ਸੂਬਾਈ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਸਥਾਨਕ ਹੁਨਰ ਨੂੰ ਨਿਖਾਰਨ ਵਾਸਤੇ 8 ਕਰੋੜ ਰੁਪਏ ਦੀ ਲਾਗਤ ਨਾਲ ਹਾਕੀ ਐਸਟ੍ਰੋਟਰਫ ਸਥਾਪਤ: ਅਮਨ ਅਰੋੜਾ
ਭਗਵੰਤ ਮਾਨ ਸਰਕਾਰ ਪੰਜਾਬ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਅਤੇ ਭਵਿੱਖ ਦੇ ਓਲੰਪੀਅਨ ਤਿਆਰ ਕਰਨ ਲਈ ਸਹੂਲਤਾਂ ਪ੍ਰਦਾਨ ਕਰਨ 'ਤੇ ਕੇਂਦਰਿਤ: ਅਮਨ ਅਰੋੜਾ
ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਗੀਆਂ ਅਤੇ ਅਨੁਸ਼ਾਸਨ, ਤੰਦਰੁਸਤੀ ਤੇ ਟੀਮ ਭਾਵਨਾ ਨੂੰ ਉਤਸ਼ਾਹਿਤ ਕਰਨਗੀਆਂ: ਅਮਨ ਅਰੋੜਾ
ਸੁਨਾਮ ਵਿਸ਼ਵ ਪੱਧਰੀ ਖੇਡ ਸਹੂਲਤ ਵਾਲੀ ਪੰਜਾਬ ਦੀ ਪਹਿਲੀ ਸਬ-ਡਿਵੀਜਨ ਬਣੀ; ਅਗਲੇ 6 ਮਹੀਨਿਆਂ ਵਿੱਚ ਖੇਡ ਢਾਂਚੇ ਦੇ ਵਿਆਪਕ ਵਿਸਥਾਰ ਦੀ ਯੋਜਨਾ: ਅਮਨ ਅਰੋੜਾ
ਪੰਜਾਬ ਪੁਲਿਸ ਅਤੇ ਰੇਲ ਕੋਚ ਫੈਕਟਰੀ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ ਪ੍ਰਦਰਸ਼ਨੀ ਮੈਚ; ਮਸ਼ਹੂਰ ਓਲੰਪੀਅਨਾਂ ਨੇ ਲਿਆ ਹਿੱਸਾ
ਸੁਨਾਮ : ਸੁਨਾਮ ਪੰਜਾਬ ਦੀ ਪਹਿਲੀ ਸਬ-ਡਿਵੀਜਨ ਬਣ ਗਈ ਹੈ ਜਿੱਥੇ ਅੰਤਰਰਾਸ਼ਟਰੀ ਪੱਧਰ ਦਾ ਹਾਕੀ ਐਸਟ੍ਰੋਟਰਫ ਲਗਾਇਆ ਗਿਆ ਹੈ। ਕੈਬਨਿਟ ਮੰਤਰੀ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ 8 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹਾਕੀ ਐਸਟ੍ਰੋਟਰਫ ਲੋਕਾਂ ਨੂੰ ਸਮਰਪਿਤ ਕੀਤਾ। ਇਹ ਸੰਗਰੂਰ, ਮਾਲੇਰਕੋਟਲਾ, ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਵੀ ਆਪਣੀ ਕਿਸਮ ਦੀ ਪਹਿਲੀ ਖੇਡ ਸਹੂਲਤ ਹੈ। ਆਪਣੇ ਹਲਕੇ ਵਿੱਚ ਅਗਲੇ 6 ਮਹੀਨਿਆਂ ਦੌਰਾਨ ਖੇਡ ਢਾਂਚੇ ਦੇ ਵਿਆਪਕ ਵਿਸਥਾਰ ਦਾ ਐਲਾਨ ਕਰਦਿਆਂ, ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ। ਇਸ ਵਾਸਤੇ ਨੌਜਵਾਨ ਖਿਡਾਰੀਆਂ ਨੂੰ ਆਧੁਨਿਕ ਸਹੂਲਤਾਂ, ਪੇਸ਼ੇਵਰ ਕੋਚਿੰਗ ਅਤੇ ਉੱਚ ਪੱਧਰ 'ਤੇ ਮੁਕਾਬਲਾ ਕਰਨ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ।
