ਐਸ.ਬੀ.ਐਸ. ਨਗਰ ਅਤੇ ਲੁਧਿਆਣਾ ਵਿੱਚ 200 ਤੋਂ ਵੱਧ ਵਾਹਨਾਂ ਦੀ ਕੀਤੀ ਜਾਂਚ; ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਲਗਭਗ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ
ਚੰਡੀਗੜ੍ਹ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਜ਼ੀਰੋ-ਟੋਲਰੈਂਸ' ਨੀਤੀ ਤਹਿਤ ਮਾਈਨਿੰਗ ਵਿਭਾਗ ਨੇ ਨਾਜਾਇਜ਼ ਮਾਈਨਿੰਗ ਅਤੇ ਖਣਿਜਾਂ ਦੀ ਗ਼ੈਰ-ਕਾਨੂੰਨੀ ਢੋਆ-ਢੁਆਈ ਵਿਰੁੱਧ ਸੂਬਾ ਪੱਧਰੀ ਕਾਰਵਾਈ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਲਗਾਤਾਰ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ 27 ਨਵੰਬਰ ਨੂੰ ਐਸ.ਬੀ.ਐਸ. ਨਗਰ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਰਾਤ ਸਮੇਂ ਵਿਸ਼ੇਸ਼ ਕਾਰਵਾਈ ਕੀਤੀ ਗਈ। ਇਸ ਦੌਰਾਨ ਮਾਈਨਿੰਗ ਨਿਯਮਾਂ ਦੀ ਉਲੰਘਣਾ ਸਬੰਧੀ ਜਾਂਚ ਲਈ ਵੱਖ-ਵੱਖ ਅਹਿਮ ਥਾਵਾਂ 'ਤੇ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ। ਇਸ ਕਾਰਵਾਈ ਬਾਰੇ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਤ ਭਰ ਚੱਲੀ ਇਸ ਮੁਹਿੰਮ ਦੌਰਾਨ 200 ਤੋਂ ਵੱਧ ਭਾਰੀ ਵਾਹਨਾਂ ਅਤੇ ਟਿੱਪਰਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ ਪੰਜ ਵਾਹਨ ਮਾਈਨਿੰਗ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ। ਇਨ੍ਹਾਂ ਪੰਜਾਂ ਵਾਹਨਾਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਨੂੰ ਜ਼ਬਤ ਕਰ ਲਿਆ ਗਿਆ, ਜਦਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਲਗਭਗ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ 'ਪੰਜਾਬ ਮਾਈਨਰ ਮਿਨਰਲ ਰੂਲਜ਼ (ਪੀ.ਐਮ.ਐਮ.ਆਰ.), 2013' ਦੀਆਂ ਧਾਰਾਵਾਂ ਤਹਿਤ ਲੋੜੀਂਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਨਾਜਾਇਜ਼ ਮਾਈਨਿੰਗ ਅਤੇ ਖਣਿਜਾਂ ਦੀ ਗ਼ੈਰ-ਕਾਨੂੰਨੀ ਢੋਆ-ਢੁਆਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਸਖ਼ਤ ਜਾਂਚ, ਰਾਤ ਸਮੇਂ ਗਸ਼ਤ ਅਤੇ ਅਚਨਚੇਤ ਨਾਕੇ ਲਗਾ ਕੇ ਆਪਣੀ ਨਿਗਰਾਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਖਣਿਜਾਂ ਦੀ ਰਾਖੀ ਕਰਨ ਅਤੇ ਸਰਕਾਰੀ ਖਜ਼ਾਨੇ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਲਗਾਤਾਰ ਚੌਕਸੀ ਰੱਖਣਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਬੇਹੱਦ ਜ਼ਰੂਰੀ ਹੈ। ਸਾਲ 2022 ਤੋਂ 2026 ਤੱਕ ਵਿਭਾਗ ਵੱਲੋਂ ਕੀਤੀਆਂ ਗਈਆਂ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਕੁੱਲ 1,863 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ 4,050 ਚਲਾਨ ਕੀਤੇ ਗਏ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ 28.85 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ, ਜਿਨ੍ਹਾਂ ਵਿੱਚੋਂ 27.68 ਕਰੋੜ ਰੁਪਏ ਦੀ ਵਸੂਲੀ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਸਾਲ-ਵਾਰ ਅੰਕੜਿਆਂ ਅਨੁਸਾਰ 2022 ਵਿੱਚ 735 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ 802 ਚਲਾਨ ਜਾਰੀ ਕੀਤੇ ਗਏ, ਜਦਕਿ 0.89 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ 0.88 ਕਰੋੜ ਰੁਪਏ ਵਸੂਲੇ ਗਏ। ਸਾਲ 2023 ਵਿੱਚ ਵਿਭਾਗ ਨੇ 458 ਐਫ.ਆਈ.