ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਸ ਤਹਿਤ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗ਼ੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮ ਵਿਚ ਉਨ੍ਹਾਂ ਕਿਹਾ ਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫ਼ੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।
ਇਸੇ ਤਰ੍ਹਾਂ ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਦੇ ਨਾਂ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਂ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈੱਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ। ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਵਿਚ ਕਾਲੀ ਫ਼ਿਲਮ ਦੀ ਦੁਰਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਨੇ ਗੱਡੀਆਂ ਦੇ ਸ਼ੀਸ਼ਿਆਂ ’ਤੇ ਕਾਲੀ ਫ਼ਿਲਮ ਦੀ ਦੁਰਵਰਤੋਂ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੀਆਂ ਗਲੀਆਂ-ਰਸਤਿਆਂ ਵਿਚ ਨਾਜਾਇਜ਼ ਬੋਰ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ’ਤੇ ਵੀ ਪਾਬੰਦੀ ਲਗਾਈ ਹੈ। ਹੁਕਮ ਵਿਚ ਹਦਾਇਤ ਕੀਤੀ ਗਈ ਹੈ ਕਿ ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿਟ ਦੇਣ ਲਈ ਅਪਣਾਈ ਜਾਂਦੀ ਹੈ।ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ 18-ਐਮੂਨੀਸ਼ਨ ਡਿਪੂ, ਉੱਚੀ ਬੱਸੀ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਗਜ਼ ਦੇ ਘੇਰੇ ਅੰਦਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾ ਦਿੱਤੀ ਹੈ। ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਵੇਗਾ।