ਆਉਂਦੇ ਮੰਗਲਵਾਰ ਔਰਤਾਂ ਦੇ ਮੋਬਾਈਲ ਫ਼ੋਨਾਂ ’ਤੇ ਮੁੜ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਕਾਲੀ ਦਲ ਨੇ ਲੋਕਾਂ ਨੂੰ ਮੂਰਖ ਬਣਾ ਕੇ 25 ਸਾਲ ਪੰਜਾਬ ’ਤੇ ਰਾਜ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਿਤੀਸ਼ ਕੁਮਾਰ, ਸ਼ਰਦ ਪਵਾਰ ਤੇ ਊਧਵ ਠਾਕਰੇ ਵਾਂਗ ਭਾਜਪਾ, ਅਕਾਲੀ ਦਲ ਨੂੰ ਵੀ ਹੜੱਪ ਕਰ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਕਾਲੀ ਦਲ ਨੇ ਪੰਜਾਬ ਦੇ 750 ਕਿਸਾਨਾਂ ਦੀਆਂ ਲਾਸ਼ਾਂ ‘ਤੇ ਪੈਰ ਰੱਖ ਕੇ ਭਾਜਪਾ ਨਾਲ ਗੱਠਜੋੜ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਕਾ ਦਾਖਾ ਦੇ ਪਿੰਡ ਹਾਂਸ ਕਲਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ
ਲੁਧਿਆਣਾ/ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਦਹਾਕਿਆਂ ਤੱਕ ਲੋਕਾਂ ਨੂੰ ਗੁੰਮਰਾਹ ਕਰਨ ਵਾਲੀਆਂ ਪਾਰਟੀਆਂ ਨੂੰ ਮੁੜ ਨਕਾਰ ਕੇ ਪੰਜਾਬ ਵਾਸੀ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਇੱਕ ਵਾਰ ਫਿਰ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਚੁਣਨਗੇ। ਅਕਾਲੀ ਦਲ ਦੇ 25 ਸਾਲਾਂ ਦੇ ਕੁਸ਼ਾਸਨ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਸ ਪਾਰਟੀ ਨੇ ਲੋਕਾਂ ਨੂੰ ਮੂਰਖ ਬਣਾਇਆ ਅਤੇ ਹੁਣ ਇਸਨੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਸ਼ਹੀਦ ਹੋਏ 750 ਕਿਸਾਨਾਂ ਦੀਆਂ ਲਾਸ਼ਾਂ ’ਤੇ ਪੈਰ ਰੱਖ ਕੇ ਭਾਜਪਾ ਨਾਲ ਹੱਥ ਮਿਲਾ ਲਿਆ ਹੈ। ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਜਿਵੇਂ ਭਾਜਪਾ ਨੇ ਨਿਤੀਸ਼ ਕੁਮਾਰ, ਸ਼ਰਦ ਪਵਾਰ ਅਤੇ ਊਧਵ ਠਾਕਰੇ ਨਾਲ ਜੁੜੀਆਂ ਖੇਤਰੀ ਸਿਆਸੀ ਤਾਕਤਾਂ ਨੂੰ ਕਮਜ਼ੋਰ ਕੀਤਾ ਹੈ, ਉਸੇ ਤਰ੍ਹਾਂ ਇਹ ਪਾਰਟੀ ਅਕਾਲੀ ਦਲ ਨੂੰ ਵੀ ਹੜੱਪ ਜਾਵੇਗੀ। ਆਪਣੀ ਸਰਕਾਰ ਦੀਆਂ ਤਰਜੀਹਾਂ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦਾ ਮੁੱਖ ਧਿਆਨ ਮਿਆਰੀ ਸਿੱਖਿਆ, ਬਿਹਤਰ ਸਿਹਤ ਸਹੂਲਤਾਂ, ਖੇਤੀਬਾੜੀ ਲਈ ਦਿਨ ਵੇਲੇ ਬਿਜਲੀ, ਨਹਿਰੀ ਪਾਣੀ ਅਤੇ ਪਿੰਡਾਂ ਦੇ ਵਿਕਾਸ ’ਤੇ ਕੇਂਦਰਿਤ ਹੈ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਆਉਂਦੇ ਮੰਗਲਵਾਰ ਔਰਤਾਂ ਦੇ ਮੋਬਾਈਲ ਫ਼ੋਨਾਂ ’ਤੇ ਮੁੜ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਹੋਵੇਗੀ। ਆਪਣੇ ‘ਐਕਸ’ ਹੈਂਡਲ ’ਤੇ ਪੋਸਟ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, ‘‘ਅੱਜ ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਹਾਂਸ ਕਲਾਂ ਵਿਖੇ ‘ਲੋਕ ਮਿਲਣੀ’ ਦੌਰਾਨ ਇਲਾਕਾ ਨਿਵਾਸੀਆਂ ਖ਼ਾਸ ਕਰਕੇ ਮਾਵਾਂ, ਭੈਣਾਂ ਅਤੇ ਬਜ਼ੁਰਗਾਂ ਵੱਲੋਂ ਦਿੱਤੇ ਗਏ ਅਥਾਹ ਪਿਆਰ ਅਤੇ ਸਤਿਕਾਰ ਲਈ ਤਹਿ ਦਿਲੋਂ ਧੰਨਵਾਦ। ਤੁਹਾਡੀ ਭਰਵੀਂ ਹਾਜ਼ਰੀ ਅਤੇ ਉਤਸ਼ਾਹ ਸਾਨੂੰ ਹੋਰ ਵੀ ਸਮਰਪਿਕ ਭਾਵਨਾ ਨਾਲ ਪੰਜਾਬ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ। ਸਾਡੀ ਸਿਆਸਤ ਸਿਰਫ਼ ਖੋਖਲੇ ਨਾਅਰਿਆਂ ਦੀ ਨਹੀਂ, ਸਗੋਂ ਅਸੀਂ ਬੱਚਿਆਂ ਲਈ ਮਿਆਰੀ ਸਿੱਖਿਆ, ਬਿਹਤਰ ਸਿਹਤ ਸਹੂਲਤਾਂ, ਖੇਤੀ ਲਈ ਦਿਨ ਵੇਲੇ ਬਿਜਲੀ, ਨਹਿਰੀ ਪਾਣੀ ਅਤੇ ਪਿੰਡਾਂ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਦਾ ਇਹ ਸਫ਼ਰ ਇਸੇ ਵਚਨਬੱਧਤਾ ਅਤੇ ਦ੍ਰਿੜ੍ਹਤਾ ਨਾਲ ਜਾਰੀ ਰਹੇਗਾ।’’ ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਭਾਜਪਾ ਨੇ ਹੁਣ ਤੱਕ ਜਿਸ ਵੀ ਖੇਤਰੀ ਪਾਰਟੀ ਨਾਲ ਹੱਥ ਮਿਲਾਇਆ, ਉਸ ਨੂੰ ਨਿਗਲ ਲਿਆ ਹੈ ਅਤੇ ਹੁਣ ਇਸ ਦੇ ਨਵੇਂ ਭਾਈਵਾਲ ਅਕਾਲੀ ਦਲ ਦੀ ਉਲਟੀ ਗਿਣਤੀ ਵੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ, ਹਰਿਆਣਾ, ਬਿਹਾਰ ਅਤੇ ਹੋਰ ਸੂਬਿਆਂ ਵਿੱਚ ਭਾਜਪਾ ਦੀਆਂ ਭਾਈਵਾਲ ਪਾਰਟੀਆਂ ਜਿਵੇਂ ਸ਼ਿਵ ਸੈਨਾ, ਇੰਡੀਅਨ ਨੈਸ਼ਨਲ ਲੋਕ ਦਲ ਅਤੇ ਜਨਤਾ ਦਲ ਯੂਨਾਈਟਿਡ ਦਾ ਭਗਵਾਂ ਪਾਰਟੀ ਵੱਲੋਂ ਸਫ਼ਾਇਆ ਕਰ ਦਿੱਤਾ ਗਿਆ ਹੈ ਅਤੇ ਹੁਣ ਅਕਾਲੀ ਦਲ ਦੀ ਵਾਰੀ ਹੈ, ਜਿਸ ਨੇ ਪੰਜਾਬੀਆਂ ਦੇ ਹਿੱਤਾਂ ਨੂੰ ਅੱਖੋਂ ਪਰੋਖੇ ਕਰਕੇ ਸੂਬੇ ਵਿੱਚ ਸੱਤਾ ਹਾਸਲ ਕਰਨ ਦੀ ਲਾਲਸਾ ਤਹਿਤ ਹਾਲ ਹੀ ਵਿੱਚ ਭਾਜਪਾ ਨਾਲ ਹੱਥ ਮਿਲਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਨੇ ਜਿੱਥੇ ਵੀ ਆਪਣਾ ਪ੍ਰਭਾਵ ਵਧਾਉਣਾ ਚਾਹਿਆ ਹੈ, ਉੱਥੇ ਇਸ ਨੇ ਖੇਤਰੀ ਆਗੂਆਂ ਅਤੇ ਸਿਆਸੀ ਜਥੇਬੰਦੀਆਂ ਨੂੰ ਕਮਜ਼ੋਰ ਕੀਤਾ ਹੈ।’’ ਮੁੱਖ ਮੰਤਰੀ ਨੇ ਕਿਹਾ, ‘‘ਅਕਾਲੀ ਲੀਡਰਸ਼ਿਪ ਨੇ ਪਹਿਲਾਂ ਕਿਸਾਨਾਂ, ਸਿੱਖ ਸੰਸਥਾਵਾਂ ਅਤੇ ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ’ਤੇ ਭਾਜਪਾ ਦੀ ਆਲੋਚਨਾ ਕੀਤੀ ਸੀ। ਅਕਾਲੀਆਂ ਨੇ ਕਿਸਾਨ ਅੰਦੋਲਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਜਾਬ ਯੂਨੀਵਰਸਿਟੀ ਅਤੇ ਹੋਰ ਮੁੱਦਿਆਂ ’ਤੇ ਭਾਜਪਾ ਨੂੰ ਘੇਰਿਆ ਸੀ, ਪਰ ਹੁਣ ਸਿਆਸੀ ਲਾਹੇ ਲਈ ਉਸੇ ਪਾਰਟੀ ਨਾਲ ਹੱਥ ਮਿਲਾ ਲਿਆ ਹੈ। ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਮੌਤਾਂ ਲਈ ਭਾਜਪਾ ਪਾਰਟੀ ਹੀ ਜ਼ਿੰਮੇਵਾਰ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਦਿੱਤੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲਣਗੇ।’’ ਉਨ੍ਹਾਂ ਕਿਹਾ, ‘‘ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਹੋਇਆ ਗੱਠਜੋੜ ਕਿਸਾਨਾਂ ਦੇ ਹਿੱਤਾਂ ਲਈ ਖ਼ਤਰਾ ਬਣ ਸਕਦਾ ਹੈ। ਇਹ ਪਾਰਟੀਆਂ ਖੇਤੀਬਾੜੀ ਨੂੰ ਪ੍ਰਭਾਵਿਤ ਕਰਨ ਵਾਲੀਆਂ ਨੀਤੀਆਂ ਵਿਰੁੱਧ ਕਦੇ ਵੀ ਡਟ ਕੇ ਨਹੀਂ ਖੜ੍ਹਨਗੀਆਂ।’’ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਅਕਾਲੀ ਲੀਡਰਸ਼ਿਪ 2007 ਤੋਂ 2017 ਤੱਕ ਆਪਣੇ ਕਾਰਜਕਾਲ ਦੌਰਾਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਰਾਖੀ ਕਰਨ ਵਿੱਚ ਨਾਕਾਮ ਰਹੀ ਅਤੇ ਹੁਣ ਸਿਆਸੀ ਹਿੱਤਾਂ ਦੀ ਪੂਰਤੀ ਲਈ ਧਰਮ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅਕਾਲੀ ਆਗੂ ਸਿਆਸੀ ਲਾਹੇ ਲਈ ਧਾਰਮਿਕ ਚਿੰਨ੍ਹਾਂ ਦੀ ਵਰਤੋਂ ਕਰ ਰਹੇ ਹਨ ਅਤੇ ਸਿਰਫ਼ ਸੱਤਾ ਦੀ ਲਾਲਸਾ ਖ਼ਾਤਰ ਇਨ੍ਹਾਂ ਨੇ ਗੋਡਿਆਂ ਭਾਰ ਹੋ ਕੇ ਭਾਜਪਾ ਨਾਲ ਹੱਥ ਮਿਲਾਇਆ ਹੈ।’’ ਉਨ੍ਹਾਂ ਕਿਹਾ, ‘‘ਕਾਂਗਰਸ ਵੀ ਅੰਦਰੂਨੀ ਕਾਟੋ-ਕਲੇਸ਼ ਵਿੱਚ ਉਲਝੀ ਹੋਈ ਹੈ। ਇਸ ਦੇ ਆਗੂ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਮੁੱਦੇ ਚੁੱਕਣ ਦੀ ਬਜਾਏ ਧੜੇਬੰਦੀ ਦੀ ਸਿਆਸਤ ਵਿੱਚ ਜ਼ਿਆਦਾ ਰੁੱਝੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ‘ਆਪ’ ਸਰਕਾਰ ਨੇ ਆਪਣੇ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ, ਉਸ ਤੋਂ ਬਾਅਦ ਹੀ ਇਨ੍ਹਾਂ ਵਿਰੋਧੀ ਪਾਰਟੀਆਂ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਵਿਚਕਾਰ ਜਾਣ ਲਈ ਮਜਬੂਰ ਹੋਣਾ ਪਿਆ। ਇਹ ਸਿਆਸੀ ਆਗੂ ਅਕਸਰ ਚੋਣਾਂ ਤੋਂ ਪਹਿਲਾਂ ਪੈਸੇ ਅਤੇ ਹੋਰ ਲਾਲਚ ਦੇ ਕੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਦੇ ਆਏ ਸਨ, ਪਰ ਲੋਕ ਹੁਣ ਕੰਮ ਦੇ ਆਧਾਰ ’ਤੇ ਆਗੂ ਚੁਣਨ ਦੀ ਅਹਿਮੀਅਤ ਨੂੰ ਸਮਝ ਚੁੱਕੇ ਹਨ।’’ ਮੁੱਖ ਮੰਤਰੀ ਨੇ ਕਿਹਾ, ‘‘ਲੋਕਾਂ ਨੂੰ ਅਜਿਹੀਆਂ ਚਾਲਾਂ ਤੋਂ ਗੁੰਮਰਾਹ ਨਹੀਂ ਹੋਣਾ ਚਾਹੀਦਾ, ਸਗੋਂ ਸਿਆਸੀ ਪਾਰਟੀਆਂ ਦਾ ਮੁਲਾਂਕਣ ਉਨ੍ਹਾਂ ਦੀ ਕਾਰਗੁਜ਼ਾਰੀ ਅਤੇ ਲੋਕ ਭਲਾਈ ਪ੍ਰਤੀ ਵਚਨਬੱਧਤਾ ਦੇ ਆਧਾਰ ’ਤੇ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਸਮਝਣ ਵਿੱਚ ਵਾਰ-ਵਾਰ ਨਾਕਾਮ ਰਹੀਆਂ ਹਨ, ਜੋ ਸਿਰਫ਼ ਆਪਸੀ ਖਿੱਚੋਤਾਣ ਤੇ ਮੌਕਾਪ੍ਰਸਤ ਗੱਠਜੋੜਾਂ ਤੱਕ ਸਿਮਟ ਕੇ ਰਹਿ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਕਈ ਵੱਡੇ ਸਿਆਸੀ ਆਗੂਆਂ ਨੂੰ ਨਕਾਰਦਿਆਂ ਸੂਬੇ ਵਿੱਚ ਬਦਲਾਅ ਲਿਆਉਣ ਲਈ ‘ਆਪ’ ਸਰਕਾਰ ਨੂੰ ਇਤਿਹਾਸਕ ਫ਼ਤਵਾ ਦਿੱਤਾ ਸੀ।’’ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਪਿਛਲੀਆਂ ਸਰਕਾਰਾਂ ਦੇ ਉਲਟ, ਜਿਨ੍ਹਾਂ ਨੇ ਨਿੱਜੀ ਮੁਫ਼ਾਦਾਂ ਲਈ ਸੂਬੇ ਦੇ ਖ਼ਜ਼ਾਨੇ ਨੂੰ ਰੱਜ ਕੇ ਲੁੱਟਿਆ, ‘ਆਪ’ ਸਰਕਾਰ ਨੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਲਈ ਹਮੇਸ਼ਾ ਫੰਡਾਂ ਦੀ ਉਪਲਬਧਤਾ ਯਕੀਨੀ ਬਣਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਿੰਡਾਂ ਦੀ ਤਰੱਕੀ ਅਤੇ ਸਥਾਨਕ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕਰਦੀ ਰਹੇਗੀ।’’ ਮੁੱਖ ਮੰਤਰੀ ਨੇ ਦੱਸਿਆ, ‘‘ਮੈਂ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ’ਤੇ ਰੱਖਣ ਦੀ ਮੰਗ ਕੀਤੀ ਹੈ, ਜੋ ਇਸ ਮਹਾਨ ਆਜ਼ਾਦੀ ਘੁਲਾਟੀਏ ਅਤੇ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਸਾਡੇ ਨਾਇਕ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।’’ ਉਨ੍ਹਾਂ ਕਿਹਾ, "ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕਰਨਾ ਜਾਰੀ ਰੱਖੇਗੀ। ਇਸ ਦੌਰਾਨ ਬਿਹਤਰ ਸਿੱਖਿਆ, ਸਿਹਤ ਸਹੂਲਤਾਂ, ਸਿੰਚਾਈ, ਬੁਨਿਆਦੀ ਢਾਂਚੇ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਯਕੀਨੀ ਬਣਾਇਆ ਜਾਵੇਗਾ, ਜਿਸ ਵਿੱਚ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ ਜਾਵੇਗੀ। 'ਲੋਕ ਮਿਲਣੀ' ਦੇਸ਼ ਭਰ ਵਿੱਚ ਆਪਣੀ ਕਿਸਮ ਦਾ ਇੱਕ ਅਨੋਖਾ ਪ੍ਰੋਗਰਾਮ ਹੈ, ਜਿੱਥੇ ਮੁੱਖ ਮੰਤਰੀ ਸਿੱਧੇ ਤੌਰ 'ਤੇ ਨਾਗਰਿਕਾਂ ਨਾਲ ਗੱਲਬਾਤ ਕਰਦੇ ਹਨ, ਉਨ੍ਹਾਂ ਦੀਆਂ ਚਿੰਤਾਵਾਂ ਸੁਣਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦੇ ਹਨ। ਸਾਡੀ ਸਰਕਾਰ ਲੋਕ-ਪੱਖੀ ਸ਼ਾਸਨ, ਸਿੱਖਿਆ, ਸਿਹਤ ਸੰਭਾਲ, ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਵਚਨਬੱਧ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਵੱਡੀ ਗਿਣਤੀ ਵਿੱਚ ਪਹੁੰਚਣ ਲਈ ਲੋਕਾਂ ਦਾ ਧੰਨਵਾਦ ਕਰਦਾ ਹਾਂ, ਖਾਸ ਤੌਰ 'ਤੇ ਉਨ੍ਹਾਂ ਮਾਵਾਂ ਅਤੇ ਭੈਣਾਂ ਦਾ, ਜਿਨ੍ਹਾਂ ਨੇ ਆਪਣੇ ਰੋਜ਼ਾਨਾ ਦੇ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ ਹੈ। ਲੋਕਾਂ ਵੱਲੋਂ ਆਪਣੇ ਚੁਣੇ ਹੋਏ ਨੁਮਾਇੰਦਿਆਂ ਨੂੰ ਮਿਲਣ ਲਈ ਚੁੱਕਿਆ ਗਿਆ ਹਰ ਕਦਮ, ਸਰਕਾਰ ਦੇ ਉਸ ਸੰਕਲਪ ਨੂੰ ਹੋਰ ਮਜ਼ਬੂਤ ਕਰਦਾ ਹੈ ਜਿਸ ਤਹਿਤ ਸਰਕਾਰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਉਨ੍ਹਾਂ ਦੀ ਭਲਾਈ ਲਈ ਕੰਮ ਕਰਨ ਪ੍ਰਤੀ ਵਚਨਬੱਧ ਹੈ। ਪਿਛਲੀਆਂ ਸਰਕਾਰਾਂ ਦਾ ਧਿਆਨ ਨਿੱਜੀ ਹਿੱਤਾਂ ਅਤੇ ਕੁਝ ਚੋਣਵੇਂ ਲੋਕਾਂ ਨੂੰ ਲਾਭ ਪਹੁੰਚਾਉਣ 'ਤੇ ਕੇਂਦਰਿਤ ਸੀ ਜਦਕਿ ਮੌਜੂਦਾ ਸਰਕਾਰ ਲੋਕਾਂ ਦੇ ਰੋਜ਼ਾਨਾ ਜੀਵਨ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"
ਮੁੱਖ ਮੰਤਰੀ ਨੇ ਕਿਹਾ, "ਸਿੱਖਿਆ, ਸਿਹਤ, ਕਾਰੋਬਾਰ ਅਤੇ ਰੋਜ਼ੀ-ਰੋਟੀ ਸੂਬਾ ਸਰਕਾਰ ਦੇ ਤਰਜੀਹੀ ਖੇਤਰ ਹਨ, ਜਿਨ੍ਹਾਂ ਨੇ ਲੋਕਾਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਂਦਾ ਹੈ। ਸ਼ਾਸਨ ਦਾ ਅਸਲ ਮਕਸਦ ਸਿਰਫ਼ ਖੋਖਲੇ ਵਾਅਦੇ ਕਰਨੇ ਜਾਂ ਨਾਅਰੇ ਲਗਾਉਣਾ ਨਹੀਂ, ਸਗੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਅਤੇ ਠੋਸ ਨਤੀਜੇ ਹਾਸਲ ਕਰਨਾ ਹੋਣਾ ਚਾਹੀਦਾ ਹੈ। ਕਾਂਗਰਸ ਅਤੇ ਅਕਾਲੀ ਦਲ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ਦਹਾਕਿਆਂ ਤੱਕ ਪੰਜਾਬ ਲਈ ਕੁਝ ਵੀ ਸਾਰਥਕ ਕਰਨ ਵਿੱਚ ਅਸਫਲ ਰਹੀਆਂ; ਉਨ੍ਹਾਂ ਨੇ ਜਨਤਕ ਸਾਧਨਾਂ ਦੀ ਦੁਰਵਰਤੋਂ ਕੀਤੀ ਅਤੇ ਆਮ ਲੋਕਾਂ ਦੇ ਹਿੱਤਾਂ ਨੂੰ ਅਣਗੌਲਿਆ ਕੀਤਾ।" ਉਨ੍ਹਾਂ ਅੱਗੇ ਕਿਹਾ, "ਪੰਜਾਬ ਵਿੱਚ ਕਈ ਸਾਲਾਂ ਤੱਕ ਕਾਂਗਰਸ ਅਤੇ ਅਕਾਲੀ ਦਲ ਵਾਰੋ-ਵਾਰੀ ਸੂਬਾ ਦੀ ਸੱਤਾ 'ਤੇ ਕਾਬਜ਼ ਰਹੀਆਂ, ਪਰ ਸਹੀ ਵਿਕਾਸ ਨਾ ਹੋਣ ਕਾਰਨ ਲੋਕ ਲਗਾਤਾਰ ਮੁਸ਼ਕਲਾਂ ਝੱਲਦੇ ਰਹੇ। ਸਾਡੀ ਸਰਕਾਰ ਨੇ ਘਰਾਂ ਲਈ ਮੁਫ਼ਤ ਬਿਜਲੀ ਯਕੀਨੀ ਬਣਾਈ ਹੈ ਅਤੇ ਕਿਸਾਨਾਂ ਲਈ ਬਿਜਲੀ ਸਪਲਾਈ ਵਿੱਚ ਸੁਧਾਰ ਕੀਤਾ ਹੈ, ਜਿਸ ਨਾਲ ਉਹ ਦਿਨ ਵੇਲੇ ਖੇਤੀਬਾੜੀ ਦੇ ਕੰਮ ਕਰ ਸਕਦੇ ਹਨ। ਸਰਕਾਰ ਨੇ ਸਿੰਚਾਈ ਦੀ ਸਹੂਲਤ ਦੇਣ ਅਤੇ ਖੇਤਾਂ ਲਈ ਪਾਣੀ ਦੀ ਉਪਲਬਧਤਾ ਬਿਹਤਰ ਬਣਾਉਣ ਵਾਸਤੇ ਲਗਭਗ 14,000 ਕਿਲੋਮੀਟਰ ਲੰਬੀਆਂ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਈਆਂ ਹਨ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ , “ਪੰਜਾਬ ਵਿੱਚ ਮੌਜੂਦਾ ਸਰਕਾਰ ਦੇ ਸੱਤਾ ਸੰਭਾਲਣ ਤੋਂ ਪਹਿਲਾਂ ਨਹਿਰੀ ਪਾਣੀ ਦੀ ਵਰਤੋਂ ਲਗਭਗ 22 ਫ਼ੀਸਦ ਸੀ ਜਿਸ ਨੂੰ ਵਧਾ ਕੇ ਲਗਭਗ 85 ਫ਼ੀਸਦ ਕਰ ਦਿੱਤਾ ਗਿਆ ਹੈ, ਜਿਸ ਨਾਲ ਸਿੰਚਾਈ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਬਿਹਤਰ ਸਿੰਚਾਈ ਸਹੂਲਤਾਂ ਨੇ ਖੇਤੀਬਾੜੀ ਉਤਪਾਦਕਤਾ ਵਿੱਚ ਵਾਧਾ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਅਤੇ ਕਿਸਾਨਾਂ ਦੀ ਭੂਮੀਗਤ ਪਾਣੀ 'ਤੇ ਨਿਰਭਰਤਾ ਘਟੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ, ਜੋ ਕਿ 2022 ਵਿੱਚ ਸਾਡੀ ਸਰਕਾਰ ਦੇ ਸੱਤਾ ਸੰਭਾਲਣ ਵੇਲੇ ਸਿੱਖਿਆ ਵਿੱਚ 27ਵੇਂ ਸਥਾਨ 'ਤੇ ਸੀ, ਨੇ ਹੁਣ ਕੇਰਲਾ ਨੂੰ ਪਛਾੜ ਕੇ ਪ੍ਰਾਇਮਰੀ ਸਿੱਖਿਆ ਵਿੱਚ ਸਿਖਰਲਾ ਸਥਾਨ ਪ੍ਰਾਪਤ ਕਰ ਲਿਆ ਹੈ। ਸਰਕਾਰ ਵੱਲੋਂ ਸਿੱਖਿਅਕਾਂ ਨੂੰ ਫਿਨਲੈਂਡ, ਸਿੰਗਾਪੁਰ ਅਤੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਵਿੱਚ ਭੇਜ ਕੇ ਅਧਿਆਪਕ ਸਿਖਲਾਈ ਵਿੱਚ ਨਿਵੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਆਧੁਨਿਕ ਸਿੱਖਿਆ ਅਭਿਆਸਾਂ ਨੂੰ ਅਪਣਾਉਣ ਵਿੱਚ ਮਦਦ ਮਿਲ ਸਕੇ। ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ, ਮਿਆਰੀ ਸਿੱਖਿਆ ਅਤੇ ਉੱਤਮਤਾ ਹਾਸਲ ਕਰਨ ਦੇ ਮੌਕੇ ਪ੍ਰਦਾਨ ਕਰਨ ਲਈ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ।” ਮੁੱਖ ਮੰਤਰੀ ਨੇ ਕਿਹਾ, "ਸਿੱਖਿਆ ਗਰੀਬੀ ਵਿੱਚੋਂ ਕੱਢਣ ਅਤੇ ਸਨਿਹਰੀ ਭਵਿੱਖ ਸਿਰਜਾਣ ਦਾ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ। ਸਰਕਾਰੀ ਭਲਾਈ ਸਕੀਮਾਂ ਤੁਰੰਤ ਰਾਹਤ ਤਾਂ ਪ੍ਰਦਾਨ ਕਰ ਸਕਦੀਆਂ ਹਨ ਪਰ ਸਿੱਖਿਆ ਬੱਚਿਆਂ ਨੂੰ ਅਧਿਕਾਰੀ, ਪੇਸ਼ੇਵਰ ਅਤੇ ਸਫ਼ਲ ਵਿਅਕਤੀ ਬਣਨ ਦੇ ਯੋਗ ਬਣਾਉਂਦੀ ਹੈ।"