ਇਸ ਉਦਘਾਟਨ ਸਮਾਰੋਹ ਮੌਕੇ ਪੰਜਾਬ ਪੁਲਿਸ ਅਤੇ ਰੇਲ ਕੋਚ ਫੈਕਟਰੀ (ਆਰਸੀਐਫ) ਦੀਆਂ ਟੀਮਾਂ ਵਿਚਕਾਰ ਇੱਕ ਪ੍ਰਦਰਸ਼ਨੀ ਮੈਚ ਖੇਡਿਆ ਗਿਆ, ਜੋ 4-4 ਨਾਲ ਡਰਾਅ ਰਿਹਾ ਅਤੇ ਦੋਵਾਂ ਟੀਮਾਂ ਨੂੰ ਸਾਂਝੇ ਤੌਰ ਉੱਤੇ ਜੇਤੂ ਐਲਾਨਿਆ ਗਿਆ। ਇਸ ਮੈਚ ਵਿੱਚ ਕਈ ਅਜਿਹੇ ਨਾਮਵਰ ਓਲੰਪੀਅਨਾਂ ਨੇ ਹਿੱਸਾ ਲਿਆ, ਜਿਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।
ਸੁਨਾਮ ਸ਼ਹਿਰ ਅਤੇ ਸਮੁੱਚੇ ਹਲਕੇ ਦੇ ਵਾਸੀਆਂ ਨੂੰ ਵਧਾਈ ਦਿੰਦਿਆਂ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, "ਇਸ ਅਤਿ-ਆਧੁਨਿਕ ਸਹੂਲਤ ਦੀ ਸ਼ੁਰੂਆਤ ਨਾਲ, ਇਸ ਖੇਤਰ ਵਿੱਚ ਅੰਤਰਰਾਸ਼ਟਰੀ ਪੱਧਰ ਦਾ ਖੇਡ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦਾ ਮੇਰਾ ਲੰਬੇ ਸਮੇਂ ਤੋਂ ਦੇਖਿਆ ਸੁਪਨਾ ਪੂਰਾ ਹੋ ਗਿਆ ਹੈ। ਸ਼ਹੀਦ ਊਧਮ ਸਿੰਘ ਦਾ ਸੁਨਾਮ, ਪੰਜਾਬ ਦੀ ਪਹਿਲੀ ਅਜਿਹੀ ਸਬ-ਡਿਵੀਜ਼ਨ ਬਣ ਗਈ ਹੈ ਜਿੱਥੇ ਅੰਤਰਰਾਸ਼ਟਰੀ ਪੱਧਰ ਦਾ ਹਾਕੀ ਐਸਟਰੋਟਰਫ ਮੌਜੂਦ ਹੈ। ਅਜਿਹੀਆਂ ਸਹੂਲਤਾਂ ਇਸ ਸਮੇਂ ਪੂਰੇ ਸੂਬੇ ਵਿੱਚ ਸਿਰਫ਼ 8 ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਹੀ ਉਪਲਬਧ ਹਨ। ਨਾਲ ਹੀ, ਚਾਰ ਗੁਆਂਢੀ ਜ਼ਿਲ੍ਹਿਆਂ ਸੰਗਰੂਰ, ਮਾਲੇਰਕੋਟਲਾ, ਮਾਨਸਾ ਅਤੇ ਬਰਨਾਲਾ ਵਿੱਚ ਵੀ ਇਹ ਪਹਿਲਾ ਹਾਕੀ ਐਸਟਰੋਟਰਫ ਹੈ।"
ਇਸ ਨੂੰ ਸੁਨਾਮ ਲਈ ਮਾਣਮੱਤਾ ਅਤੇ ਇਤਿਹਾਸਕ ਪਲ ਦੱਸਦਿਆਂ, ਕੈਬਨਿਟ ਮੰਤਰੀ ਨੇ ਕਿਹਾ, "ਇਹ ਸਹੂਲਤ ਉਭਰਦੇ ਹਾਕੀ ਖਿਡਾਰੀਆਂ ਨੂੰ ਉਨ੍ਹਾਂ ਦੇ ਆਪਣੇ ਖੇਤਰ ਵਿੱਚ ਹੀ ਪੇਸ਼ੇਵਰ ਸਿਖਲਾਈ ਲਈ ਬੁਨਿਆਦੀ ਢਾਂਚਾ ਮੁਹੱਈਆ ਕਰਵਾਏਗੀ। ਇਸ ਨਾਲ ਨੌਜਵਾਨ ਪ੍ਰਤਿਭਾ ਦੀ ਪਛਾਣ ਕਰਨ, ਉਨ੍ਹਾਂ ਨੂੰ ਨਿਖਾਰਨ ਅਤੇ ਸੂਬਾਈ, ਰਾਸ਼ਟਰੀ ਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਤਿਆਰ ਕਰਨ ਵਿੱਚ ਮਦਦ ਮਿਲੇਗੀ।"
ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਦਾ ਸਵਾਗਤ ਕਰਦਿਆਂ, ਅਮਨ ਅਰੋੜਾ ਨੇ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਸੂਬੇ ਭਰ ਵਿੱਚ ਹਾਕੀ ਖੇਡ ਨੂੰ ਉਤਸ਼ਾਹਿਤ ਕਰਨ ਅਤੇ ਇਸ ਦੇ ਈਕੋਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਹਾਕੀ ਪੰਜਾਬ ਦੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ।
