਰਦਾਨ ਨੂੰ ਹੁਲਾਰਾ ਦੇਣ ਵਰਗੇ ਅਹਿਮ ਵਿਸ਼ਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਦੋਵਾਂ ਦੇਸ਼ਾਂ ਦੇ ਵਿੱਦਿਅਕ ਅਦਾਰਿਆਂ ਵਿਚਾਲੇ ਸਹਿਯੋਗ ਵਧਾਉਣ ਅਤੇ ਸਟੂਡੈਂਟ ਐਕਸਚੇਂਜ ਪ੍ਰੋਗਰਾਮ ਨੂੰ ਉਤਸ਼ਾਹਿਤ ਕਰਨ ਦੀਆਂ ਸੰਭਾਵਨਾਵਾਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਅੱਜ ਖੇਤੀ ਪ੍ਰਧਾਨ ਸੂਬੇ ਦੀ ਪਛਾਣ ਤੋਂ ਅੱਗੇ ਵਧ ਕੇ ਆਟੋਮੋਬਾਈਲ, ਮੈਨੂਫੈਕਚਰਿੰਗ, ਆਈਟੀ, ਸੇਵਾ ਖੇਤਰ, ਖੇਡਾਂ, ਸਿੱਖਿਆ ਅਤੇ ਉੱਦਮਤਾ ਸਮੇਤ ਅਨੇਕਾਂ ਖੇਤਰਾਂ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਪਣੀ ਪਛਾਣ ਬਣਾ ਚੁੱਕਾ ਹੈ। ਸੂਬੇ ਵਿੱਚ ਮਜ਼ਬੂਤ ਉਦਯੋਗਿਕ ਈਕੋਸਿਸਟਮ ਅਤੇ ਹੁਨਰਮੰਦ ਮਨੁੱਖੀ ਸਰੋਤ ਨਿਵੇਸ਼ਕਾਂ ਲਈ ਮਹੱਤਵਪੂਰਨ ਮੌਕੇ ਪ੍ਰਦਾਨ ਕਰਦੇ ਹਨ। ਹਰਿਆਣਾ ਸਰਕਾਰ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਨੀਤੀਗਤ ਮਾਹੌਲ ਤਿਆਰ ਕਰਨ, ਨਿਵੇਸ਼ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਅਤੇ ਨਿਵੇਸ਼ਕਾਂ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ।
ਉਦਯੋਗ ਅਤੇ ਵਣਜ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਅਤੇ ਇਸੇ ਉਦੇਸ਼ ਨਾਲ ਮੁੱਖ ਮੰਤਰੀ ਹਰਿਆਣਾ ਵਿੱਚ ਆਲਮੀ ਨਿਵੇਸ਼ ਲਿਆਉਣ ਲਈ ਇਹ ਦੌਰਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰੇ ਦੌਰਾਨ ਉਹ ਆਲਮੀ ਨਿਵੇਸ਼ਕਾਂ, ਪ੍ਰਮੁੱਖ ਉਦਯੋਗਪਤੀਆਂ, ਬਿਜ਼ਨਸ ਲੀਡਰਾਂ, ਵਿੱਦਿਅਕ ਅਦਾਰਿਆਂ, ਯੂਕੇ ਦੇ ਸੰਸਦ ਮੈਂਬਰਾਂ ਅਤੇ ਹਰਿਆਣਾ ਮੂਲ ਦੇ ਪ੍ਰਵਾਸੀ ਭਾਰਤੀਆਂ ਨਾਲ ਮੀਟਿੰਗਾਂ ਅਤੇ ਸੰਵਾਦ ਕਰਨਗੇ। ਉੱਥੇ ਹੀ, ਜਰਮਨੀ ਵਿੱਚ ਹਰਿਆਣਾ ਸਟੇਟ ਰੋਡ-ਸ਼ੋਅ ਰਾਹੀਂ ਸੂਬੇ ਦੀਆਂ ਨਿਵੇਸ਼ ਸੰਭਾਵਨਾਵਾਂ ਅਤੇ ਉਦਯੋਗ-ਪੱਖੀ ਨੀਤੀਆਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਵੱਖ-ਵੱਖ ਨਾਮਵਰ ਕੰਪਨੀਆਂ ਨਾਲ ਵੱਖ-ਵੱਖ ਖੇਤਰਾਂ ਵਿੱਚ ਸਮਝੌਤੇ (ਐਮਓਯੂ) ਵੀ ਕੀਤੇ ਜਾਣਗੇ।