ਸੂਬੇ ਦੇ ਉਦਯੋਗਿਕ ਵਿਕਾਸ ਖਾਸ ਕਰਕੇ ਪੇਂਡੂ ਇਲਾਕਿਆਂ ਦੇ ਵਿਕਾਸ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਨਅਤਕਾਰਾਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਸਨਅਤੀ ਯੂਨਿਟ ਸਥਾਪਤ ਕਰਨ ਦਾ ਸੱਦਾ ਦਿੱਤਾ।
ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਇਲਾਕਿਆਂ ਵਿੱਚ ਉਦਯੋਗਪਤੀਆਂ ਨੂੰ ਪ੍ਰਫੁੱਲਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਦੂਹਰਾ ਉਦੇਸ਼ ਪੂਰਾ ਹੋਵੇਗਾ ਕਿਉਂਜੋ ਇਸ ਨਾਲ ਜਿੱਥੇ ਸਨਅਤੀ ਵਿਕਾਸ ਨੂੰ ਹੁਲਾਰਾ ਮਿਲੇਗਾ, ਉਥੇ ਹੀ ਪੇਂਡੂ ਖੇਤਰ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਹੋਣਗੇ। ਭਗਵੰਤ ਸਿੰਘ ਮਾਨ ਨੇ ਸਨਅਤਾਕਾਰਾਂ ਨੂੰ ਇਨ੍ਹਾਂ ਇਲਾਕਿਆਂ ਵਿਚ ਆਪਣੇ ਯੂਨਿਟ ਸਥਾਪਤ ਕਰਨ ਵਿੱਚ ਪੂਰਨ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਦਯੋਗ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਲੋਕਾਂ ਦੀ ਸੇਵਾ ਕਰਨ ਦੇ ਮਕਸਦ ਨਾਲ ਆਈ.ਆਰ.ਐਸ. ਦਾ ਵੱਕਾਰੀ ਅਹੁਦਾ ਤਿਆਗ ਦੇਣ ਲਈ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਹੀ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਦੀ ਸੇਵਾ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਦੇ ਖਿਲਾਫ਼ ਵਿੱਢੀ ਜੰਗ ਦੌਰਾਨ ਆਮ ਆਦਮੀ ਪਾਰਟੀ ਦਾ ਗਠਨ ਕੀਤਾ ਜਿਸ ਦੀ ਸ਼ੁਰੂਆਤ ਦਿੱਲੀ ਦੇ ਰਾਮ ਲੀਲਾ ਮੈਦਾਨ ਤੋਂ ਹੋਈ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜ਼ਮੀਨੀ ਪੱਧਰ ਉਤੇ ਦਿਲ ਤੋਂ ਲੋਕਾਂ ਨਾਲ ਜੁੜੇ ਹੋਏ ਨੇਤਾ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਦੇ ਨਿਰੰਤਰ ਯਤਨਾਂ ਸਦਕਾ ਆਮ ਆਦਮੀ ਪਾਰਟੀ ਅੱਜ ਦੇਸ਼ ਦੀ ਇਕ ਕੌਮੀ ਪਾਰਟੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਦਾ ਇਕਮਾਤਰ ਉਦੇਸ਼ ਲੋਕਾਂ ਦੀ ਨਿਸ਼ਕਾਮ ਸੇਵਾ ਕਰਨਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਲੰਧਰ ਵਿਖੇ ਕਨਵੈਂਨਸ਼ਨ ਸੈਂਟਰ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਏਅਰਪੋਰਟ ਅਤੇ ਰੇਲਵੇ ਸਟੇਸ਼ਨ ਦੀ ਨੇੜਲੀ ਥਾਂ ਉਤੇ ਸਥਾਪਤ ਕੀਤਾ ਜਾਵੇਗਾ ਤਾਂ ਕਿ ਸਨਅਤਕਾਰਾਂ ਨੂੰ ਸਹੂਲਤ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਹਰੇਕ ਯਤਨ ਸੂਬੇ ਵਿਚ ਉਦਯੋਗਿਕ ਵਿਕਾਸ ਲਈ ਹੋਵੇਗਾ।
ਉਦਯੋਗ ਲਈ ਵਿਸ਼ੇਸ਼ ਤੌਰ ਉਤੇ ਸਥਾਪਤ ਹੋਣਗੇ ਸਬ-ਸਟੇਸ਼ਨ
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਐਮ.ਐਸ.ਐਮ.ਈ. ਸੈਕਟਰ ਵਿੱਚ ਪੰਜਾਬ ਨੇ ਦੇਸ਼ ਭਰ ਵਿੱਚੋਂ ਬਾਜ਼ੀ ਮਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 2.75 ਲੱਖ ਐਮ.ਐਸ.ਐਮ.ਈ. ਯੂਨਿਟਾਂ ਦੀ ਰਜਿਸਟ੍ਰੇਸ਼ਨ ਹੋਈ ਹੈ ਜੋ ਮੁਲਕ ਵਿੱਚ ਹੁਣ ਤੱਕ ਸਭ ਤੋਂ ਵੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਮ.ਐਸ.ਐਮ.ਈ. ਦੀ ਸੂਬੇ ਅਤੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡੀ ਭੂਮਿਕਾ ਹੈ।
ਵਿਰੋਧੀ ਧਿਰਾਂ ਉਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਹੁੰਦੇ ਹੋਏ ਲੋਕਾਂ ਵਿੱਚ ਜਾਣ ਦੀ ਬਜਾਏ ਮਹਿਲਾਂ ਵਿੱਚ ਰਹਿਣ ਵਾਲੇ ਸਿਆਸਤਦਾਨਾਂ ਨੂੰ ਇਨ੍ਹਾਂ ਲੋਕਾਂ ਨੇ ਹੀ ਸੂਬੇ ਦੇ ਸਿਆਸੀ ਨਕਸ਼ੇ ਤੋਂ ਮਿਟਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹੁਣ ਨਵੇਂ ਯੁੱਗ ਦਾ ਆਰੰਭ ਹੋਇਆ ਹੈ ਅਤੇ ਜਿਹੜੇ ਲੋਕ ਆਪਣੇ ਆਪ ਨੂੰ ਅਜੇਤੂ ਸਮਝਦੇ ਸਨ, ਉਨ੍ਹਾਂ ਲੋਕਾਂ ਨੂੰ ਪੰਜਾਬ ਵਾਸੀਆਂ ਨੇ ਸੱਤਾ ਦੇ ਗਲਿਆਰਿਆਂ ਤੋਂ ਉਖਾੜ ਕੇ ਘਰ ਬਿਠਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਬਦਲਾਅ ਦੇਖਿਆ ਜਾਣ ਲੱਗਾ ਹੈ ਕਿਉਂਕਿ ਪਹਿਲੀ ਵਾਰ ਸ਼ਾਸਨ ਵਿੱਚ ਲੋਕ ਪੱਖੀ ਫੈਸਲਿਆਂ ਨੂੰ ਤਰਜੀਹ ਮਿਲਣ ਲੱਗੀ ਹੈ।