ਉਨ੍ਹਾਂ ਕਿਹਾ, "ਸਰਕਾਰ ਯੂ.ਪੀ.ਐਸ.ਸੀ. ਦੀ ਤਿਆਰੀ ਲਈ ਕੇਂਦਰ ਸਥਾਪਤ ਕਰਨ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਵਿਦਿਆਰਥੀ ਖਾਸ ਕਰਕੇ ਪੇਂਡੂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਿਛੋਕੜ ਵਾਲੇ ਵਿਦਿਆਰਥੀ ਸਿਵਲ ਸੇਵਾਵਾਂ ਅਤੇ ਹੋਰ ਵੱਕਾਰੀ ਪ੍ਰੀਖਿਆਵਾਂ ਵਿੱਚ ਮੁਕਾਬਲਾ ਕਰ ਸਕਣ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਰਕਾਰ ਨੇ ਪੰਜਾਬ ਭਰ ਵਿੱਚ ਲਗਭਗ 1,200 'ਆਮ ਆਦਮੀ ਕਲੀਨਿਕ' ਸਥਾਪਤ ਕੀਤੇ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਟੈਸਟ ਦੀ ਸਹੂਲਤ ਮਿਲ ਰਹੀ ਹੈ। 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹਜ਼ਾਰਾਂ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਉਠਾਇਆ ਹੈ। ਇਸ ਵਿੱਚ 50,000 ਤੋਂ ਵੱਧ ਮਰੀਜ਼ਾਂ ਦੇ ਸਟੰਟ ਪਾਏ ਗਏ ਹਨ ਅਤੇ ਲਗਭਗ 35,000 ਲੋਕਾਂ ਦੇ ਗੋਡਿਆਂ ਦੇ ਆਪ੍ਰੇਸ਼ਨ ਹੋਏ ਹਨ। 'ਮਾਵਾਂ-ਧੀਆਂ ਸਤਿਕਾਰ ਯੋਜਨਾ' ਇੱਕ ਹੋਰ ਅਜਿਹੀ ਪਹਿਲ ਹੈ ਜਿਸਦਾ ਉਦੇਸ਼ ਔਰਤਾਂ ਦੀ ਮਦਦ ਕਰਨਾ ਅਤੇ ਉਨ੍ਹਾਂ ਲਈ ਆਰਥਿਕ ਆਜ਼ਾਦੀ ਯਕੀਨੀ ਬਣਾਉਣਾ ਹੈ।" ਮੁੱਖ ਮੰਤਰੀ ਨੇ ਕਿਹਾ, "'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਭੁਗਤਾਨ ਜਾਰੀ ਰਹਿਣਗੇ ਅਤੇ ਸਰਕਾਰ ਔਰਤਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਯੋਜਨਾ ਦੀ ਅਗਲੀ ਕਿਸ਼ਤ 1 ਦਸੰਬਰ ਨੂੰ ਰਾਜ-ਪੱਧਰੀ ਸਮਾਗਮ ਦੌਰਾਨ ਲਾਭਪਾਤਰੀ ਔਰਤਾਂ ਨੂੰ ਦਿੱਤੀ ਜਾਵੇਗੀ। ਲਾਭਪਾਤਰੀ ਔਰਤਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਦੁਬਾਰਾ ਨੋਟੀਫਿਕੇਸ਼ਨ ਪ੍ਰਾਪਤ ਹੋਣਗੇ। ਇਹ ਰਾਸ਼ੀ ਔਰਤਾਂ ਨੂੰ ਸਸ਼ਕਤ ਬਣਾ ਰਹੀ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਾ ਹਾਂ ਅਤੇ ਉਨ੍ਹਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਪੰਜਾਬ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣ। ਸੂਬਾ ਸਰਕਾਰ ਇਮਾਨਦਾਰੀ, ਪਾਰਦਰਸ਼ਤਾ ਅਤੇ ਸਮਰਪਣ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ ਹਾਂ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।"