Wednesday, September 17, 2025

Chandigarh

ਕੋਰੋਨਾ ਤੋਂ ਬਚਾਅ ਲਈ ਵੱਧ ਤੋਂ ਵੱਧ ਲੋਕਾਂ ਦੀ ਵੈਕਸੀਨੇਸ਼ਨ ਯਕੀਨੀ ਬਣਾਈ ਜਾਵੇ: ਪਰਨੀਤ ਕੌਰ

March 20, 2021 06:59 PM
SehajTimes
ਐਸ. ਏ. ਐਸ ਨਗਰ : ਕੋਰੋਨਾ ਤੋਂ ਬਚਾਅ ਸਬੰਧੀ ਕੋਰੋਨਾ ਵੈਕਸੀਨ ਦਾ ਸਭ ਤੋਂ ਵੱਡਾ ਰੋਲ ਹੈ, ਜਿਸ ਦੇ ਮੱਦੇਨਜ਼ਰ ਤੈਅ ਪ੍ਰਕਿਰਿਆ ਮੁਤਾਬਕ ਵੱਧ ਤੋਂ ਵੱਧ ਲੋਕਾਂ ਦੀ ਵੈਕਸੀਨੇਸ਼ਨ ਯਕੀਨੀ ਬਣਾਈ ਜਾਵੇ ਤੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਵੈਕਸੀਨ ਦੀ ਪਹਿਲੀ ਡੋਜ਼ ਲੈਣ ਵਾਲੇ ਇਸ ਦੀ ਦੂਜੀ ਡੋਜ਼ ਜ਼ਰੂਰ ਲੈਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਪਟਿਆਲਾ ਤੋਂ ਸੰਸਦ ਮੈਂਬਰ ਸ਼੍ਰੀਮਤੀ ਪਰਨੀਤ ਕੌਰ ਨੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ਼੍ਰੀ ਮਨੀਸ਼ ਤਿਵਾੜੀ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿਸ਼ਾ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ।
 
ਸੰਸਦ ਮੈਂਬਰ ਨੇ ਕਿਹਾ ਕਿ ਲੋਕਾਂ ਨੂੰ ਵੈਕਸੀਨੇਸ਼ਨ ਬਾਰੇ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ ਤੇ ਨਾਲ ਹੀ ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਡੇਰਾਬਸੀ ਖੇਤਰ, ਜੋ ਕਿ ਲੋਕ ਸਭਾ ਹਲਕਾ ਪਟਿਆਲਾ ਅਧੀਨ ਆਉਂਦਾ ਹੈ, ਸਬੰਧੀ ਗਾਇਨਕੌਲੋਜਿਸਟ ਦੀ ਗਿਣਤੀ ਘੱਟ ਹੋਣ ਸਬੰਧੀ ਜੋ ਵੀ ਦਿੱਕਤਾਂ ਹਨ, ਉਹ ਜਲਦ ਦੂਰ ਕੀਤੀਆਂ ਜਾਣਗੀਆਂ।
ਬੇਟੀ ਬਚਾਓ ਬੇਟੀ ਪੜ੍ਹਾਓ ਸਮੇਤ ਲੜਕੀਆਂ ਦੇ ਵਿਕਾਸ ਸਬੰਧੀ ਜਿੰਨੀਆਂ ਵੀ ਸਕੀਮਾਂ ਹਨ, ਉਨ੍ਹਾਂ ਤਹਿਤ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਜ਼ਿਲ੍ਹੇ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਆਵੇ ਤੇ ਨਾਲ ਹੀ ਲੜਕੀਆਂ ਨੂੰ ਜ਼ਿੰਦਗੀ ਵਿੱਚ ਅੱਗੇ ਵੱਧਣ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ। ਲੜਕੀਆਂ ਦੀ ਸਿੱਖਿਆ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਤੇ ਉਨ੍ਹਾਂ ਦੇ ਵਿਕਾਸ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਸੰਸਦ ਮੈਂਬਰ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਫਰਦ ਕੇਂਦਰਾਂ ਅਤੇ ਰਜਿਸਟਰੀਆਂ ਸਬੰਧੀ ਜੋ ਵੀ ਦਿੱਕਤਾਂ ਨੂੰ ਲੋਕਾਂ ਨੂੰ ਦਰਪੇਸ਼ ਹਨ, ਉਹ ਹਰ ਹਾਲ ਦੂਰ ਕੀਤੀਆਂ ਜਾਣ।
 
