Wednesday, September 17, 2025

Malwa

ਭਾਖੜਾ ਡੈਮ ਅਤੇ ਪੌਂਗ ਡੈਮ ਵਿੱਚੋਂ ਛੱਡੇ ਪਾਣੀ ਨੇ ਡੋਬੇ ਕਈ ਪਿੰਡਾਂ ਦੇ ਪਿੰਡ

August 17, 2023 09:40 AM
SehajTimes

ਭਾਖੜਾ ਡੈਮ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਨੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚਾਉਣ ਲਈ ਫਲੱਡ ਗੇਟ ਅਗਲੇ ਚਾਰ ਦਿਨਾਂ ਲਈ ਖੁੱਲ੍ਹੇ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਕਾਰਨ ਸਤਲੁਜ ਦਰਿਆ ਦੇ ਪਾਣੀ ਦੇ ਵਧੇ ਪੱਧਰ ਨੇ ਰੂਪਨਗਰ ਵਿੱਚ ਆਪਣਾ ਅਸਰ ਵਿਖਾਇਆ ਹੈ। ਦੂਜੇ ਪਾਸੇ ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ ਤੋਂ ਬਾਅਦ ਪੌਂਗ ਡੈਮ ਤੋਂ ਛੱਡੇ ਜਾਣ ਵਾਲੇ ਪਾਣੀ ਦਾ ਅਸਰ ਅੰਮ੍ਰਿਤਸਰ, ਤਰਨਤਾਰਨ ਅਤੇ ਫ਼ਿਰੋਜ਼ਪੁਰ ‘ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ।

ਪੌਂਗ ਡੈਮ ਤੋਂ ਛੱਡੇ ਗਏ ਪਾਣੀ ਕਾਰਨ ਅੰਮ੍ਰਿਤਸਰ ਦੇ ਪਿੰਡ ਸ਼ੇਰੋਬਾਗਾ ਦੇ ਘਰ ਪਾਣੀ ਦੀ ਲਪੇਟ ਵਿੱਚ ਆ ਗਏ। ਜਿਸ ਤੋਂ ਬਾਅਦ ਸ਼ਾਮ ਨੂੰ ਲੋਕਾਂ ਨੂੰ ਬਚਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਐਨਡੀਆਰਐਫ ਦੀਆਂ ਟੀਮਾਂ ਨੇ ਇਸ ਦੌਰਾਨ ਚਾਰਜ ਸੰਭਾਲ ਲਿਆ ਅਤੇ 26 ਲੋਕਾਂ ਅਤੇ 30 ਪਾਲਤੂ ਜਾਨਵਰਾਂ ਨੂੰ ਬਚਾਇਆ। ਇਸ ਦੌਰਾਨ ਪਿੰਡ ਦੇ ਗੁਰੂਘਰ ਵਿੱਚ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਵੀ ਸਤਿਕਾਰ ਸਹਿਤ ਸੁਰੱਖਿਅਤ ਥਾਂ ’ਤੇ ਲਿਜਾਇਆ ਗਿਆ ਹੈ।

ਅੰਮ੍ਰਿਤਸਰ ‘ਚ ਬਿਆਸ ਦਰਿਆ 744 ਗੇਜ ਦੇ ਖ਼ਤਰੇ ਦੇ ਨਿਸ਼ਾਨ ਨੂੰ ਛੂਹ ਗਿਆ ਹੈ, ਜਦਕਿ ਬਿਆਸ ਦਰਿਆ ‘ਚ ਪਾਣੀ ਦਾ ਵਹਾਅ 1.40 ਲੱਖ ਕਿਊਸਿਕ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਅੰਮ੍ਰਿਤਸਰ ਤੋਂ ਇਲਾਵਾ ਬਿਆਸ ਦਾ ਅਸਰ ਤਰਨਤਾਰਨ ਅਤੇ ਫ਼ਿਰੋਜ਼ਪੁਰ ਵਿੱਚ ਵੀ ਦਿਖਾਈ ਦੇਣ ਲੱਗਾ ਹੈ। ਤਰਨਤਾਰਨ ਦੇ ਪਿੰਡ ਧੂੰਦਾ ਵਿੱਚ ਧੁੱਸੀ ਬੰਨ੍ਹ ਵਿੱਚ ਪਾੜ ਪੈ ਗਿਆ ਹੈ। ਜਿਸ ਕਾਰਨ 15 ਹਜ਼ਾਰ ਏਕੜ ਜ਼ਮੀਨ ਪਾਣੀ ਵਿੱਚ ਡੁੱਬ ਗਈ ਹੈ।

ਭਾਖੜਾ ਦਾ ਪਾਣੀ ਸਤਲੁਜ ਵਿੱਚ ਦਾਖਲ ਹੋਣ ਕਾਰਨ ਰੂਪਨਗਰ ਵਿੱਚ ਕਈ ਥਾਵਾਂ ’ਤੇ ਧੁੱਸੀ ਬੰਨ੍ਹ ਟੁੱਟ ਗਏ। ਪਿੰਡ ਬੁਰਜ ’ਚ ਬੰਨ੍ਹ ਟੁੱਟਣ ਮਗਰੋਂ ਸਥਿਤੀ ’ਤੇ ਕਾਬੂ ਪਾਉਣ ਦੇ ਯਤਨ ਜਾਰੀ ਹਨ। ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਬੰਨ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਚੱਲ ਰਿਹਾ ਹੈ। ਮਿੱਟੀ ਦੀਆਂ ਇੱਕ ਲੱਖ ਬੋਰੀਆਂ ਭਰੀਆਂ ਗਈਆਂ ਹਨ।

ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਅਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ ਅਤੇ ਸਤਲੁਜ ਦਰਿਆ ਵਿੱਚ 56900 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਨੰਗਲ ਡੈਮ ਤੋਂ 79400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪੌਂਗ ਡੈਮ ਅਜੇ ਵੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਹੈ। ਬੀਬੀਐਮਬੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ 1.40 ਕਿਊਸਿਕ ਪਾਣੀ ਲਗਾਤਾਰ ਛੱਡਿਆ ਜਾ ਰਿਹਾ ਹੈ।


ਗੁਰਦਾਸਪੁਰ ਜ਼ਿਲ੍ਹੇ ਵਿੱਚ ਬਿਆਸ ਦਰਿਆ ਪੌਂਗ ਡੈਮ ਤੋਂ ਵੱਡੀ ਮਾਤਰਾ ਵਿੱਚ ਪਾਣੀ ਛੱਡਣ ਤੋਂ ਬਾਅਦ 50 ਦੇ ਕਰੀਬ ਪਿੰਡ ਪ੍ਰਭਾਵਿਤ ਹੋਏ ਹਨ। ਹੜ੍ਹਾਂ ਕਾਰਨ ਦੀਨਾਨਗਰ, ਗੁਰਦਾਸਪੁਰ ਅਤੇ ਕਾਹਨੂੰਵਾਨ ਖੇਤਰਾਂ ਵਿੱਚ ਕਰੀਬ 50 ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਜਿਨ੍ਹਾਂ ਵਿੱਚੋਂ 12 ਦੇ ਕਰੀਬ ਪਿੰਡ ਖ਼ਾਸ ਕਰਕੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ।

 

Have something to say? Post your comment