ਪੰਜਾਬ ਦੀ ਹਾਕੀ ਦੀ ਸ਼ਾਨਦਾਰ ਵਿਰਾਸਤ ਦਾ ਜ਼ਿਕਰ ਕਰਦਿਆਂ, ਕੈਬਨਿਟ ਮੰਤਰੀ ਨੇ ਕਿਹਾ, "ਪੰਜਾਬ ਨੇ ਦੇਸ਼ ਨੂੰ ਕਈ ਮਹਾਨ ਹਾਕੀ ਖਿਡਾਰੀ ਅਤੇ ਓਲੰਪੀਅਨ ਦਿੱਤੇ ਹਨ। ਇਹ ਨਵੀਂ ਸਹੂਲਤ ਸੁਨਾਮ ਅਤੇ ਆਸ-ਪਾਸ ਦੇ ਖੇਤਰਾਂ ਦੇ ਨੌਜਵਾਨ ਖਿਡਾਰੀਆਂ ਨੂੰ ਇੱਕ ਸਹੀ ਮੰਚ, ਪੇਸ਼ੇਵਰ ਮਾਹੌਲ ਅਤੇ ਆਧੁਨਿਕ ਬੁਨਿਆਦੀ ਢਾਂਚਾ ਪ੍ਰਦਾਨ ਕਰੇਗੀ ਤਾਂ ਜੋ ਉਹ ਇਸ ਸ਼ਾਨਦਾਰ ਵਿਰਾਸਤ ਨੂੰ ਅੱਗੇ ਲੈ ਜਾ ਸਕਣ।"
ਨੌਜਵਾਨਾਂ ਲਈ ਇਸ ਪ੍ਰੋਜੈਕਟ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ, “ਇਹ ਵਿਸ਼ਵ-ਪੱਧਰੀ ਐਸਟ੍ਰੋਟਰਫ ਸਿਰਫ਼ ਇੱਕ ਖੇਡ ਸਹੂਲਤ ਨਹੀਂ ਹੈ, ਸਗੋਂ ਪੰਜਾਬ ਸਰਕਾਰ ਵੱਲੋਂ ਸਾਡੇ ਨੌਜਵਾਨਾਂ ਦੇ ਸੁਪਨਿਆਂ, ਪ੍ਰਤਿਭਾ ਅਤੇ ਭਵਿੱਖ ਵਿੱਚ ਕੀਤਾ ਗਿਆ ਨਿਵੇਸ਼ ਹੈ। ਇਹ ਨੌਜਵਾਨ ਖਿਡਾਰੀਆਂ ਨੂੰ ਖੇਡਾਂ ਵੱਲ ਜਾਣ, ਆਪਣੇ ਹੁਨਰ ਨੂੰ ਨਿਖਾਰਨ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬ ਤੇ ਭਾਰਤ ਦੀ ਨੁਮਾਇੰਦਗੀ ਕਰਨ ਲਈ ਪ੍ਰੇਰਿਤ ਕਰੇਗੀ।”
ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ, “ਮੈਂ ਇਸ ਪ੍ਰੋਜੈਕਟ ਲਈ ਨਿਰੰਤਰ ਸਹਿਯੋਗ ਦੇਣ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਮਿਆਰੀ ਬੁਨਿਆਦੀ ਢਾਂਚਾ ਸਿਰਜ ਕੇ ਅਤੇ ਹੋਣਹਾਰ ਖਿਡਾਰੀਆਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਕੇ ਪੰਜਾਬ ਦੇ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ।”
ਹਲਕੇ ਵਿੱਚ ਖੇਡ ਬੁਨਿਆਦੀ ਢਾਂਚੇ ਦੇ ਅੱਗੇ ਹੋਰ ਵਿਸਥਾਰ ਦਾ ਐਲਾਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਇਹ ਇਤਿਹਾਸਕ ਪ੍ਰੋਜੈਕਟ ਸੁਨਾਮ ਵਿੱਚ ਖੇਡ ਵਿਕਾਸ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਅਗਲੇ 6 ਮਹੀਨਿਆਂ ਦੌਰਾਨ ਹਲਕੇ ਵਿੱਚ ਖੇਡ ਬੁਨਿਆਦੀ ਢਾਂਚੇ ਦਾ ਬੇਮਿਸਾਲ ਵਿਸਥਾਰ ਦੇਖਣ ਨੂੰ ਮਿਲੇਗਾ, ਜਿਸ ਨਾਲ ਸੁਨਾਮ ਇਸ ਖਿੱਤੇ ਵਿੱਚ ਇੱਕ ਪ੍ਰਮੁੱਖ ਖੇਡ ਹੱਬ ਵਜੋਂ ਉੱਭਰੇਗਾ।”
ਖੇਡ ਸਹੂਲਤਾਂ ਵਿਕਸਤ ਕਰਨ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਪਹੁੰਚ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਅੱਗੇ ਕਿਹਾ, “ਸਾਡਾ ਧਿਆਨ ਸਿਰਫ਼ ਸਹੂਲਤਾਂ ਦੀ ਉਸਾਰੀ ਤੱਕ ਹੀ ਸੀਮਤ ਨਹੀਂ ਹੈ, ਸਗੋਂ ਨਿਯਮਤ ਕੋਚਿੰਗ, ਸਿਖਲਾਈ ਕੈਂਪਾਂ, ਮੁਕਾਬਲੇਬਾਜ਼ੀ ਵਾਲੇ ਮੈਚਾਂ ਅਤੇ ਵੱਡੇ ਟੂਰਨਾਮੈਂਟਾਂ ਲਈ ਇਨ੍ਹਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣਾ ਵੀ ਹੈ। ਅੰਤਰਰਾਸ਼ਟਰੀ ਪੱਧਰ ਦੀ ਇਹ ਐਸਟ੍ਰੋਟਰਫ ਜਿਥੇ ਸੁਨਾਮ ਨੂੰ ਉੱਚ ਪੱਧਰੀ ਹਾਕੀ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਦੇ ਯੋਗ ਬਣਾਵੇਗੀ, ਉਥੇ ਹੀ ਸਥਾਨਕ ਵਸਨੀਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਮਿਆਰੀ ਖੇਡ ਮੁਕਾਬਲੇ ਦੇਖਣ ਦਾ ਮੌਕਾ ਵੀ ਪ੍ਰਦਾਨ ਕਰੇਗੀ।”
ਨੌਜਵਾਨਾਂ ਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਮਾਪਿਆਂ, ਵਿਦਿਅਕ ਅਦਾਰਿਆਂ, ਕੋਚਾਂ ਅਤੇ ਖੇਡ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਖੇਡਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਖੇਡਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਸਰੀਰਕ ਤੰਦਰੁਸਤੀ, ਟੀਮ ਵਰਕ ਅਤੇ ਸਕਾਰਾਤਮਕ ਸੋਚ ਨੂੰ ਉਤਸ਼ਾਹਿਤ ਕਰਦੀ ਹੈ।”
ਖੇਡ ਪ੍ਰਤਿਭਾ ਨੂੰ ਨਿਖਾਰਨ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ, “ਭਗਵੰਤ ਮਾਨ ਸਰਕਾਰ ਨੌਜਵਾਨ ਖਿਡਾਰੀਆਂ ਨੂੰ ਆਧੁਨਿਕ ਸਹੂਲਤਾਂ, ਪੇਸ਼ੇਵਰ ਸਿਖਲਾਈ ਤੇ ਸੇਧ ਅਤੇ ਸਾਰਥਕ ਮੌਕੇ ਪ੍ਰਦਾਨ ਕਰਨਾ ਜਾਰੀ ਰੱਖੇਗੀ ਤਾਂ ਜੋ ਸੂਬੇ ਦੇ ਕਸਬਿਆਂ ਅਤੇ ਪਿੰਡਾਂ ਵਿੱਚੋਂ ਅਜਿਹੇ ਚੈਂਪੀਅਨ ਪੈਦਾ ਹੋ ਸਕਣ ਜੋ ਪੰਜਾਬ ਅਤੇ ਦੇਸ਼ ਦਾ ਨਾਮ ਦੁਨੀਆਂ ਭਰ ਵਿੱਚ ਰੌਸ਼ਨ ਕਰਨ ਦੇ ਸਮਰੱਥ ਹੋਣ।”