ਇਸ ਦੌਰਾਨ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ਼੍ਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ ਤੇ ਸਮੂਹ ਅਧਿਕਾਰੀ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਲਈ ਫੀਲਡ ਵਿੱਚ ਜਾਣਾ ਯਕੀਨੀ ਬਨਾਉਣ ਤਾਂ ਜੋ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾ ਸਕੇ। ਜਿਹੜੇ ਵੀ ਵਿਕਾਸ ਕਾਰਜ ਬਕਾਇਆ ਹਨ, ਉਨ੍ਹਾਂ ਨੂੰ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾਵੇ।
ਸੰਸਦ ਮੈਂਬਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਸਾਫ ਸਫਾਈ ਨੂੰ ਯਕੀਨੀ ਬਣਾਇਆ ਜਾਵੇ, ਜਿਸ ਤਹਿਤ ਕੂੜੇ ਦੀ ਸੈਗਰੀਗੇਸ਼ਨ, ਡੋਰ ਟੂ ਡੋਰ ਕੁਲੈਕਸ਼ਨ ਅਤੇ ਕੂੜੇ ਤੋਂ ਖਾਦ ਬਨਾਉਣ ਤੇ ਰੀਸਾਈਕਲ ਸਬੰਧੀ ਪ੍ਰਕਿਰਿਆ ਵੱਡੇ ਪੱਧਰ ਉਤੇ ਅਮਲ ਵਿੱਚ ਲਿਆਂਦੀ ਜਾਵੇ। ਜਿੱਥੇ ਵੀ ਕਿਤੇ ਕੂੜੇ ਦੇ ਢੇਰ ਹਨ, ਉਨ੍ਹਾਂ ਨੂੰ ਫੌਰੀ ਹਟਾਇਆ ਜਾਵੇ।
 
ਸੰਸਦ ਮੈਂਬਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਨਅੱਤਕਾਰਾਂ ਨੂੰ ਕਈ ਵਾਰ ਹੁਨਰਮੰਦ ਕਾਮੇ ਨਹੀਂ ਮਿਲਦੇ। ਇਸ ਲਈ ਜ਼ਰੂਰੀ ਹੈ ਕਿ ਸਨਅੱਤੀ ਸੈਕਟਰ ਨਾਲ ਲਗਾਤਾਰ ਰਾਬਤਾ ਕਰ ਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਜਿਹੜੇ ਕਿੱਤਿਆਂ ਸਬੰਧੀ ਕਾਮਿਆਂ ਦੀ ਲੋੜ ਹੈ, ਉਨ੍ਹਾਂ ਸਬੰਧੀ ਕੋਰਸ ਕਰਵਾਉਣ ਨੂੰ ਹੀ ਤਰਜੀਹ ਦਿੱਤੀ ਜਾਵੇ।
 
ਸੰਸਦ ਮੈਂਬਰ ਨੇ ਕਿਹਾ ਕਿ ਰੁਜ਼ਗਾਰ ਸਬੰਧੀ ਜਿਹੜੇ ਲੋਕਾਂ ਨੂੰ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ, ਉਨ੍ਹਾਂ ਨਾਲ ਲਗਾਤਾਰ ਰਾਬਤਾ ਰੱਖ ਕੇ ਇਹ ਯਕੀਨੀ ਬਣਾਇਆ ਜਾਵੇ ਕਿ ਇਸ ਸਬੰਧੀ ਲਾਭਪਾਤਰੀ ਆਪਣਾ ਸਵੈ ਰੁਜ਼ਗਾਰ ਸ਼ੁਰੂ ਕਰ ਕੇ ਕਾਮਯਾਬੀ ਨਾਲ ਚਲਾ ਸਕੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸੇ ਵੀ ਪੈਨਸ਼ਨਰ ਨੂੰ ਪੈਨਸ਼ਨ ਸਬੰਧੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।
 
ਸੰਸਦ ਮੈਂਬਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਖ਼ਪਤ ਅਤੇ ਇਸ ਉਤੇ ਨਿਰਭਰਤਾ ਨੂੰ ਘਟਾਉਣ ਲਈ ਵੱਧ ਤੋਂ ਵੱਧ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਐਸ ਏ ਐਸ ਨਗਰ ਨੂੰ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਲਈ ਉਹ ਲਗਾਤਾਰ ਕੰਮ ਕਰ ਰਹੇ ਹਨ ਤਾਂ ਜੋ ਲੋਕਾਂ ਦੀਆਂ ਪਾਣੀ ਸਬੰਧੀ ਦਿੱਕਤਾਂ ਦੂਰ ਹੋ ਸਕਣ। ਇਸ ਮੌਕੇ ਸ਼੍ਰੀ ਤਿਵਾੜੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਫੀਡਰਾਂ ਦੀ ਸੈਗਰੀਗੇਸ਼ਨ ਸਬੰਧੀ ਕੰਮ ਚੱਲ ਰਿਹਾ ਹੈ, ਜਿਸ ਨਾਲ ਬਿਜਲੀ ਸਪਲਾਈ ਪ੍ਰਬੰਧ ਵਧੀਆ ਬਣੇਗਾ ਤੇ ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਕਿਸਾਨਾਂ ਨੂੰ ਬਿਜਲੀ ਸਪਲਾਈ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਵੇਗੀ।
 
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ ਨੇ ਲੋਕ ਸਭਾ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਣੀ ਯਕੀਨੀ ਬਣਾਈ ਜਾਵੇਗੀ। ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
 
ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀਮਤੀ ਆਸ਼ਿਕਾ ਜੈਨ, ਡੀ ਡੀ ਪੀ ਓ ਡੀ. ਕੇ. ਸਾਲਦੀ, ਸਿਵਲ ਸਰਜਨ ਡਾ.
ਆਦਰਸ਼ ਪਾਲ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।  

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