ਆਰ ਦਰਜ ਕੀਤੀਆਂ ਅਤੇ 987 ਚਲਾਨ ਕੀਤੇ, ਜਿਸ ਤਹਿਤ 6.64 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ 6.17 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ। ਸਾਲ 2024 ਦੌਰਾਨ 294 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ 1,077 ਚਲਾਨ ਕੀਤੇ ਗਏ, ਜਿਸ ਤਹਿਤ 9.74 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਜਿਸ ਵਿੱਚੋਂ 9.56 ਕਰੋੜ ਰੁਪਏ ਵਸੂਲੇ ਗਏ। ਸਾਲ 2025 ਵਿੱਚ 111 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ 454 ਚਲਾਨ ਕੀਤੇ ਗਏ, ਜਿਸ ਦੇ ਨਤੀਜੇ ਵਜੋਂ 2.76 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ 2.70 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ। ਸਾਲ 2026 ਦੌਰਾਨ ਵਿਭਾਗ ਨੇ 265 ਐਫ.ਆਈ.ਆਰ ਦਰਜ ਕੀਤੀਆਂ ਅਤੇ 730 ਚਲਾਨ ਜਾਰੀ ਕੀਤੇ, ਜਿਸ ਤਹਿਤ 8.82 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ 8.37 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ। ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਨੇ ਵੱਧ ਤੋਂ ਵੱਧ ਮਾਲੀਆ ਜੁਟਾਉਣ ਅਤੇ ਮਾਈਨਿੰਗ ਕਾਰਜਾਂ ਨੂੰ ਹੋਰ ਸੁਚਾਰੂ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਪ੍ਰਗਤੀ ਹਾਸਲ ਕੀਤੀ ਹੈ। ਮਾਈਨਿੰਗ ਤੋਂ ਸਾਲ 2021-22 ਵਿੱਚ 124.75 ਕਰੋੜ ਰੁਪਏ ਮਾਲੀਆ ਪ੍ਰਾਪਤ ਹੋਇਆ ਸੀ, ਜੋ ਸਾਲ 2022-23 ਵਿੱਚ ਵਧ ਕੇ 247 ਕਰੋੜ ਰੁਪਏ ਅਤੇ 2023-24 ਵਿੱਚ 288.75 ਕਰੋੜ ਰੁਪਏ ਹੋ ਗਿਆ। ਸਾਲ 2024-25 ਵਿੱਚ 260 ਕਰੋੜ ਰੁਪਏ ਮਾਲੀਆ ਇਕੱਤਰ ਹੋਇਆ, ਜਿਸ ਤੋਂ ਬਾਅਦ ਭਾਰੀ ਵਾਧੇ ਨਾਲ ਇਹ ਮਾਲੀਆ ਸਾਲ 2025-26 ਵਿੱਚ 799 ਕਰੋੜ ਰੁਪਏ ਤੱਕ ਪਹੁੰਚ ਗਿਆ। ਸਾਲ 2026-27 ਦੌਰਾਨ ਵਿਭਾਗ ਨੇ ਰਿਪੋਰਟਿੰਗ ਮਿਆਦ ਤੱਕ ਪਹਿਲਾਂ ਹੀ 379.73 ਕਰੋੜ ਰੁਪਏ ਦਾ ਮਾਲੀਆ ਹਾਸਲ ਕਰ ਲਿਆ ਹੈ, ਜਿਸ ਨਾਲ ਉਕਤ ਵਿੱਤੀ ਸਾਲਾਂ ਦੌਰਾਨ ਕੁੱਲ ਮਾਲੀਆ 2,053.50 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਵਾਧਾ ਮਾਲੀਏ ਦੀ ਬਿਹਤਰ ਵਸੂਲੀ ਅਤੇ ਵਿਭਾਗ ਵੱਲੋਂ ਯਕੀਨੀ ਬਣਾਏ ਮਜ਼ਬੂਤ ਲਾਗੂਕਰਨ ਤੇ ਨਿਗਰਾਨ ਪ੍ਰਬੰਧਾਂ ਨੂੰ ਦਰਸਾਉਂਦਾ ਹੈ। ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਨ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਖਣਿਜਾਂ ਦੀ ਗ਼ੈਰ-ਕਾਨੂੰਨੀ ਖੁਦਾਈ, ਨਾਜਾਇਜ਼ ਢੋਆ-ਢੁਆਈ ਜਾਂ ਮਾਈਨਿੰਗ ਨਿਯਮਾਂ ਦੀ ਕਿਸੇ ਵੀ ਹੋਰ ਉਲੰਘਣਾ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਪ੍ਰਤੀ ਕੋਈ ਨਰਮੀ ਨਹੀਂ ਵਰਤੀ ਜਾਵੇਗੀ। ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ, ਜਿਸ ਵਿੱਚ ਵਾਹਨਾਂ ਨੂੰ ਜ਼ਬਤ ਕਰਨਾ, ਚਲਾਨ ਕਰਨਾ, ਜੁਰਮਾਨੇ ਵਸੂਲਣਾ ਅਤੇ ਲੋੜ ਅਨੁਸਾਰ ਐਫ.ਆਈ.ਆਰ ਦਰਜ ਕਰਨਾ ਸ਼ਾਮਲ ਹੈ। ਕੈਬਨਿਟ ਮੰਤਰੀ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਪੂਰੀ ਚੌਕਸੀ ਵਰਤਣ ਅਤੇ ਸੂਬੇ ਭਰ ਵਿੱਚ ਰਾਤ ਸਮੇਂ ਨਾਕੇ ਲਗਾਉਣ, ਅਚਨਚੇਤ ਨਿਰੀਖਣ ਕਰਨ ਅਤੇ ਤਾਲਮੇਲ ਵਾਲੀਆਂ ਵਿਸ਼ੇਸ਼ ਮੁਹਿੰਮਾਂ ਨੂੰ ਹੋਰ ਤੇਜ਼ ਕਰਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਰਾਖੀ ਕਰਨ, ਮਾਈਨਿੰਗ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਸੂਬੇ ਦੇ ਮਾਲੀਏ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।